ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਕਾਫ਼ੀ ਹੱਦ ਤੱਕ ਠੱਲ੍ਹ ਪਈ: ਸੰਧਵਾਂ

ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਕਾਫ਼ੀ ਹੱਦ ਤੱਕ ਠੱਲ੍ਹ ਪਈ: ਸੰਧਵਾਂ

ਪੰਜਾਬ ਵਿੱਚ ਭ੍ਰਿਸ਼ਟਾਚਾਰ ਨੂੰ ਕਾਫ਼ੀ ਹੱਦ ਤੱਕ ਠੱਲ੍ਹ ਪਈ: ਸੰਧਵਾਂ
ਮੋਗਾ-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿਸ਼ਾ ਸੂਚਕ ਬੋਰਡ ਪੰਜਾਬੀ ਵਿੱਚ ਲਿਖਣ ਦੀ ਹਦਾਇਤ ਕਰਦਿਆਂ ਆਖਿਆ ਕਿ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪੈ ਗਈ ਹੈ।
ਉਹ ਆਪਣੇ ਨਾਨਕੇ ਪਿੰਡ ਠੱਠੀ ਭਾਈ ਵਿੱਚ ਗੁਰੂ ਹਰਗੋਬਿੰਦ ਚੌਕ ਵਿਖੇ ਖੰਡਾ ਸਾਹਿਬ ਸਥਾਪਤ ਕਰਨ ਮਗਰੋਂ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਇਹ ਚੌਕ ਜੈਤੋ ਮੋਰਚੇ ਦੇ ਸ਼ਹੀਦ ਹਰਨਾਮ ਸਿੰਘ ਲੋਧੀ ਅਤੇ ਮਰਹੂਮ ਸਾਬਕਾ ਸਰਪੰਚ ਕਰਨੈਲ ਸਿੰਘ ਲੋਧੀ ਦੀ ਯਾਦ ਵਿੱਚ ਉਨ੍ਹਾਂ ਦੇ ਪੁੱਤਰ ਸਰਪੰਚ ਰਾਮ ਸਿੰਘ ਲੋਧੀ ਅਤੇ ਪੂਰੇ ਪਰਿਵਾਰ ਦਾ ਸ਼ਲਾਘਾਯੋਗ ਉਪਰਾਲਾ ਹੈ। ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਇੱਕ ਮਹੀਨੇ ਵਿੱਚ ਹੀ ਇਤਿਹਾਸਕ ਫ਼ੈਸਲੇ ਲੈ ਕੇ ਸਾਬਤ ਕਰ ਦਿੱਤਾ ਹੈ ਕਿ ‘ਆਪ’ ਸਹੀ ਅਰਥਾਂ ਵਿੱਚ ਆਮ ਲੋਕਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੋਧੀ ਸ਼ਿਕਾਇਤ ਨੰਬਰ ਜਾਰੀ ਕਰਕੇ ਕਾਫੀ ਹੱਦ ਤੱਕ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾ ਲਈ ਹੈ, ਜਿਸ ਨਾਲ ਹੁਣ ਨਿਰਪੱਖ ਅਤੇ ਪਾਰਦਰਸ਼ੀ ਸਰਕਾਰੀ ਤੰਤਰ ਮਿਲੇਗਾ।
ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਦਿਸ਼ਾ ਸੂਚਕ ਬੋਰਡ ਪੰਜਾਬੀ ਵਿੱਚ ਲਿਖਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱੱਲਿਤ ਕਰਨ ਲਈ ਸਰਕਾਰ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਰਕਾਰ ਵੱਲੋਂ ਸੂਬੇ ਦੇ ਵਿੱਤੀ ਹਾਲਾਤ ਵਿੱਚ ਤੇਜ਼ੀ ਨਾਲ ਸੁਧਾਰ ਲਿਆਉਣ ਬਾਰੇ ਗੱਲ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਲੋਕਾਂ ਨਾਲ ਕੀਤਾ ਆਪਣਾ ਇੱਕ-ਇੱਕ ਵਾਅਦਾ ਪੂਰਾ ਕਰੇਗੀ। ਸਿਹਤ, ਸਿੱਖਿਆ ਅਤੇ ਰੁਜ਼ਗਾਰ ਨਾਲ ਸਬੰਧਤ ਖੇਤਰਾਂ ਵਿੱਚ ਵੱਡੀਆਂ ਤਬਦੀਲੀਆਂ ਲਈ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਪੰਜਾਬ ਦੇ ਮੁੱਖ ਕਿੱਤੇ ਖੇਤੀਬਾੜੀ ਲਈ ਆਧੁਨਿਕ ਤਕਨੀਕਾਂ ਲਿਆ ਕੇ ਇਸ ਕਿੱਤੇ ਨੂੰ ਲੀਹ ’ਤੇ ਲਿਆਂਦਾ ਜਾਵੇਗਾ। ਮਹਿਲਾਵਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਜਲਦੀ ਚਾਲੂ ਕੀਤੀ ਜਾਵੇਗੀ। ਇਸ ਮੌਕੇ ਏਡੀਸੀ ਹਰਚਰਨ ਸਿੰਘ, ਐੱਸਐੱਸਪੀ ਗੁਲਨੀਤ ਸਿੰਘ ਖੁਰਾਣਾ, ਐੱਸਡੀਐੱਮ ਸਤਵੰਤ ਸਿੰਘ ਅਤੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।
ਪਿੰਡ ਠੱਠੀ ਭਾਈ ਦੇ ਵਾਸੀਆਂ ਨੇ 30-35 ਸਾਲ ਤੋਂ ਬੰਦ ਪਏ ਮੁੱਢਲਾ ਸਿਹਤ ਕੇਂਦਰ ਨੂੰ ਮੁੜ ਚਾਲੂ ਕਰਨ, ਸਬ ਸੈਂਟਰ ਤੇ ਪਸ਼ੂ ਹਸਪਤਾਲ ਦੀ ਇਮਾਰਤ ਨਵੀਂ ਬਣਾਉਣ, ਛੱਪੜ ਦਾ ਨਵੀਨੀਕਰਨ ਕਰਕੇ ਇਸ ਦੀ ਥਾਂ ਖੇਡ ਸਟੇਡੀਅਮ ਬਣਾਉਣ ਲਈ ਮੰਗ ਪੱਤਰ ਦਿੱਤਾ। 

Radio Mirchi