ਪਾਕਿ 'ਚ ਭਾਰੀ ਉਤਸ਼ਾਹ ਨਾਲ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
ਪਾਕਿ 'ਚ ਭਾਰੀ ਉਤਸ਼ਾਹ ਨਾਲ ਮਨਾਇਆ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
ਨਗਰ ਕੀਰਤਨ ਮੌਕੇ ਗੁਰਦੁਆਰਾ ਜਨਮ ਅਸਥਾਨ ਵਿਖੇ ਸੰਗਤਾਂ ਦਾ ਸੈਲਾਬ
ਅੰਮਿ੍ਤਸਰ (ਕਾਫ਼ਲਾ ਬਿਓਰੋ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਕ ਅੱਜ ਪਾਕਿਸਤਾਨ ਸਿੱਖ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਅਤੇ ਹਸਨ ਅਬਦਾਲ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸ਼ਬਦ-ਗੁਰੂ ਸ੍ਰੀ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਭਾਰੀ ਉਤਸ਼ਾਹ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਸਮੂਹਿਕ ਤੌਰ 'ਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉੱਧਰ ਸ੍ਰੀ ਨਨਕਾਣਾ ਸਾਹਿਬ ਤੋਂ ਪੰਜਾਬੀ ਸਿੱਖ ਸੰਗਤ ਦੇ ਚੇਅਰਮੈਨ ਗੋਪਾਲ ਸਿੰਘ ਚਾਵਲਾ ਨੇ 'ਅਜੀਤ' ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਸਮਰਪਿਤ 30 ਅਗਸਤ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਅਰੰਭ ਕਰਾਏ ਜਾਣ ਉਪਰੰਤ ਅੱਜ ਭੋਗ ਪਾਏ ਗਏ | ਇਸ ਦੌਰਾਨ ਤਿੰਨੋਂ ਦਿਨ ਸ੍ਰੀ ਨਨਕਾਣਾ ਸਾਹਿਬ ਵਿਚਲੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁ: ਬਾਲ ਲੀਲਾ, ਗੁ: ਪੱਟੀ ਸਾਹਿਬ, ਗੁ: ਮਾਲ ਜੀ ਸਾਹਿਬ, ਗੁ: ਪੰਜਵੀਂ, ਛੇਵੀਂ ਪਾਤਸ਼ਾਹੀ ਤੇ ਗੁਰਦੁਆਰਾ ਕਿਆਰਾ ਸਾਹਿਬ 'ਚ ਲਗਾਤਾਰ ਧਾਰਮਿਕ ਸਮਾਗਮ ਜਾਰੀ ਰਹੇ | ਇਸ ਮੌਕੇ ਸ੍ਰੀ ਨਨਕਾਣਾ ਸਾਹਿਬ ਵਿਖੇ ਸਵੇਰੇ ਆਸਾ ਦੀ ਵਾਰ ਦੇ ਭੋਗ ਤੇ ਅਰਦਾਸ ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਤੇ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜੋ ਗੁਰਦੁਆਰਾ ਸ੍ਰੀ ਪੱਟੀ ਸਾਹਿਬ ਤੋਂ ਆਰੰਭ ਹੋ ਕੇ ਗੁਰਦੁਆਰਾ ਸ੍ਰੀ ਬਾਲ ਲੀਲ੍ਹਾ ਤੋਂ ਹੁੰਦਿਆਂ ਹੋਇਆ ਗੁਰਦੁਆਰਾ ਸ੍ਰੀ ਜਨਮ ਅਸਥਾਨ ਨਨਕਾਣਾ ਸਾਹਿਬ ਵਿਖੇ ਸੰਪੰਨ ਹੋਇਆ | ਸਮਾਗਮ 'ਚ ਪਾਰਲੀਮਾਨੀ ਸਕੱਤਰ ਐਮ.ਪੀ.ਏ. ਮਹਿੰਦਰਪਾਲ ਸਿੰਘ, ਪੀ.ਐਸ.ਜੀ.ਪੀ.ਸੀ. ਮੈਂਬਰ ਰਵਿੰਦਰ ਸਿੰਘ, ਪਾਕਿਸਤਾਨੀ ਕਿ੍ਕਟਰ ਮਹਿੰਦਰਪਾਲ ਸਿੰਘ, ਗ੍ਰੰਥੀ ਭਾਈ ਪ੍ਰੇਮ ਸਿੰਘ, ਮਾ. ਬਲਵੰਤ ਸਿੰਘ, ਗਿਆਨੀ ਦਿਆ ਸਿੰਘ, ਸੰਤ ਸਿੰਘ ਆਦਿ ਹਾਜ਼ਰ ਸਨ |