ਸਿੱਖ ਮਸਲਿਆਂ ਨੂੰ ਨਜ਼ਰਅੰਦਾਜ਼ ਕਰ ਰਿਹੈ ਕੇਂਦਰ: ਸ਼੍ਰੋਮਣੀ ਕਮੇਟੀ
ਸਿੱਖ ਮਸਲਿਆਂ ਨੂੰ ਨਜ਼ਰਅੰਦਾਜ਼ ਕਰ ਰਿਹੈ ਕੇਂਦਰ: ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ-ਕੇਂਦਰ ਸਰਕਾਰ ਵੱਲੋਂ ਸਿੱਖਾਂ ਦੇ ਮਸਲਿਆਂ ਨੂੰ ਅਣਦੇਖਿਆ ਕਰਨ ਦੇ ਰਵੱਈਏ ਤੋਂ ਸ਼੍ਰੋਮਣੀ ਕਮੇਟੀ ਨਾਖੁਸ਼ ਹੈ, ਜਿਸ ਕਾਰਨ ਕਮੇਟੀ ਨੇ ਹੁਣ ਇਸ ਮਾਮਲੇ ਸਬੰਧੀ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ। ਇਹ ਖੁਲਾਸਾ ਅੱਜ ਇੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੀਤਾ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਸਰਕਾਰ ਨੂੰ ਵੱਖ ਵੱਖ ਸਿੱਖ ਮਸਲਿਆਂ ਬਾਰੇ ਕਈ ਵਾਰ ਪੱਤਰ ਲਿਖੇ ਗਏ ਹਨ ਅਤੇ ਇਨ੍ਹਾਂ ਮਸਲਿਆਂ ਬਾਰੇ ਪਾਸ ਕੀਤੇ ਮਤੇ ਵੀ ਭੇਜੇ ਗਏ ਹਨ ਪਰ ਕੇਂਦਰ ਸਰਕਾਰ ਨੇ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ। ਉਨ੍ਹਾਂ ਆਖਿਆ ਕਿ ਲੋਕਲ ਪ੍ਰਬੰਧ ਵਾਲੇ 30 ਤੋਂ ਵੱਧ ਇਤਿਹਾਸਕ ਗੁਰਦੁਆਰਿਆਂ ਨੂੰ ਸ਼੍ਰੋਮਣੀ ਕਮੇਟੀ ਦੇ ਸਿੱਧੇ ਪ੍ਰਬੰਧ ਹੇਠ ਲਿਆਉਣ ਲਈ ਸਿੱਖ ਗੁਰਦੁਆਰਾ ਐਕਟ ਅਨੁਸਾਰ ਕਾਰਵਾਈ ਵਾਸਤੇ ਕਈ ਵਾਰ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਪਰ ਸਰਕਾਰ ਇਸ ’ਤੇ ਕੋਈ ਵੀ ਹੁੰਗਾਰਾ ਨਹੀਂ ਭਰ ਰਹੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਅੱਜ ਇਹ ਮਾਮਲਾ ਵਿਚਾਰਨ ਮਗਰੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਦਾ ਫ਼ੈਸਲਾ ਕੀਤਾ ਹੈ ਅਤੇ ਸਮਾਂ ਮਿਲਣ ’ਤੇ ਸ਼੍ਰੋਮਣੀ ਕਮੇਟੀ ਦਾ ਵਫ਼ਦ ਦਿੱਲੀ ਜਾਵੇਗਾ।
ਉਨ੍ਹਾਂ ਦੋਸ਼ ਲਾਇਆ ਕਿ ਭਾਰਤ ਸਰਕਾਰ ਵੱਲੋਂ ਇਸੇ ਬੇਰੁਖੀ ਵਾਲੇ ਰਵੱਈਏ ਤਹਿਤ ਹੀ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਵੀ ਸਮੇਂ ਸਿਰ ਨਹੀਂ ਕਰਵਾਈਆਂ ਜਾ ਰਹੀਆਂ। ਇਸ ਦੌਰਾਨ ਅੰਤ੍ਰਿੰਗ ਕਮੇਟੀ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਘਟਨਾ ਦੇ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ। ਉਨ੍ਹਾਂ ਦੱਸਿਆ ਕਿ ਅੱਜ ਅੰਤ੍ਰਿੰਗ ਕਮੇਟੀ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ ਸਰਕਾਰ ਨੇ ਇਕ ਹਫ਼ਤੇ ਵਿੱਚ ਢੁੱਕਵੀਂ ਕਾਰਵਾਈ ਨਾ ਕੀਤੀ ਤਾਂ ਸ਼੍ਰੋਮਣੀ ਕਮੇਟੀ ਅਗਲਾ ਪ੍ਰੋਗਰਾਮ ਐਲਾਨੇਗੀ। ਮੀਟਿੰਗ ’ਚ ਦਿੱਲੀ ਕਿਸਾਨ ਸੰਘਰਸ਼ ਦੀ ਹਮਾਇਤ ’ਤੇ ਗਏ ਸਿੱਖਾਂ ਦੇ ਕੇਸਾਂ ਅਤੇ ਸਿੱਖੀ ਸਰੂਪ ਦੀ ਬੇਅਦਬੀ ਦੇ ਮਾਮਲੇ ’ਤੇ ਵੀ ਫਿਕਰ ਜ਼ਾਹਿਰ ਕੀਤੀ ਗਈ।