ਦਿੱਲੀ ਕਮੇਟੀ ਦੇ ਨਵੇਂ ਚੁਣੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਦਿੱਲੀ ਕਮੇਟੀ ਦੇ ਨਵੇਂ ਚੁਣੇ ਮੈਂਬਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
ਅੰਮ੍ਰਿਤਸਰ (ਕਾਫ਼ਲਾ ਬਿਓਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਮੈਂਬਰਾਂ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ। ਮਨਜਿੰਦਰ ਸਿੰਘ ਸਿਰਸਾ ਤੇ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਪੁੱਜੇ ਦਿੱਲੀ ਕਮੇਟੀ ਦੇ ਮੈਂਬਰਾਂ ਨੂੰ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਿਰੋਪੇ ਭੇਟ ਕੀਤੇ ਅਤੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਪੁੱਜਣ ’ਤੇ ਜਥੇਦਾਰ ਹਰਪ੍ਰੀਤ ਸਿੰਘ ਨੇ ਦਿੱਲੀ ਕਮੇਟੀ ਦੇ ਨਵੇਂ ਮੈਂਬਰਾਂ ਦਾ ਸਨਮਾਨ ਕੀਤਾ। ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ, ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਅਤੇ ਹੋਰ ਅਹੁਦੇਦਾਰਾਂ ਨੇ ਵੀ ਦਿੱਲੀ ਕਮੇਟੀ ਦੇ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਸਨਮਾਨਿਤ ਕੀਤਾ।
ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਗੁਰੂ ਸਾਹਿਬ ਦੀ ਬਖਸ਼ਿਸ਼ ਸਦਕਾ ਦਿੱਲੀ ਕਮੇਟੀ ਦੀਆਂ ਚੋਣਾਂ ਵਿੱਚ ਜਿੱਤ ਪ੍ਰਾਪਤ ਹੋਈ ਹੈ ਅਤੇ ਉਹ ਸੰਗਤ ਦੀ ਸੇਵਾ ਲਈ ਦਿਨ-ਰਾਤ ਇੱਕ ਕਰ ਦੇਣਗੇ। ਸ੍ਰੀ ਸਿਰਸਾ ਨੇ ਸਿੱਖੀ ਦੇ ਪ੍ਰਚਾਰ ਦੇ ਨਾਲ-ਨਾਲ ਮਨੁੱਖੀ ਭਲਾਈ ਦੇ ਕਾਰਜ ਜਾਰੀ ਰੱਖਣ ਦੀ ਵਚਨਬੱਧਤਾ ਵੀ ਦੁਹਰਾਈ। ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਦਿੱਲੀ ਕਮੇਟੀ ਦੀਆਂ ਰਵਾਇਤਾਂ ਤੇ ਪ੍ਰੰਪਰਾਵਾਂ ’ਤੇ ਪਹਿਰਾ ਦਿੰਦਿਆਂ ਪੰਥ ਦੀ ਚੜ੍ਹਦੀ ਕਲਾ ਲਈ ਤਤਪਰ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਵਰ੍ਹਾ ਦਿੱਲੀ ਗੁਰਦੁਆਰਾ ਕਮੇਟੀ ਦੇ ਐਕਟ ਦੀ ਕਾਇਮੀ ਦਾ 50ਵਾਂ ਵਰ੍ਹਾ ਹੈ ਅਤੇ ਇਸ ਦੌਰਾਨ ਸਿੱਖੀ ਦੇ ਪ੍ਰਚਾਰ ਲਈ ਯਤਨ ਹੋਰ ਤੇਜ਼ ਕੀਤੇ ਜਾਣਗੇ।
ਦਿੱਲੀ ਕਮੇਟੀ ਦੀ ਜਿੱਤ ਸਿੱਖ ਪੰਥ ਦੀ ਜਿੱਤ: ਬੀਬੀ ਜਗੀਰ ਕੌਰ
ਇਸ ਮੌਕੇ ਮੀਡੀਆ ਨਾਲ ਗੱਲਬਾਤ ਦੌਰਾਨ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਮੈਂਬਰਾਂ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਹੋਈ ਜਿੱਤ ਸਿੱਖ ਪੰਥ ਦੀ ਜਿੱਤ ਹੈ। ਉਨ੍ਹਾਂ ਮਨਜਿੰਦਰ ਸਿੰਘ ਸਿਰਸਾ, ਹਰਮੀਤ ਸਿੰਘ ਕਾਲਕਾ ਤੇ ਉਨ੍ਹਾਂ ਨਾਲ ਆਏ ਮੈਂਬਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਵੱਲੋਂ ਬੀਤੇ ਸਮੇਂ ਵਿੱਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਤੇ ਭਵਿੱਖ ਵਿੱਚ ਵੀ ਸਿੱਖੀ ਦੇ ਪ੍ਰਚਾਰ ਅਤੇ ਮਨੁੱਖਤਾ ਦੀ ਸੇਵਾ ਲਈ ਤੱਤਪਰ ਰਹਿਣ ਦੀ ਆਸ ਪ੍ਰਗਟਾਈ।
ਅਕਾਲੀ ਦਲ ਨੇ ਦਿੱਲੀ ਕਮੇਟੀ ਚੋਣਾਂ ਕੇਂਦਰੀ ਹਕੂਮਤ ਦੇ ਸਿਆਸੀ ਪ੍ਰਭਾਵ ਨਾਲ ਜਿੱਤੀਆਂ: ਇਮਾਨ ਸਿੰਘ
ਅੰਮ੍ਰਿਤਸਰ-ਅਕਾਲੀ ਦਲ (ਅੰਮ੍ਰਿਤਸਰ) ਯੂਥ ਦੇ ਸਰਪ੍ਰਸਤ ਇਮਾਨ ਸਿੰਘ ਮਾਨ ਨੇ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਦੀਆਂ ਚੋਣਾਂ ’ਚ ਹੋਈ ਜਿੱਤ ਨੂੰ ਸਿੱਖ ਕੌਮ ਦਾ ਫ਼ਤਵਾ ਕਰਾਰ ਦਿੱਤੇ ਜਾਣ ਸਬੰਧੀ ਬਿਆਨ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਖ਼ੁਦ ’ਤੇ ਅਤੇ ਸਿੱਖ ਕੌਮ ’ਤੇ ਦ੍ਰਿੜ੍ਹ ਭਰੋਸਾ ਹੈ ਤਾਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾ ਕੇ ਸਿੱਖ ਕੌਮ ਤੋਂ ਫ਼ਤਵਾ ਲੈਣ। ਉਨ੍ਹਾਂ ਕਿਹਾ ਕਿ ਜੇਕਰ ਇਹ ਫ਼ਤਵਾ ਹਾਸਲ ਕਰ ਲੈਂਦੇ ਹਨ ਤਾਂ ਫਿਰ ਉਨ੍ਹਾਂ ਨੂੰ ਸਿੱਖ ਕੌਮ ਬਾਰੇ ਕੋਈ ਫੈਸਲਾ ਲੈਣ ਦਾ ਅਧਿਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਮੋਦੀ ਹਕੂਮਤ ਨਾਲ ਆਪਣੇ ਅੰਦਰੂਨੀ ਡੂੰਘੇ ਸਬੰਧ ਸਦਕਾ ਕੇਂਦਰ ਦੇ ਸਿਆਸੀ ਪ੍ਰਭਾਵ ਦੀ ਵਰਤੋਂ ਕਰ ਕੇ ਬਹੁਤ ਮੁਸ਼ਕਿਲ ਨਾਲ ਬਹੁਸੰਮਤੀ ਸੀਟਾਂ ਜਿੱਤਣ ਵਿੱਚ ਸਫਲ ਹੋਇਆ ਹੈ।