ਮੁੱਖ ਮੰਤਰੀ ਵੱਲੋਂ ਬੇਅਦਬੀ ਕਾਂਡ ਨਾਲ ਜੁੜੇ ਮਾਮਲੇ ਜਲਦੀ ਹੱਲ ਕਰਨ ਦਾ ਭਰੋਸਾ

ਮੁੱਖ ਮੰਤਰੀ ਵੱਲੋਂ ਬੇਅਦਬੀ ਕਾਂਡ ਨਾਲ ਜੁੜੇ ਮਾਮਲੇ ਜਲਦੀ ਹੱਲ ਕਰਨ ਦਾ ਭਰੋਸਾ
ਫ਼ਰੀਦਕੋਟ-ਮੁੱਖ ਮੰਤਰੀ ਭਗਵੰਤ ਮਾਨ ਨੇ ਬੇਅਦਬੀ ਕਾਂਡ ਬਾਰੇ ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੋਂ ਸਮੁੱਚੀ ਜਾਣਕਾਰੀ ਹਾਸਲ ਕਰਨ ਤੋਂ ਬਾਅਦ ਭਰੋਸਾ ਦਿੱਤਾ ਹੈ ਕਿ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਅਤੇ ਪੜਤਾਲ ਵਿੱਚ ਸਰਕਾਰ ਕਿਸੇ ਤਰ੍ਹਾਂ ਦੀ ਲਾਪ੍ਰਵਾਹੀ ਨਹੀਂ ਵਰਤੇਗੀ। ਇਸ ਮਾਮਲੇ ਸਬੰਧੀ ਗੱਲਬਾਤ ਕਰਨ ਲਈ ਮੁੱਖ ਮੰਤਰੀ ਨੇ ਵਿਧਾਇਕ ਸੇਖੋਂ ਨੂੰ ਚੰਡੀਗੜ੍ਹ ਬੁਲਾਇਆ ਸੀ। ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਬੇਅਦਬੀ ਕਾਂਡ ਦੀ ਪੜਤਾਲ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ ਅਤੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਪਹਿਲਾਂ ਹੀ 9 ਵਿਅਕਤੀਆਂ ਖ਼ਿਲਾਫ਼ ਦੋਸ਼ ਪੱਤਰ ਅਦਾਲਤ ਵਿੱਚ ਪੇਸ਼ ਕਰ ਚੁੱਕੀ ਹੈ ਅਤੇ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ। ਸ੍ਰੀ ਸੇਖੋਂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਹੈ ਕਿ ਬੇਅਦਬੀ ਨਾਲ ਜੁੜੇ ਮਾਮਲਿਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਾ ਵਰਤੀ ਜਾਵੇ। ਵਿਧਾਇਕ ਸੇਖੋਂ ਨੇ ਕਿਹਾ ਕਿ ਇਸ ਮੀਟਿੰਗ ਦੌਰਾਨ ਜੇਲ੍ਹਾਂ ’ਚ ਨਜ਼ਰਬੰਦ ਸਿੱਖ ਕੈਦੀਆਂ ਦੀ ਰਿਹਾਈ ਦਾ ਮੁੱਦਾ ਵੀ ਵਿਚਾਰਿਆ ਗਿਆ। ਉਨ੍ਹਾਂ ਕਿਹਾ ਕਿ 5 ਮਈ ਨੂੰ ਪਿੰਡ ਰੋਡੇ ਦੇ ਟਾਵਰ ਉਪਰ ਚੜ੍ਹੇ ਸਿੱਖ ਆਗੂ ਨੂੰ ਮੁੱਖ ਮੰਤਰੀ ਦੇ ਭਰੋਸੇ ਮਗਰੋਂ ਟਾਵਰ ਉਪਰੋਂ ਉਤਾਰਿਆ ਗਿਆ ਸੀ ਅਤੇ ਅੱਜ ਮੁੱਖ ਮੰਤਰੀ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਵੱਲੋਂ ਬਿਨਾਂ ਦੇਰੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜੇਲ੍ਹਾਂ ਵਿੱਚ ਨਜ਼ਰਬੰਦ ਸਿੱਖ ਕੈਦੀਆ ਦੀ ਰਿਹਾਈ ਲਈ ਜਲਦੀ ਹੀ ਭਾਰਤ ਸਰਕਾਰ ਨਾਲ ਗੱਲਬਾਤ ਕਰੇਗੀ।