ਪੰਜ ਸਿੰਘ ਸਹਿਬਾਨ ਦੀ ਇਕੱਤਰਤਾ ’ਚ ਲਖੀਮਪੁਰ ਮਸਲਾ ਭਖ਼ਿਆ
ਪੰਜ ਸਿੰਘ ਸਹਿਬਾਨ ਦੀ ਇਕੱਤਰਤਾ ’ਚ ਲਖੀਮਪੁਰ ਮਸਲਾ ਭਖ਼ਿਆ
ਅੰਮ੍ਰਿਤਸਰ-ਯੂਪੀ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਹਿੰਸਕ ਘਟਨਾ ਵਿੱਚ ਕਿਸਾਨਾਂ ਨੂੰ ਬੇਰਹਿਮੀ ਨਾਲ ਕਤਲ ਕੀਤੇ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਸਮੂਹ ਤਖ਼ਤਾਂ ਦੇ ਜਥੇਦਾਰਾਂ ਨੇ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਇਸ ਮਾਮਲੇ ਵਿਚ ਸਰਕਾਰ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ ਤਾਂ ਜੋ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲ ਸਕਣ। ਇਸ ਦੌਰਾਨ ਉਨ੍ਹਾਂ ਸਮੁੱਚੇ ਭਾਰਤ ਅਤੇ ਖਾਸ ਕਰਕੇ ਯੂਪੀ ਵਿੱਚ ਭਾਈਚਾਰਕ ਸਾਂਝ ਬਣਾ ਕੇ ਰੱਖਣ ਦੀ ਅਪੀਲ ਵੀ ਕੀਤੀ।
ਅੱਜ ਇਥੇ ਸ੍ਰੀ ਅਕਾਲ ਤਖ਼ਤ ਦੇ ਸਕਤਰੇਤ ਵਿੱਚ ਪੰਜ ਸਿੰਘ ਸਾਹਿਬਾਨਾਂ ਦੀ ਕੀਤੀ ਇਕੱਤਰਤਾ ਵਿੱਚ ਜਥੇਦਾਰ ਹਰਪ੍ਰੀਤ ਸਿੰਘ, ਤਖ਼ਤ ਪਟਨਾ ਸਾਹਿਬ ਦੇ ਜਥੇਦਾਰ ਰਣਜੀਤ ਸਿੰਘ, ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ, ਅਕਾਲ ਤਖ਼ਤ ਦੇ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਸ਼ਾਮਲ ਹੋਏ। ਜਦਕਿ ਨਾਂਦੇੜ ਤੋਂ ਤਖ਼ਤ ਹਜ਼ੂਰ ਸਾਹਿਬ ਦੇ ਜਥੇਦਾਰ ਕੁਲਵੰਤ ਸਿੰਘ ਨੇ ਇਸ ਮੀਟਿੰਗ ਵਿੱਚ ਆਨਲਾਈਨ ਸ਼ਮੂਲੀਅਤ ਕੀਤੀ। ਜਥੇਦਾਰ ਹਰਪ੍ਰੀਤ ਸਿੰਘ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦੇ ਹੋਏ ਬੇਰਹਿਮ ਕਤਲਾਂ ਨੂੰ ਮੰਦਭਾਗਾ ਕਰਾਰ ਦਿੰਦਿਆਂ ਕਿਹਾ ਕਿ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕਰੇ, ਪਰ ਸਰਕਾਰ ਇਸ ਤੋਂ ਭੱਜ ਰਹੀ ਹੈ। ਉਨ੍ਹਾਂ ਸਮੂਹ ਸਿਆਸੀ ਪਾਰਟੀਆਂ ਨੂੰ ਇਕਜੁੱਟ ਹੋ ਕੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਜਦੋ-ਜਹਿਦ ਕਰਨ ਲਈ ਕਿਹਾ।