ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦਾ ਦਿਨ ਕੌਮੀ ਵਿਸ਼ਵਾਸਘਾਤ ਦਿਵਸ ਵਜੋਂ ਮਨਾਇਆ
ਡੇਰਾ ਮੁਖੀ ਨੂੰ ਮੁਆਫ਼ੀ ਦੇਣ ਦਾ ਦਿਨ ਕੌਮੀ ਵਿਸ਼ਵਾਸਘਾਤ ਦਿਵਸ ਵਜੋਂ ਮਨਾਇਆ
ਅੰਮ੍ਰਿਤਸਰ-ਅੱਜ ਹਵਾਰਾ ਕਮੇਟੀ ਨੇ ਇੱਥੇ ਲਗਪਗ 6 ਸਾਲ ਪਹਿਲਾ ਡੇਰਾ ਸਿਰਸਾ ਮੁਖੀ ਨੂੰ ਅਕਾਲ ਤਖ਼ਤ ਤੋਂ ਬਿਨਾਂ ਮੰਗੇ ਮੁਆਫ਼ੀ ਦੇਣ ਦੇ ਮਾਮਲੇ ਨੂੰ ਕੌਮੀ ਵਿਸ਼ਵਾਸਘਾਤ ਦਿਵਸ ਵਜੋਂ ਮਨਾਇਆ। ਇਸ ਸਬੰਧੀ ਇੱਥੇ ਹੈਰੀਟੇਜ ਸਟਰੀਟ ਵਿੱਚ ਰੋਸ ਰੈਲੀ ਕੀਤੀ ਗਈ। ਇਕੱਠ ਨੂੰ ਹਵਾਰਾ ਕਮੇਟੀ, ਤਰਨਾ ਦਲ ਬਾਬਾ ਬਕਾਲਾ, ਮਿਸਲ ਸ਼ਹੀਦਾਂ ਬਾਜ ਸਿੰਘ ਤਰਨਾ ਦਲ, ਅਕਾਲ ਯੂਥ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ, ਸਤਿਕਾਰ ਕਮੇਟੀ ਤੇ ਸੰਤ ਸਿਪਾਹੀ ਜਥੇਬੰਦੀਆਂ ਦੇ ਪ੍ਰਤੀਨਿਧੀਆਂ ਨੇ ਸੰਬੋਧਨ ਕੀਤਾ।
ਇਸ ਮੌਕੇ ਮਤਾ ਪਾਸ ਕਰ ਕੇ ਮੰਗ ਕੀਤੀ ਗਈ ਕਿ ਮੁਆਫ਼ੀ ਦੇਣ ਵਾਲੇ ਹੁਕਮਨਾਮੇ ਨੂੰ ਠੀਕ ਦੱਸਣ ਲਈ ਸ਼੍ਰੋਮਣੀ ਕਮੇਟੀ ਨੇ ਗੁਰੂ ਦੀ ਗੋਲਕ ਵਿੱਚੋਂ 85 ਲੱਖ ਰੁਪਏ ਦੇ ਇਸ਼ਤਿਹਾਰ ਦਿੱਤੇ ਸਨ, ਗੋਲਕ ਦੀ ਇਸ ਰਕਮ ਨੂੰ ਬਾਦਲਾਂ, ਸ਼੍ਰੋਮਣੀ ਕਮੇਟੀ ਦੇ ਉਸ ਸਮੇਂ ਦੇ ਅਹੁਦੇਦਾਰਾਂ ਤੇ ਕਾਰਜਕਾਰਨੀ ਦੇ ਮੈਂਬਰਾਂ ਕੋਲੋਂ ਵਸੂਲਿਆ ਜਾਣਾ ਚਾਹੀਦਾ ਹੈ। ਇਕ ਮਤੇ ਰਾਹੀਂ ਉਸ ਵੇਲੇ ਹੁਕਮਨਾਮਾ ਜਾਰੀ ਕਰਨ ਵਾਲੇ ਤਖ਼ਤਾਂ ਦੇ ਜਥੇਦਾਰਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਬੰਦ ਕਰਨ ਤੇ ਉਨ੍ਹਾਂ ਦੇ ਸ਼੍ਰੋਮਣੀ ਕਮੇਟੀ ’ਚ ਭਰਤੀ ਰਿਸ਼ਤੇਦਾਰਾਂ ਨੂੰ ਬਾਹਰ ਕਰਨ ਦੀ ਮੰਗ ਕੀਤੀ ਗਈ। ਉਸ ਵੇਲੇ ਹੁਕਮਨਾਮਾ ਕਰਨ ਵਾਲਿਆਂ ਵਿੱਚ ਸ਼ਾਮਲ ਜਥੇਦਾਰ ਸਵਰਗੀ ਗਿਆਨੀ ਮੱਲ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਨੂੰ ਗਲ਼ਤ ਫੈਸਲਾ ਕਰਾਰ ਦਿੱਤਾ। ਇਸ ਮੌਕੇ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਵਾਲੇ ਫੈਸਲੇ ਦਾ ਵਿਰੋਧ ਕਰਨ ਵਾਲੇ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ। ਤਖ਼ਤ ਸ੍ਰੀ ਕੇਸਗੜ੍ਹ ਸਹਿਬ ਵਿਖੇ ਵਾਪਰੇ ਬੇਅਦਬੀ ਕਾਂਡ ਸਬੰਧੀ ਜਥੇਦਾਰ ਰਘਬੀਰ ਸਿੰਘ, ਹੈੱਡ ਗ੍ਰੰਥੀ, ਮੈਨੇਜਰ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਦੋ ਸ਼੍ਰੋਮਣੀ ਕਮੇਟੀ ਮੈਂਬਰਾਂ ਕੋਲੋਂ ਅਸਤੀਫੇ ਦੀ ਮੰਗ ਕੀਤੀ ਗਈ।