ਖਜ਼ਾਨਾ ਭਰਨ ਮਗਰੋਂ ਹੀ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦਿੱਤੇ ਜਾਣਗੇ: ਸੰਧਵਾਂ

ਖਜ਼ਾਨਾ ਭਰਨ ਮਗਰੋਂ ਹੀ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਦਿੱਤੇ ਜਾਣਗੇ: ਸੰਧਵਾਂ
ਅੰਮ੍ਰਿਤਸਰ-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ ਇੱਕ-ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਾਰੰਟੀ ਨੂੰ ਤੁਰੰਤ ਲਾਗੂ ਕਰਨ ਤੋਂ ਫਿਲਹਾਲ ਅਸਮਰੱਥਾ ਪ੍ਰਗਟਾਈ ਹੈ।
ਉਨ੍ਹਾਂ ਆਖਿਆ ਕਿ ਖਜ਼ਾਨੇ ਵਿੱਚ ਕੁਝ ਆਉਣ ਤੋਂ ਬਾਅਦ ਹੀ ਇਹ ਸਹੂਲਤ ਲਾਗੂ ਹੋਵੇਗੀ। ਉਨ੍ਹਾਂ ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਸੂਬੇ ਦਾ ਖਜ਼ਾਨਾ ਖਾਲੀ ਕਰ ਗਈ ਸੀ।
ਉਨ੍ਹਾਂ ਕਿਹਾ ਕਿ 75 ਸਾਲਾਂ ਦੀਆਂ ਉਲਝੀਆਂ ਤੰਦਾਂ ਨੂੰ ਸੁਲਝਾਉਣ ਲਈ ਸਮਾਂ ਲੱਗੇਗਾ ਅਤੇ ਫਿਰ ਪੰਜਾਬ ਖੁਸ਼ਹਾਲ ਹੋਵੇਗਾ। ਨਸ਼ਿਆਂ ਦੇ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਸਰਕਾਰ ਅਤੇ ਸਮਾਜ ਦੋਵਾਂ ਨੂੰ ਇਕੱਠੇ ਕੰਮ ਕਰਨ ਦੀ ਲੋੜ ਹੈ। ਇਸ ਮਗਰੋਂ ਉਹ ਸੰਤ ਸਿੰਘ ਸੁੱਖਾ ਸਿੰਘ ਵਿਦਿਅਕ ਸੰਸਥਾਵਾਂ ਦੇ 130ਵੇਂ ਸਥਾਪਨਾ ਵਰ੍ਹੇ ਦੇ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।
ਸੰਧਵਾਂ ਨੇ ਵਿਧਾਇਕ ਕੋਟਲੀ ਦਾ ਹਾਲ-ਚਾਲ ਪੁੱਛਿਆ
ਜਲੰਧਰ-ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅੱਜ ਹਾਦਸੇ ਵਿੱਚ ਜ਼ਖ਼ਮੀ ਹੋਏ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦਾ ਹਾਲ ਪੁੱਛਣ ਲਈ ਸਵੇਰੇ 6 ਵਜੇ ਦੇ ਕਰੀਬ ਹਸਪਤਾਲ ਪਹੁੰਚੇ। ਉਨ੍ਹਾਂ ਦੇ ਨਾਲ ‘ਆਪ’ ਮਹਿਲਾ ਵਿੰਗ ਦੀ ਸੂਬਾਈ ਪ੍ਰਧਾਨ ਰਾਜਵਿੰਦਰ ਕੌਰ ਥਿਆੜਾ, ਵਿਧਾਇਕ ਰਮਨ ਅਰੋੜਾ, ਕਾਂਗਰਸੀ ਆਗੂ ਅੰਮ੍ਰਿਤਪਾਲ ਭੌਂਸਲੇ ਅਤੇ ਸਤਬੀਰ ਸਿੰਘ ਸੰਧੜ ਵੀ ਮੌਜੂਦ ਸਨ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਜਲਦੀ ਤੰਦਰੁਸਤ ਹੋਣ ਦੀ ਕਾਮਨਾ ਕੀਤੀ। ਇਸ ਮੌਕੇ ਹਾਜ਼ਰ ਕਾਂਗਰਸੀ ਆਗੂ ਅੰਮ੍ਰਿਤਪਾਲ ਭੌਂਸਲੇ ਨੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਧਿਆਨ ਵਿੱਚ ਲਿਆਂਦਾ ਕਿ ਜਿਹੜੀ ਗੱਡੀ ਵਿੱਚ ਵਿਧਾਇਕ ਕੋਟਲੀ ਸਫਰ ਕਰ ਰਹੇ ਸਨ, ਉਹ ਕਾਫੀ ਪੁਰਾਣੀ ਸੀ ਤੇ ਹਾਦਸੇ ਦੌਰਾਨ ਉਸ ਦੇ ਏਅਰਬੈਗ ਵੀ ਨਹੀਂ ਖੁੱਲ੍ਹੇ। ਉਨ੍ਹਾਂ ਕਿਹਾ ਕਿ 117 ਵਿਧਾਨ ਸਭਾ ਹਲਕਿਆਂ ’ਚੋਂ ਚੁਣ ਕੇ ਆਉਂਦੇ ਵਿਧਾਇਕ ਕਰੋੜਾਂ ਲੋਕਾਂ ਦੀ ਨੁਮਾਇੰਦਗੀ ਕਰਦੇ ਹਨ। ਉਨ੍ਹਾਂ ਦੀ ਜਾਨੀ ਸੁਰੱਖਿਆ ਵਾਸਤੇ ਨਵੀਆਂ ਗੱਡੀਆਂ ਹੋਣੀਆਂ ਚਾਹੀਦੀਆਂ ਹਨ। ਸ੍ਰੀ ਭੌਂਸਲੇ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੀਤੀ ਗਈ ਇਸ ਮੰਗ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਉਹ ਇਸ ਬਾਰੇ ਜਲਦੀ ਹੀ ਫ਼ੈਸਲਾ ਲੈਣਗੇ।।