ਮੋਗਾ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਨੇ ਰੋਸ ਭਖਾਇਆ
ਮੋਗਾ ਵਿੱਚ ਕਿਸਾਨਾਂ ’ਤੇ ਲਾਠੀਚਾਰਜ ਨੇ ਰੋਸ ਭਖਾਇਆ
ਚੰਡੀਗੜ੍ਹ (ਕਾਫ਼ਲਾ ਬਿਓਰੋ) - ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋ. ਏਕੇ ਮਲੇਰੀ, ਜਨਰਲ ਸਕੱਤਰ ਪ੍ਰੋ. ਜਗਮੋਹਨ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕਿਸਾਨਾਂ ’ਤੇ ਲਾਠੀਚਾਰਜ ਦੀ ਨਿਖੇਧੀ ਕਰਦਿਆਂ ਕਿਹਾ ਕਿ ਨਾਗਰਿਕਾਂ ਨੂੰ ਸ਼ਾਂਤਮਈ ਤਰੀਕੇ ਨਾਲ ਇਕੱਠੇ ਹੋ ਕੇ ਹਾਕਮ ਜਮਾਤੀ ਪਾਰਟੀਆਂ ਨੂੰ ਉਨ੍ਹਾਂ ਦੀਆਂ ਪਿਛਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਬਾਰੇ ਜਵਾਬਦੇਹ ਬਣਾਉਣ ਅਤੇ ਉਨ੍ਹਾਂ ਦੀਆਂ ਨੀਤੀਆਂ ਬਾਰੇ ਸਵਾਲ ਕਰਨ ਦਾ ਸੰਵਿਧਾਨਕ ਹੱਕ ਹੈ। ਆਗੂਆਂ ਨੇ ਕਿਹਾ ਕਿ ਮੋਗੇ ਵਿੱਚ ਕਿਸਾਨਾਂ ਦੇ ਰੋਸ ਵਿਖਾਵੇ ਤੋਂ ਬੁਖਲਾਏ ਅਕਾਲੀਆਂ ਵੱਲੋਂ ਕਿਸਾਨਾਂ ’ਤੇ ਹਮਲਾ ਅਤੇ ਪੁਲੀਸ ਵੱਲੋਂ ਹਮਲਾਵਰਾਂ ਵਿਰੁੱਧ ਕਾਰਵਾਈ ਕਰਨ ਦੀ ਬਜਾਏ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਲਈ ਇਕੱਠੇ ਹੋਏ ਕਿਸਾਨਾਂ ’ਤੇ ਬੇਤਹਾਸ਼ਾ ਲਾਠੀਚਾਰਜ ਨਾਗਰਿਕਾਂ ਦੇ ਜਮਹੂਰੀ ਹੱਕ ਦਾ ਘਾਣ ਹੈ। ਉਨ੍ਹਾਂ ਪੁਲੀਸ ਕਰਮਚਾਰੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ।
ਬਠਿੰਡਾ: ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਮੋਗਾ ’ਚ ਪੁਲੀਸ ਵੱਲੋਂ ਕਿਸਾਨਾਂ ’ਤੇ ਤਸ਼ੱਦਦ ਦੀ ਨਿਖੇਧੀ ਕੀਤੀ ਹੈ। ਯੂਨੀਅਨ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਅਤੇ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਸਾਂਝਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਕਰਨਾਲ ਕਾਂਡ ਦੇ ਮੋਗਾ ’ਚ ਦੁਹਰਾਓ ਨੇ ਸਰਮਾਏਦਾਰਾਂ ਤੇ ਸਿਆਸਤਦਾਨਾਂ ਦੀ ਆਪਸੀ ਸਾਂਝ ਨੂੰ ਇੱਕ ਵਾਰ ਫਿਰ ਸਾਬਿਤ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਗਾ ’ਚ ਸ਼ਾਂਤੀਪੂਰਵਕ ਰੋਸ ਪ੍ਰਗਟਾ ਰਹੇ ਕਿਸਾਨਾਂ ’ਤੇ ਪੁਲੀਸ ਨੇ ਵਹਿਸ਼ੀ ਜ਼ੁਲਮ ਢਾਹਿਆ। ਆਗੂਆਂ ਨੇ ਸ਼੍ਰੋਮਣੀ ਅਕਾਲੀ ਦਲ ’ਤੇ ਸਵਾਲ ਉਠਾਉਂਦਿਆਂ ਕਿਹਾ ਕਿ ਚਾਹੀਦਾ ਤਾਂ ਇਹ ਹੈ ਕਿ ਸਮੁੱਚੇ ਰਾਜਨੀਤਕ ਦਲ ਆਪਣੀਆਂ ਸਿਆਸੀ ਸਰਗਰਮੀਆਂ ਬੰਦ ਕਰ ਕੇ, ਕਿਸਾਨੀ ਘੋਲ ’ਚ ਕਿਸਾਨਾਂ ਦਾ ਸਾਥ ਦੇਣ। ਆਗੂਆਂ ਨੇ ਸਰਕਾਰ ਤੋਂ ਮੋਗਾ ਘਟਨਾ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ’ਤੇ ਕਿਸੇ ਵੀ ਤਰ੍ਹਾਂ ਦਾ ਜਬਰ-ਜ਼ੁਲਮ ਬਰਦਾਸ਼ਤ ਨਹੀਂ ਕੀਤਾ ਜਾਵੇਗਾ।