ਸ਼੍ਰੋਮਣੀ ਕਮੇਟੀ ਜਲੰਧਰ ’ਚ ਖੋਲ੍ਹੇਗੀ ਹਸਪਤਾਲ
ਸ਼੍ਰੋਮਣੀ ਕਮੇਟੀ ਜਲੰਧਰ ’ਚ ਖੋਲ੍ਹੇਗੀ ਹਸਪਤਾਲ
ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਲੰਧਰ ਵਿਚ ਹਰ ਪੱਧਰ ਦੀਆਂ ਸੇਵਾਵਾਂ ਵਾਲਾ (ਸੁਪਰ ਸਪੈਸ਼ਲਿਟੀ) ਹਸਪਤਾਲ ਖੋਲ੍ਹਣ ਦਾ ਐਲਾਨ ਕੀਤਾ ਹੈ। 22 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸਮਾਗਮਾਂ ਦੀ ਰੂਪ-ਰੇਖਾ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰ ਕੇ ਜਲੰਧਰ ਵਿਚ ਬਿਹਤਰ ਸਿਹਤ ਸਹੂਲਤਾਂ ਵਾਲਾ ਹਸਪਤਾਲ ਖੋਲ੍ਹਿਆ ਜਾਵੇਗਾ। ਇਸ ਲਈ ਗੁਰੂ ਘਰ ਦੇ ਸ਼ਰਧਾਲੂ ਜੋਗਿੰਦਰ ਸਿੰਘ ਵੱਲੋਂ ਦਾਨ ਕੀਤੀ ਗਈ 26 ਕਨਾਲ ਜ਼ਮੀਨ ਦੀ ਵਰਤੋਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਦੇ ਬਾਹਰ ਸੂਚਨਾ ਕੇਂਦਰ ਨਜ਼ਦੀਕ ਸਸਤੀਆਂ ਦਵਾਈਆਂ ਵਾਲਾ ਦਵਾਖ਼ਾਨਾ ਵੀ ਜਲਦੀ ਹੀ ਸੰਗਤ ਅਰਪਣ ਕੀਤਾ ਜਾਵੇਗਾ। ਇਸ ਦੌਰਾਨ ਪ੍ਰਕਾਸ਼ ਪੁਰਬ ਸਬੰਧੀ ਸਮਾਗਮਾਂ ਬਾਰੇ ਉਨ੍ਹਾਂ ਨੇ ਦੱਸਿਆ ਕਿ 21 ਨੂੰ ਨਗਰ ਕੀਰਤਨ ਸਜਾਇਆ ਜਾਵੇਗਾ। 21 ਦੀ ਰਾਤ ਸਮੇਂ ਰਾਗ ਦਰਬਾਰ ਅਤੇ ਸ਼ਬਦ ਗਾਇਨ ਕੀਰਤਨ ਸਮਾਗਮ ਹੋਵੇਗਾ। 22 ਅਕਤੂਬਰ ਨੂੰ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ। ਇਸ ਦਿਨ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਇ ਵਿਖੇ ਜਲੌ ਸਜਣਗੇ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਸਮਾਗਮ ਹੋਵੇਗਾ।