ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਗੱਡੀਆਂ ਹੇਠ ਦਰੜੇ ਜਾਣ ਦੀ ਘਟਨਾ ਮਗਰੋਂ ਲਖੀਮਪੁਰ ਖੀਰੀ ਵਿਚ ਹਿੰਸਾ
ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਗੱਡੀਆਂ ਹੇਠ ਦਰੜੇ ਜਾਣ ਦੀ ਘਟਨਾ ਮਗਰੋਂ ਲਖੀਮਪੁਰ ਖੀਰੀ ਵਿਚ ਹਿੰਸਾ
ਲਖੀਮਪੁਰ ਖੀਰੀ (ਉੱਤਰ ਪ੍ਰਦੇਸ਼)-ਇੱਥੇ ਤਿਕੋਨੀਆ-ਬਨਬੀਰਪੁਰ ਮਾਰਗ ਉੱਤੇ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਦੌਰੇ ਖ਼ਿਲਾਫ਼ ਅੱਜ ਪ੍ਰਦਰਸ਼ਨ ਕਰ ਰਹੇ ਕੇਂਦਰ ਦੇ ਖੇਤੀ ਕਾਨੂੰਨਾਂ ਦੇ ਵਿਰੋਧੀਆਂ ਨੂੰ ਕਥਿਤ ਤੌਰ ਉੱਤੇ ਦੋ ਐੱਸਯੂਵੀ ਵਾਹਨਾਂ ਵੱਲੋਂ ਦਰੜੇ ਜਾਣ ਤੋਂ ਬਾਅਦ ਹਿੰਸਾ ਭੜਕ ਗਈ। ਅਪੁੱਸ਼ਟ ਖ਼ਬਰਾਂ ਮੁਤਾਬਕ ਇਸ ਘਟਨਾ ਵਿਚ ਦੋ ਕਿਸਾਨਾਂ ਦੀ ਮੌਤ ਹੋਣ ਅਤੇ ਕਈ ਕਿਸਾਨਾਂ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸੇ ਦੌਰਾਨ ਕਿਸਾਨ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਘਟਨਾ ਦੇ ਵਿਰੋਧ ਵਿਚ ਭਲਕੇ ਦੇਸ਼ ਭਰ ਵਿਚ ਕਿਸਾਨਾਂ ਵੱਲੋਂ ਜ਼ਿਲ੍ਹਾ ਮੈਜਿਸਟਰੇਟ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਇਸੇ ਦੌਰਾਨ ਸਮਯੁਕਤ ਕਿਸਾਨ ਮੋਰਚਾ ਨੇ ਘਟਨਾ ਦੀ ਜਾਂਚ ਸੁਪਰੀਮ ਕੋਰਟ ਦੇ ਕਿਸੇ ਮੌਜੂਦਾ ਜੱਜ ਤੋਂ ਕਰਵਾਉਣ ਦੀ ਮੰਗ ਕੀਤੀ ਹੈ।
ਇਸ ਘਟਨਾ ਤੋਂ ਖ਼ਫ਼ਾ ਪ੍ਰਦਰਸ਼ਨਕਾਰੀਆਂ ਨੇ ਕਥਿਤ ਤੌਰ ਉੱਤੇ ਦੋ ਗੱਡੀਆਂ ਨੂੰ ਜਬਰੀ ਰੋਕ ਕੇ ਉਨ੍ਹਾਂ ਵਿਚ ਅੱਗ ਲਗਾ ਦਿੱਤਾ। ਉਨ੍ਹਾਂ ਕਥਿਤ ਤੌਰ ਉੱਤੇ ਕੁਝ ਯਾਤਰੀਆਂ ਦੀ ਕੁੱਟਮਾਰ ਵੀ ਕੀਤੀ। ਕਿਸਾਨ ਮੌਰਿਆ ਦੇ ਬਨਬੀਰਪੁਰ ਦੌਰੇ ਦਾ ਵਿਰੋਧ ਕਰ ਰਹੇ ਸਨ ਜੋ ਕੇਂਦਰੀ ਗ੍ਰਹਿ ਰਾਜ ਮੰਤਰੀ ਤੇ ਖੀਰੀ ਤੋਂ ਸੰਸਦ ਮੈਂਬਰ ਅਜੈ ਕੁਮਾਰ ਮਿਸ਼ਰਾ ਦੇ ਜੱਦੀ ਪਿੰਡ ਹੈ। ਇਸ ਘਟਨਾ ਵਿਚ ਕੁਝ ਪੱਤਰਕਾਰਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਹੈ। ਇਸ ਵਿਚਾਲੇ ਉਪ ਮੁੱਖ ਮੰਤਰੀ ਮੌਰਿਆ ਦਾ ਬਨਬੀਰਪੁਰ ਦੌਰਾ ਰੱਦ ਕਰ ਦਿੱਤਾ ਗਿਆ ਹੈ। ਇਸ ਘਟਨਾ ਸਬੰਧੀ ਵਿਰੋਧੀ ਪਾਰਟੀਆਂ ਸਮਾਜਵਾਦੀ ਪਾਰਟੀ, ਰਾਸ਼ਟਰੀ ਲੋਕਦਲ ਅਤੇ ਭਾਰਤੀ ਕਿਸਾਨ ਯੂਨੀਅਨ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ ਅਤੇ ਘਟਨਾ ਲਈ ਭਾਜਪਾ ਤੇ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਉੱਤੇ ਦੋਸ਼ ਲਗਾਇਆ ਹੈ। ਭਾਰਤੀ ਕਿਸਾਨ ਯੂਨੀਅਨ ਨੇ ਟਵੀਟ ਕਰ ਕੇ ਦਾਅਵਾ ਕੀਤਾ ਕਿ ਲਖੀਮਪੁਰ ਖੀਰੀ ਵਿਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗ੍ਰਹਿ ਰਾਜ ਮੰਤਰੀ ਟੈਨੀ ਦੇ ਪੁੱਤਰ ਨੇ ਗੱਡੀ ਹੇਠ ਦਰੜਿਆ, ਤਿੰਨ ਕਿਸਾਨਾਂ ਦੀ ਮੌਤ, ਤੇਜਿੰਦਰ ਸਿੰਘ ਵਿਰਕ ਵੀ ਜ਼ਖ਼ਮੀ ਹੋਣ ਦੀ ਸੂਚਨਾ ਮਿਲੀ ਹੈ। ਰਾਕੇਸ਼ ਟਿਕੈਤ ਵੀ ਗਾਜ਼ੀਪੁਰ ਤੋਂ ਨਿਕਲ ਰਹੇ ਹਨ। ਸਮਾਜਵਾਦੀ ਪਾਰਟੀ ਦੇ ਆਗੂ ਅਖਿਲੇਸ਼ ਯਾਦਵ ਨੇ ਇਕ ਟਵੀਟ ਰਾਹੀਂ ਮੁੱਖ ਮੰਤਰੀ ਦੇ ਅਸਤੀਫ਼ੇ ਦੀ ਮੰਗ ਕੀਤੀ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੇਜਿੰਦਰ ਸਿੰਘ ਵਿਰਕ ਦਾ ਵਧੀਆ ਤੋਂ ਵਧੀਆ ਇਲਾਜ ਕਰਵਾਏ। ਉੱਧਰ, ਕਾਂਗਰਸ ਨੇ ਘਟਨਾ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।