ਹਰ ਧਰਮ ਤੇ ਵਰਣ ਨੂੰ ਬਰਾਬਰ ਦਾ ਮਾਣ-ਸਨਮਾਨ ਦਿੱਤਾ ਜਾਵੇਗਾ: ਚੰਨੀ
ਹਰ ਧਰਮ ਤੇ ਵਰਣ ਨੂੰ ਬਰਾਬਰ ਦਾ ਮਾਣ-ਸਨਮਾਨ ਦਿੱਤਾ ਜਾਵੇਗਾ: ਚੰਨੀ
ਅੰਮ੍ਰਿਤਸਰ-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਇਥੇ ਆਖਿਆ ਕਿ ਸੂਬੇ ਵਿਚ ਰਾਜ ਧਰਮ ਦੇ ਅਨੁਸਾਰ ਚਲਾਇਆ ਜਾਵੇਗਾ, ਜਿਥੇ ਹਰੇਕ ਧਰਮ ਅਤੇ ਵਰਣ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਆਖਿਆ ਕਿ ਬੇਅਦਬੀ ਮਾਮਲੇ ਵਿਚ ਸਿੱਖ ਭਾਈਚਾਰੇ ਨੂੰ ਇਨਸਾਫ਼ ਦਿਵਾਇਆ ਜਾਵੇਗਾ। ਸ੍ਰੀ ਚੰਨੀ ਨੇ ਅੱਜ ਇਥੇ ਸ੍ਰੀ ਹਰਿਮੰਦਰ ਸਾਹਿਬ ’ਚ ਮੱਥਾ ਟੇਕਿਆ ਅਤੇ ਆਸ਼ੀਰਵਾਦ ਲਿਆ। ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਓ ਪੀ ਸੋਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਗੁਰੂਘਰ ਨਤਮਸਤਕ ਹੋਏ।
ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਸ੍ਰੀ ਚੰਨੀ ਨੇ ਆਖਿਆ ਕਿ ਸੂਬੇ ਵਿਚ ਲੋਕਾਂ ਵਿਚ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਇਸ ਨੂੰ ਕਾਇਮ ਰੱਖਿਆ ਜਾਵੇਗਾ। ਸੂਬਾ ਸਰਕਾਰ ਹਰ ਧਰਮ ਅਤੇ ਵਰਣਾਂ ਦੇ ਲੋਕਾਂ ਨੂੰ ਪੂਰਾ ਮਾਣ-ਸਨਮਾਨ ਦੇਵੇਗੀ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲੇ ਵਿਚ ਪੰਥ ਨੂੰ ਨਿਆਂ ਦਿਵਾਇਆ ਜਾਵੇਗਾ। ਇਸ ਮੌਕੇ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ਪਿਛਲੇ ਸਮੇਂ ਦੌਰਾਨ ਰਾਜਨੀਤੀ ਮੁੱਦਿਆਂ ਤੋਂ ਭਟਕ ਗਈ ਸੀ ਪਰ ਨਵੇਂ ਮੁੱਖ ਮੰਤਰੀ ਇਸ ਨੂੰ ਲੀਹ ’ਤੇ ਲੈ ਆਏ ਹਨ। ਉਨ੍ਹਾਂ ਕਿਹਾ,‘‘ਜੇਕਰ ਅਸੀਂ ਲੋਕ ਮਸਲਿਆਂ ਦਾ ਹੱਲ ਨਹੀਂ ਕਰ ਸਕਦੇ ਹਾਂ ਤਾਂ ਫਿਰ ਅਸੀਂ ਸੱਚੇ ਸਿੱਖ ਨਹੀਂ ਹਾਂ। ਧਰਮ ਦਾ ਮਤਲਬ ਭੁੱਖਿਆਂ ਨੂੰ ਰਜਾਉਣਾ ਅਤੇ ਉਜੜਿਆਂ ਨੂੰ ਵਸਾਉਣਾ ਹੈ। ਪੰਜਾਬ ਅਤੇ ਸਮਾਜ ਦੀ ਤਰੱਕੀ ਦੇ ਰਾਹ ਵਿਚ ਆ ਰਹੇ ਹਰ ਅੜਿੱਕੇ ਨੂੰ ਖ਼ਤਮ ਕੀਤਾ ਜਾਵੇਗਾ।’’ ਸਿੱਧੂ ਨੇ ਸ੍ਰੀ ਚੰਨੀ ਨੂੰ ਨਿਮਾਣਾ ਅਤੇ ਉੱਚੀ ਮੱਤ ਵਾਲਾ ਸਿੱਖ ਆਖਦਿਆਂ ਕਿਹਾ ਕਿ ਉਹ ਪਿਛਲੇ ਦੋ ਦਿਨਾਂ ਤੋਂ ਉਨ੍ਹਾਂ ਦੇ ਨਾਲ ਹਨ ਅਤੇ ਖੁਸ਼ੀ ਮਹਿਸੂਸ ਕਰ ਰਹੇ ਹਨ ਜਿਹੜੀ ਉਨ੍ਹਾਂ ਨੂੰ ਆਪਣੇ 17 ਸਾਲ ਦੇ ਸਿਆਸੀ ਸਫਰ ਵਿਚ ਪਹਿਲਾਂ ਕਦੇ ਮਹਿਸੂਸ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਹੁਣ ਨਿਰਭੈ ਅਤੇ ਨਿਧੜਕ ਹੋ ਕੇ ਲੋਕਾਂ ਦੀ ਸੇਵਾ ਕਰ ਸਕਦੀ ਹੈ। ‘ਹੱਕ-ਸੱਚ ਦੀ ਲੜਾਈ ਵਿਚ ਹਰ ਕਾਂਗਰਸੀ ਸ਼ਾਮਲ ਹੋਵੇਗਾ ਅਤੇ ਇਨਸਾਫ਼ ਲੋਕਾਂ ਦੀ ਅਦਾਲਤ ਵਿਚ ਹੋਵੇਗਾ।’ ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਹੋਰ ਆਗੂਆਂ ਨੇ ਤੜਕੇ ਹੀ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਵੇਲੇ ਬੀੜ ਨੂੰ ਸੁਖ ਆਸਣ ਵਾਲੇ ਸਥਾਨ ਤੋਂ ਲਿਆਉਣ ਸਮੇਂ ਪਾਲਕੀ ਨੂੰ ਮੋਢਾ ਦਿੱਤਾ। ਉਨ੍ਹਾਂ ਕੁਝ ਸਮਾਂ ਗੁਰਬਾਣੀ-ਕੀਰਤਨ ਵੀ ਸਰਵਣ ਕੀਤਾ। ਮਗਰੋਂ ਸੂਚਨਾ ਕੇਂਦਰ ਵਿਚ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ।
ਉਹ ਜਲ੍ਹਿਆਂਵਾਲਾ ਬਾਗ ’ਚ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਵਾਸਤੇ ਵੀ ਗਏ। ਉਨ੍ਹਾਂ ਦੁਰਗਿਆਣਾ ਮੰਦਰ ਅਤੇ ਰਾਮ ਤੀਰਥ ਵਿਖੇ ਵੀ ਮੱਥਾ ਟੇਕਿਆ। ਸ੍ਰੀ ਚੰਨੀ ਉਪ ਮੁੱਖ ਮੰਤਰੀ ਓ ਪੀ ਸੋਨੀ, ਸੁਖਬਿੰਦਰ ਸਿੰੰਘ ਸਰਕਾਰੀਆ, ਸੰਸਦ ਮੈਂਬਰ ਗੁਰਜੀਤ ਸਿੰੰਘ ਔਜਲਾ ਅਤੇ ਵਿਧਾਇਕ ਰਾਜ ਕੁਮਾਰ ਵੇਰਕਾ ਦੇ ਘਰ ਵੀ ਗਏ। ਮੰਗਲਵਾਰ ਦੇਰ ਰਾਤ ਇੱਥੇ ਹਵਾਈ ਅੱਡੇ ’ਤੇ ਪੁੱਜਣ ਮਗਰੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਹੋਰ ਕਾਂਗਰਸੀ ਆਗੂਆਂ ਵੱਲੋਂ ਨਵੇਂ ਬਣੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਗਿਆ ਸੀ।
ਮੁੱਖ ਮੰਤਰੀ ਵੱਲੋਂ ਸ਼ਹੀਦਾਂ ਦੇ ਪੂਰਨਿਆਂ ਉਤੇ ਚੱਲਣ ਦਾ ਸੱਦਾ
ਬੰਗਾ-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮਹਾਨ ਸ਼ਹੀਦਾਂ ਦੀਆਂ ਲਾਮਿਸਾਲ ਕੁਰਬਾਨੀਆਂ ਨੂੰ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਦੱਸਦਿਆਂ ਉਨ੍ਹਾਂ ਦੇ ਨਕਸ਼ੇ ਕਦਮਾਂ ਉਤੇ ਚੱਲਣ ਦਾ ਸੱਦਾ ਦਿੱਤਾ ਹੈ। ਮੁੱਖ ਮੰਤਰੀ ਚੰਨੀ ਇਥੇ ਖਟਕੜ ਕਲਾਂ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਤੇ ਉਨ੍ਹਾਂ ਦੇ ਪਿਤਾ ਕ੍ਰਿਸ਼ਨ ਸਿੰਘ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਮਗਰੋਂ ਬੋਲ ਰਹੇ ਸਨ। ਇਸ ਮੌਕੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੀ ਉਨ੍ਹਾਂ ਦੇ ਨਾਲ ਮੌਜੂਦ ਸਨ। ਸ੍ਰੀ ਚੰਨੀ ਨੇ ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਭਗਤ ਸਿੰਘ ਅਤੇ ਹੋਰਨਾਂ ਸ਼ਹੀਦਾਂ ਦੇ ਵਡਮੁੱਲੇ ਯੋਗਦਾਨ ਅਤੇ ਜਜ਼ਬੇ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਫ਼ਖ਼ਰ ਹੈ ਕਿ ਆਜ਼ਾਦੀ ਸੰਘਰਸ਼ ਵਿਚ ਪੰਜਾਬੀ ਯੋਧਿਆਂ ਨੇ ਅਹਿਮ ਭੂਮਿਕਾ ਨਿਭਾਈ ਅਤੇ ਆਪਣੇ ਦੇਸ਼ ਦੀ ਮਿੱਟੀ ਦਾ ਕਰਜ਼ ਅਦਾ ਕੀਤਾ। ਇਸ ਮੌਕੇ ਸਾਬਕਾ ਵਿਧਾਇਕ ਚੌਧਰੀ ਮੋਹਣ ਲਾਲ ਬਹਿਰਾਮ, ਹਲਕਾ ਇੰਚਾਰਜ ਸਤਵੀਰ ਸਿੰਘ ਪੱਲੀ ਝਿੱਕੀ ਆਦਿ ਵੀ ਮੌਜੂਦ ਸਨ।