ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ
ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ
ਅੰਮ੍ਰਿਤਸਰ-ਸ੍ਰੀ ਗੁਰੂ ਰਾਮਦਾਸ ਜੀ ਦੇ 487ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਰਧਾ ਤੇ ਪੰਥਕ ਜਾਹੋ-ਜਲਾਲ ਨਾਲ ਸਜਾਇਆ ਗਿਆ। ਸ਼੍ਰੋਮਣੀ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਇਸ ਨਗਰ ਦੀ ਆਰੰਭਤਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੇ ਜਾਣ ਉਪਰੰਤ ਜੈਕਾਰਿਆਂ, ਨਗਾਰਿਆਂ ਅਤੇ ਨਰਸਿੰਙਿਆਂ ਦੀ ਵਿਸਮਾਦੀ ਗੂੰਜ ਤੇ ਫੁੱਲਾਂ ਦੀ ਵਰਖਾ ਦੌਰਾਨ ਹੋਈ। ਇਸ ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਿਰਕਤ ਕੀਤੀ। ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬਣੇ ਘੰਟਾ ਘਰ ਪਲਾਜ਼ਾ ਵਿਖੇ ਪੁਲਿਸ ਪਾਰਟੀ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਸਲਾਮੀ ਦੇ ਕੇ ਸਤਿਕਾਰ ਭੇਟ ਕੀਤਾ ਗਿਆ। ਨਗਰ ਕੀਰਤਨ ਦੌਰਾਨ ਜੈੱਟ ਹਵਾਈ ਜਹਾਜ਼ ਦੁਆਰਾ ਫੁੱਲਾਂ ਦੀ ਵਰਖਾ ਕੀਤੀ ਗਈ। ਫੁੱਲਾਂ ਨਾਲ ਸ਼ਿੰਗਾਰੀ ਪਾਲਕੀ ਸਾਹਿਬ ਵਾਲੀ ਬੱਸ ਦੇ ਅੱਗੇ ਸ਼ਹਿਰ ਦੀਆਂ ਵੱਖ-ਵੱਖ ਧਾਰਮਿਕ ਸਭਾ ਸੁਸਾਇਟੀਆਂ ਨਾਲ ਸੰਬੰਧਿਤ ਸ਼ਬਦੀ ਜਥੇ, ਗਤਕਾ ਪਾਰਟੀਆਂ ਤੇ ਸ਼ਬਦ ਕੀਰਤਨ ਗਾਇਨ ਕਰਦੀਆਂ ਬੈਂਡ ਪਾਰਟੀਆਂ, ਖ਼ਾਲਸਾਈ ਸ਼ਸਤਰ ਕਲਾ ਦੇ ਜੌਹਰ ਦਿਖਾਉਂਦਿਆਂ ਤੇ ਸ਼ਬਦਾਂ ਦੀਆਂ ਧੁਨਾਂ ਬਿਖੇਰਦਿਆਂ ਚੱਲ ਰਹੀਆਂ ਸਨ। ਨਗਰ ਕੀਰਤਨ ਦੇ ਰਸਤੇ ਵਿਚ ਅਨੇਕਾਂ ਥਾਵਾਂ 'ਤੇ ਸ਼ਹਿਰ ਵਾਸੀਆਂ ਵਲੋਂ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ ਤੇ ਸੰਗਤਾਂ ਲਈ ਵੱਖ-ਵੱਖ ਤਰ੍ਹਾਂ ਦੇ ਫਲ ਤੇ ਹੋਰ ਪਕਵਾਨ ਵਰਤਾਏ ਗਏ। ਇਹ ਨਗਰ ਕੀਰਤਨ ਘੰਟਾ ਘਰ ਪਲਾਜ਼ਾ, ਵਿਰਾਸਤੀ ਮਾਰਗ, ਜਲ੍ਹਿਆਂਵਾਲਾ ਬਾਗ ਤੋਂ ਹੁੰਦਾ ਹੋਇਆ ਪੁਰਾਣੇ ਚਾਰਦੀਵਾਰੀ ਵਾਲੇ ਸ਼ਹਿਰ ਘਿਓ ਮੰਡੀ ਦਰਵਾਜ਼ਾ, ਸ਼ੇਰਾਂ ਵਾਲਾ ਗੇਟ, ਮਹਾਂ ਸਿੰਘ ਗੇਟ, ਚੌਕ ਰਾਮ ਬਾਗ, ਹਾਲ ਗੇਟ, ਸਿਕੰਦਰੀ ਗੇਟ, ਹਾਥੀ ਗੇਟ, ਲੋਹਗੜ੍ਹ ਗੇਟ, ਬੇਰੀ ਗੇਟ, ਖ਼ਜ਼ਾਨਾ ਗੇਟ, ਗੇਟ ਹਕੀਮਾਂ, ਭਗਤਾਂ ਵਾਲਾ ਗੇਟ, ਗਿਲਵਾਲੀ ਗੇਟ, ਚਾਟੀਵਿੰਡ ਗੇਟ ਤੇ ਸੁਲਤਾਨਵਿੰਡ ਗੇਟ ਦੀ ਪਰਿਕਰਮਾ ਕਰਦਾ ਹੋਇਆ ਸ਼ਾਮ ਨੂੰ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਇਆ।
ਕੌਣ-ਕੌਣ ਹੋਏ ਸ਼ਾਮਿਲ
ਇਸ ਨਗਰ ਕੀਰਤਨ ਵਿਚ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਡੀ. ਸੀ. ਪੀ. ਪਰਮਿੰਦਰ ਸਿੰਘ ਭੰਡਾਲ, ਬਾਵਾ ਸਿੰਘ ਗੁਮਾਨਪੁਰਾ, ਹਰਜਾਪ ਸਿੰਘ ਸੁਲਤਾਨਵਿੰਡ, ਮੰਗਵਿੰਦਰ ਸਿੰਘ ਖਾਪੜਖੇੜੀ, ਸੁਰਜੀਤ ਸਿੰਘ ਤੁਗਲਵਾਲ, ਸੁਖਵਰਸ਼ ਸਿੰਘ ਪੰਨੂ, ਫੁੱਲਾਂ ਦੀ ਸਜਾਵਟ ਦੀ ਸੇਵਾ ਕਰਾਉਣ ਵਾਲੇ ਭਾਈ ਇਕਬਾਲ ਸਿੰਘ ਮੁੰਬਈ, ਭਾਈ ਸਵਿੰਦਰਪਾਲ ਸਿੰਘ, ਮਹਿੰਦਰ ਸਿੰਘ ਆਹਲੀ, ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਗੁਰਿੰਦਰ ਸਿੰਘ ਮਥਰੇਵਾਲ, ਅਮਰੀਕ ਸਿੰਘ ਲਤੀਫਪੁਰ, ਡਾ: ਸੁਖਬੀਰ ਸਿੰਘ, ਮਲਕੀਤ ਸਿੰਘ ਬਹਿੜਵਾਲ, ਜਸਵਿੰਦਰ ਸਿੰਘ ਦੀਨਪੁਰ, ਸੁਖਰਾਜ ਸਿੰਘ, ਬਘੇਲ ਸਿੰਘ, ਨਰਿੰਦਰ ਸਿੰਘ, ਇਕਬਾਲ ਸਿੰਘ ਮੁਖੀ, ਕੁਲਦੀਪ ਸਿੰਘ ਪੰਡੋਰੀ, ਡਾ: ਦਲਬੀਰ ਸਿੰਘ ਵੇਰਕਾ, ਵਿਕਰਮਜੀਤ ਸਿੰਘ ਕੋਟਲਾ ਆਦਿ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੇ ਦੂਰੋਂ ਨੇੜਿਓਂ ਪੁੱਜੀਆਂ ਸੰਗਤਾਂ ਹਾਜ਼ਰ ਸਨ।
ਜਲੌਅ ਤੇ ਆਤਿਸ਼ਬਾਜ਼ੀ ਅੱਜ
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਭਲਕੇ ਪ੍ਰਕਾਸ਼ ਪੁਰਬ ਮੌਕੇ 22 ਅਕਤੂਬਰ ਨੂੰ ਸਵੇਰੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁ: ਬਾਬਾ ਅਟੱਲ ਰਾਇ ਜੀ ਵਿਖੇ ਜਲੌਅ ਸਜਾਏ ਜਾਣਗੇ, ਰਾਤ ਨੂੰ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਅਲੌਕਿਕ ਦੀਪਮਾਲਾ ਹੋਵੇਗੀ ਤੇ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਆਤਿਸ਼ਬਾਜ਼ੀ ਚਲਾਈ ਜਾਵੇਗੀ। ਇਥੇ ਵਰਨਣਯੋਗ ਹੈ ਕਿ ਮੁੰਬਈ, ਚੰਡੀਗੜ੍ਹ, ਲੁਧਿਆਣਾ ਤੇ ਅੰਮ੍ਰਿਤਸਰ ਦੀਆਂ ਸੰਗਤਾਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਦੀ ਰੰਗ ਬਰੰਗੇ ਕਈ ਟਨ ਫੁੱਲਾਂ ਨਾਲ ਕੀਤੀ ਗਈ ਸਜਾਵਟ ਦਰਸ਼ਨ ਕਰਨ ਆਏ ਸ਼ਰਧਾਲੂਆਂ ਦਾ ਮਨ ਮੋਹ ਰਹੀ ਹੈ।