ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਿਆ ਪੰਜਾਬ ਦਾ ਇਤਿਹਾਸ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਿਹਾ-ਰਾਜਪਾਲ
ਗੁਰੂ ਸਾਹਿਬਾਨ ਅਤੇ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਿਆ ਪੰਜਾਬ ਦਾ ਇਤਿਹਾਸ ਹਮੇਸ਼ਾ ਪ੍ਰੇਰਨਾ ਦਾ ਸਰੋਤ ਰਿਹਾ-ਰਾਜਪਾਲ
400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ
ਚੰਡੀਗੜ੍ਹ (ਕਾਫ਼ਲਾ ਬਿਓਰੋ)- ਪੰਜਾਬ ਸਰਕਾਰ ਵਲੋਂ ਅੱਜ ਸੱਦਿਆ ਪੰਜਾਬ ਵਿਧਾਨ ਸਭਾ ਦਾ ਇਕ ਦਿਨਾ ਵਿਸ਼ੇਸ਼ ਇਜਲਾਸ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਪੂਰੀ ਤਰ੍ਹਾਂ ਸਮਰਪਿਤ ਹੋ ਨਿੱਬੜਿਆ | ਆਮ ਤੌਰ 'ਤੇ ਵਿਧਾਨ ਸਭਾ ਦੇ ਇਜਲਾਸਾਂ ਦੌਰਾਨ ਵਿਖਾਈ ਦੇਣ ਵਾਲੇ ਹੰਗਾਮੇ ਭਰਪੂਰ ਮਾਹੌਲ ਤੋਂ ਬਿਲਕੁਲ ਵੱਖ ਇਸ ਇਜਲਾਸ ਦੌਰਾਨ ਪੂਰਾ ਸਦਨ ਗੁਰੂ ਸਾਹਿਬਾਨ ਪ੍ਰਤੀ ਸ਼ਰਧਾ ਭਾਵ ਨਾਲ ਰੰਗਿਆ ਦੇਖਿਆ ਗਿਆ | ਸੱਤਾਧਾਰੀ ਅਤੇ ਵਿਰੋਧੀ ਧਿਰਾਂ ਦੀਆਂ ਸੀਟਾਂ 'ਤੇ ਮੈਂਬਰਾਂ ਦੀ ਹਾਜ਼ਰੀ ਵੀ ਲਗਭਗ ਪੂਰੀ ਰਹੀ ਅਤੇ ਸਾਰੇ ਮੈਂਬਰ ਸਪੀਕਰ ਅਤੇ ਵਿਸ਼ੇਸ਼ ਮਹਿਮਾਨਾਂ ਵਲੋਂ ਗੁਰੂ ਸਾਹਿਬਾਨ ਸਬੰਧੀ ਪੇਸ਼ ਕੀਤੇ ਵਿਚਾਰਾਂ ਨੂੰ ਧਿਆਨ ਪੂਰਵਕ ਸੁਣਦੇ ਦਿਖਾਈ ਦਿੱਤੇ | ਹਾਲਾਂਕਿ ਵਿਰੋਧੀ ਧਿਰਾਂ ਨੇ ਸਦਨ ਦੇ ਬਾਹਰ ਰਾਜ ਸਰਕਾਰ ਖ਼ਿਲਾਫ਼ ਵੱਖਰੇ ਮੁੱਦਿਆਂ ਅਤੇ ਵਿਸ਼ੇਸ਼ ਇਜਲਾਸ ਦਾ ਸਮਾਂ ਵਧਾਏ ਜਾਣ ਦੀ ਮੰਗ ਕਰਦੇ ਹੋਏ ਵਿਰੋਧ ਪ੍ਰਦਰਸ਼ਨ ਵੀ ਕੀਤੇ ਪਰ ਇਹੀ ਮੈਂਬਰ ਸਦਨ 'ਚ ਪੂਰੀ ਖ਼ਾਮੋਸ਼ੀ ਨਾਲ ਬਿਨਾਂ ਕੋਈ ਟੀਕਾ-ਟਿੱਪਣੀ ਕੀਤੇ ਬੈਠੇ ਦਿਖਾਈ ਦਿੱਤੇ | ਸਵੇਰੇ ਵਿਸ਼ੇਸ਼ ਇਜਲਾਸ ਦੀ ਸ਼ੁਰੂਆਤ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਦੇਣ ਦੇ ਨਾਲ ਹੀ 11 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ | ਸਦਨ ਦੀ ਕਾਰਵਾਈ ਦੁਬਾਰਾ ਸ਼ੁਰੂ ਹੋਣ 'ਤੇ ਵਿਸ਼ੇਸ਼ ਤੌਰ 'ਤੇ ਮੌਜੂਦ ਰਾਜਪਾਲ ਬਨਵਾਰੀ ਲਾਲ ਪੁਰੋਹਿਤ, ਸਾਬਕਾ ਚੀਫ਼ ਜਸਟਿਸ ਜੇ.ਐਸ. ਖੇਹਰ ਦੇ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਪੀਕਰ ਰਾਣਾ ਕੇ.ਪੀ ਸਿੰਘ ਅਤੇ ਨੇਤਾ ਵਿਰੋਧੀ ਧਿਰ ਹਰਪਾਲ ਸਿੰਘ ਚੀਮਾ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫ਼ਲਸਫ਼ੇ, ਉਨ੍ਹਾਂ ਦੀ ਸ਼ਹਾਦਤ ਅਤੇ ਉਪਦੇਸ਼ਾਂ ਉੱਤੇ ਚਾਨਣਾ ਪਾਇਆ | ਇਸ ਤੋਂ ਪਹਿਲਾਂ ਸਪੀਕਰ ਨੇ ਸਾਰੇ ਮੁੱਖ ਮਹਿਮਾਨਾਂ ਨੂੰ ਸ਼ਾਲ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਉਨ੍ਹਾਂ ਦਾ ਸਨਮਾਨ ਕੀਤਾ |