ਕਰਨਾਲ ’ਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਵਿਰੋਧ ਕਰਨ ਵਾਲੇ ਕਿਸਾਨਾਂ ’ਤੇ ਭਾਰੀ ਲਾਠੀਚਾਰਜ, 10 ਜ਼ਖ਼ਮੀ
ਕਰਨਾਲ ’ਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਵਿਰੋਧ ਕਰਨ ਵਾਲੇ ਕਿਸਾਨਾਂ ’ਤੇ ਭਾਰੀ ਲਾਠੀਚਾਰਜ, 10 ਜ਼ਖ਼ਮੀ
ਕਰਨਾਲ (ਕਾਫ਼ਲਾ ਬਿਓਰੋ)- ਕਰਨਾਲ ਵਿੱਚ ਭਾਜਪਾ ਦੀ ਸੂਬਾ ਪੱਧਰੀ ਮੀਟਿੰਗ ਦਾ ਵਿਰੋਧ ਕਰਨ ਜਾ ਰਹੇ ਕਿਸਾਨਾਂ ’ਤੇ ਪੁਲੀਸ ਨੇ ਅੱਜ ਲਾਠੀਚਾਰਜ ਕੀਤਾ ਅਤੇ ਉਨ੍ਹਾਂ ਨੂੰ ਖੇਤਾਂ ਵਿੱਚ ਖਦੇੜ ਦਿੱਤਾ। ਲਾਠੀਚਾਰਜ ਵਿੱਚ ਕਈ ਕਿਸਾਨ ਜ਼ਖ਼ਮੀ ਹੋ ਗਏ। ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਮੁੜ ਬਸਤਾੜਾ ਟੌਲ ਪਲਾਜ਼ਾ ਜਾਮ ਕਰ ਦਿੱਤਾ। ਜੀਟੀ ਰੋਡ 'ਤੇ ਪਹੁੰਚੇ ਹਜ਼ਾਰਾਂ ਕਿਸਾਨਾਂ ਨੂੰ ਕਾਬੂ ਕਰਨ ਲਈ ਭਾਰੀ ਪੁਲੀਸ ਬਲ ਮੌਜੂਦ ਹੈ ਪਰ ਕਿਸਾਨ ਖਾਸੇ ਨਾਰਾਜ਼ ਹਨ। ਲਾਠੀਚਾਰਜ ਤੋਂ ਬਾਅਦ ਹੋਈ ਪੱਥਰਬਾਜ਼ੀ ਕਾਰਨ ਜੀਟੀ ਰੋਡ ਵਿੱਚ ਫਸੇ ਕਈ ਵਾਹਨਾਂ ਨੂੰ ਨੁਕਸਾਨ ਪੁੱਜਿਆ। ਮੁੱਖ ਮੰਤਰੀ ਮਨੋਹਰ ਲਾਲ ਦੇ ਨਾਲ ਰਾਜ ਦੇ ਸਾਰੇ ਸੰਸਦ ਮੈਂਬਰ, ਵਿਧਾਇਕ ਅਤੇ ਪਾਰਟੀ ਦੇ ਹੋਰ ਨੇਤਾ ਅੱਜ ਕਰਨਾਲ ਪਹੁੰਚੇ ਹਨ ਤਾਂ ਜੋ ਪੰਚਾਇਤੀ ਚੋਣਾਂ ਦੀ ਰਣਨੀਤੀ ਤਿਆਰ ਕੀਤੀ ਜਾ ਸਕੇ। ਕਿਸਾਨਾਂ ਨੇ ਬੀਤੀ ਰਾਤ ਹੀ ਇਸ ਮੀਟਿੰਗ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਸੀ। ਕਿਸਾਨਾਂ ਨੂੰ ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਵਿਖੇ ਇਕੱਠੇ ਹੋਣਾ ਸੀ ਪਰ ਪੁਲੀਸ ਨੇ ਘਟਨਾ ਵਾਲੀ ਥਾਂ 'ਤੇ ਰੇਲਵੇ ਰੋਡ ਨੂੰ ਜਾਣ ਵਾਲੇ ਸਾਰੇ ਰਸਤਿਆਂ ਨੂੰ ਸੀਲ ਕਰ ਦਿੱਤਾ। ਇਸ ਕਾਰਨ ਸ਼ਹਿਰ ਦੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਜਦੋਂ ਆਲੇ ਦੁਆਲੇ ਦੇ ਪਿੰਡਾਂ ਤੋਂ ਸ਼ਹਿਰ ਆਏ ਪਿੰਡ ਵਾਸੀਆਂ ਨੂੰ ਸ਼ਹਿਰ ਵਿੱਚ ਦਾਖਲਾ ਨਾ ਮਿਲਿਆ ਤਾਂ ਉਨ੍ਹਾਂ ਨੇ ਸਥਾਨਕ ਲੋਕਾਂ ਦੇ ਨਾਲ ਸ਼ਹਿਰ ਵਿੱਚ ਸਰਕਾਰ ਵਿਰੋਧੀ ਪ੍ਰਦਰਸ਼ਨ ਵੀ ਕੀਤੇ। ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਪੂਰੇ ਹਰਿਆਣਾ ਵਿੱਚ ਜਾਮ ਦਾ ਸੱਦਾ ਦਿੱਤਾ ਹੈ।
ਸਿਰਸਾ:ਕਰਨਾਲ ਵਿਖੇ ਪੁਲੀਸ ਵੱਲੋਂ ਕਿਸਾਨਾਂ ’ਤੇ ਕੀਤੇ ਗਏ ਲਾਠੀਚਾਰਜ ਦੇ ਵਿਰੋਧ ਵਿੱਚ ਕਿਸਾਨਾਂ ਨੇ ਟੌਲ ਪਲਾਜ਼ਿਆਂ ਤੋਂ ਇਲਾਵਾ ਕਈ ਥਾਵਾਂ ’ਤੇ ਰੋਡ ਜਾਮ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਕਿਸਾਨਾਂ ਵੱਲੋਂ ਅਚਨਚੇਤ ਕੀਤੇ ਗਏ ਰੋਡ ਜਾਮ ਕਰਨ ਕਈ ਥਾਵਾਂ ’ਤੇ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਕਿਸਾਨਾਂ ਨੇ ਮਰੀਜ਼ਾਂ ਤੇ ਹੋਰ ਜ਼ਰੂਰੀ ਕੰਮ ਧੰਦਿਆਂ ਵਾਲੇ ਲੋਕਾਂ ਨੂੰ ਜਾਮ ਤੋਂ ਮੁਕਤ ਰੱਖਿਆ।
ਬਾਬਾ ਭੂਮਣ ਸ਼ਾਹ ਚੌਕ ’ਤੇ ਸਿਰਸਾ-ਬਰਨਾਲਾ ਰੋਡ ’ਤੇ ਜਾਮ ਲਾ ਕੇ ਹਰਿਆਣਾ ਕਿਸਾਨ ਮੰਚ ਦੇ ਸੂਬਾਈ ਪ੍ਰਧਾਨ ਪ੍ਰਹਿਲਾਦ ਸਿੰਘ ਭਾਰੂਖੇੜਾ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ’ਤੇ ਹਰਿਆਣਾ ਵਿੱਚ ਭਾਜਪਾ ਤੇ ਜਜਪਾ ਨੇਤਾਵਾਂ ਦਾ ਵਿਰੋਧ ਕਰਨ ਦਾ ਫੈਸਲਾ ਕੀਤਾ ਹੋਇਆ ਹੈ ਪਰ ਭਾਜਪਾ ਦੇ ਜਜਪਾ ਨੇਤਾ ਜਾਣਬੁਝ ਕੇ ਇਸ ਤਰ੍ਹਾਂ ਦਾ ਦੇ ਪ੍ਰੋਗਰਾਮ ਕਰਕੇ ਕਿਸਾਨਾਂ ਨੂੰ ਉਕਸਾਉਣ ਦੀ ਕੋਝੀ ਕੋਸ਼ਿਸ਼ ਕਰ ਰਹੇ ਹਨ।ਸੀਪੀਆਈ ਦੇ ਸੂਬਾ ਸਕੱਤਰ ਦਰਿਆਓ ਸਿੰਘ ਨੇ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਖੱਟਰ ਸਰਕਾਰ ਕਿਸਾਨਾਂ ਉੱਤੇ ਜੁਲਮ ਢਾਹ ਰਹੀ ਹੈ। ਕਿਸਾਨ ਆਗੂ ਸਵਰਨ ਸਿੰਘ ਵਿਰਕ ਨੇਕਿਹਾ ਕਿ ਹਰਿਆਣਾ ਸਰਕਾਰ ਦੀਆਂ ਅਜਿਹੀਆਂ ਕਾਰਵਾਈਆਂ ਕਿਸਾਨਾਂ ਨੂੰ ਉਕਸਾਉਣ ਲਈ ਕੀਤੀਆਂ ਜਾ ਰਹੀਆਂ ਹਨ। ਭਾਵਦੀਨ ਟੌਲ ਪਲਾਜ਼ੇ ’ਤੇ ਜਾਮ ਲਾਉਣ ਲਈ ਕਿਸਾਨ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਕਿਸਾਨਾਂ ਵੱਲੋਂ ਪਿੰਡਾਂ ਵਿੱਚ ਮੁਨਿਆਦੀ ਕਰਵਾ ਦਿੱਤੀ ਗਈ ਹੈ।
ਪੰਚਕੂਲਾ- ਕਿਸਾਨਾਂ ਨੇ ਜ਼ੀਰਕਪੁਰ-ਕਾਲਕਾ ਟੌਲ ਪਲਾਜ਼ਾ ਸੂਰਜਪੁਰ ਉੱਤੇ ਟ੍ਰੈਫਿਕ ਜਾਮ ਕਰ ਦਿੱਤਾ। ਕਰਨਾਲ ਦੇ ਕਿਸਾਨਾਂ ਉੱਤੇ ਲਾਠੀਚਾਰਜ ਦੀ ਖ਼ਬਰ ਸੁਣਦੇ ਸਾਰ ਇਹ ਕਿਸਾਨ ਪੰਚਕੂਲਾ ਦੇ ਚੰਡੀਮੰਦਰ ਟੌਲ ਪਲਾਜ਼ਾ (ਸੂਰਜਪੁਰ) ਵਿਖੇ ਇਕੱਠੇ ਹੋ ਗਏ ਅਤੇ ਸੂਬਾ ਸਰਕਾਰ ਖਿਲਾਫ਼ ਨਾਰੇਬਾਜ਼ੀ ਸ਼ੁਰੂ ਕਰ ਦਿੱਤੀ। ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਮਹਿਲਾਵਾਂ ਸ਼ਾਮਲ ਹਨ। ਕਿਸਾਨ ਨੇਤਾ ਕਰਮ ਸਿੰਘ ਨੇ ਦੱਸਿਆ ਕਿ ਰਾਜ ਸਰਕਾਰ ਨੇ ਕਿਸਾਨਾਂ ਉੱਤੇ ਵਧੀਕੀ ਕੀਤੀ ਹੈ। ਕਿਸਾਨਾਂ ਦੇ ਪ੍ਰਦਰਸ਼ਨ ਕਾਰਨ ਹਜ਼ਾਰਾਂ ਵਾਹਨ ਜਾਮ ਵਿੱਚ ਫਸ ਗਏ।