ਆਪਣੇ ਨੌਜਵਾਨਾਂ ਨੂੰ ਸ਼ਸਤਰ ਸਿਖਲਾਈ ਦੇਵਾਂਗੇ-ਗਿਆਨੀ ਹਰਪ੍ਰੀਤ ਸਿੰਘ

ਆਪਣੇ ਨੌਜਵਾਨਾਂ ਨੂੰ ਸ਼ਸਤਰ ਸਿਖਲਾਈ ਦੇਵਾਂਗੇ-ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ-'ਜੂਨ 1984 ਦਾ ਘੱਲੂਘਾਰਾ ਸਿੱਖ ਕੌਮ 'ਤੇ ਹੋਏ ਜ਼ੁਲਮਾਂ ਦੀ ਦਰਦ ਭਰੀ ਗਾਥਾ ਹੈ, ਜੋ ਭਾਰਤੀ ਸਟੇਟ ਦੇ ਸਿੱਖ ਵਿਰੋਧੀ ਮਨਸੂਬਿਆਂ ਦੀ ਦੇਣ ਸੀ। ਸੰਨ 1947 'ਚ ਹੋਈ ਦੇਸ਼ ਦੀ ਵੰਡ ਦੇ ਸਮੇਂ ਤੋਂ ਹੀ ਸਿੱਖਾਂ ਨੂੰ ਨੱਪਣ ਤੇ ਕੁੱਟਣ ਦੀ ਨੀਤੀ ਸ਼ੁਰੂ ਹੋ ਗਈ ਸੀ, ਜਿਸ ਦਾ ਮੁੱਖ ਸੂਤਰਧਾਰ ਪੰਡਿਤ ਜਵਾਹਰ ਲਾਲ ਨਹਿਰੂ ਸੀ ਅਤੇ ਇਸੇ ਨੀਤੀ ਦਾ ਹੀ ਸਿੱਟਾ ਸੀ ਕਿ 1984 'ਚ ਭਾਰਤ ਦੀ ਕਾਂਗਰਸ ਸਰਕਾਰ ਨੇ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ 37 ਦੇ ਕਰੀਬ ਸਿੱਖ ਗੁਰਧਾਮਾਂ 'ਤੇ ਫ਼ੌਜੀ ਹਮਲੇ ਕਰਕੇ ਸਿੱਖ ਕੌਮ ਨੂੰ ਖ਼ਤਮ ਕਰਨ ਦਾ ਯਤਨ ਕੀਤਾ, ਪਰ ਸਿੱਖ ਯੋਧਿਆਂ ਨੇ ਇਤਿਹਾਸ ਤੋਂ ਸੇਧ ਲੈਂਦਿਆਂ ਫ਼ੌਜ ਦਾ ਡਟ ਕੇ ਮੁਕਾਬਲਾ ਕੀਤਾ ਅਤੇ ਸ਼ਹਾਦਤਾਂ ਪ੍ਰਾਪਤ ਕੀਤੀਆਂ।' ਇਹ ਪ੍ਰਗਟਾਵਾ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਜੂਨ 1984 'ਚ ਸ੍ਰੀ ਹਰਿਮੰਦਰ ਸਾਹਿਬ ਸਮੂਹ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ ਸਮੇਤ ਹੋਰ ਸ਼ਹੀਦ ਸਿੰਘ, ਸਿੰਘਣੀਆਂ ਦੀ ਯਾਦ 'ਚ ਕਰਵਾਏ ਗਏ ਸਾਲਾਨਾ ਸ਼ਹੀਦੀ ਸਮਾਗਮ ਮੌਕੇ ਸੰਬੋਧਨ ਕਰਦਿਆਂ ਕੀਤਾ। ਕੁਝ ਗਰਮ ਖਿਆਲੀ ਜਥੇਬੰਦੀਆਂ ਵਲੋਂ ਕੁਝ ਸਮਾਂ ਕੀਤੀ ਗਈ ਖ਼ਾਲਿਸਤਾਨ ਪੱਖੀ ਨਾਅਰੇਬਾਜ਼ੀ ਨੂੰ ਛੱਡ ਕੇ ਸ਼ਹੀਦੀ ਸਮਾਗਮ ਅਮਨ ਅਮਾਨ ਨਾਲ ਸੰਪੂਰਨ ਹੋ ਗਿਆ। ਸ਼੍ਰੋਮਣੀ ਕਮੇਟੀ ਵਲੋਂ ਸੰਗਤ ਦੇ ਸਹਿਯੋਗ ਨਾਲ ਘੱਲੂਘਾਰਾ ਦੀ 38ਵੀਂ ਵਰ੍ਹੇਗੰਢ ਮੌਕੇ ਕਰਵਾਏ ਗਏ ਸ਼ਹੀਦੀ ਸਮਾਗਮ 'ਚ ਸਿੰਘ ਸਾਹਿਬਾਨ, ਸ਼੍ਰੋਮਣੀ ਕਮੇਟੀ ਪ੍ਰਧਾਨ ਤੇ ਹੋਰ ਗਰਮ ਤੇ ਨਰਮ ਦਲੀ ਸਿੱਖ ਜਥੇਬੰਦੀਆਂ ਦੇ ਆਗੂੁਆਂ, ਸ਼ਹੀਦ ਪਰਿਵਾਰਾਂ ਅਤੇ ਵੱਡੀ ਗਿਣਤੀ 'ਚ ਸੰਗਤ ਨੇ ਸ਼ਿਰਕਤ ਕੀਤੀ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਵੇਰੇ 7 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਬਾਅਦ ਹਜ਼ੂਰੀ ਰਾਗੀ ਜਥੇ ਵਲੋਂ ਕੀਰਤਨ ਕੀਤੇ ਜਾਣ ਅਤੇ ਅਰਦਾਸ ਤੇ ਹੁਕਮਨਾਮੇ ਉਪਰੰਤ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖਾਂ ਨੂੰ ਰਾਜ ਦਾ ਸੰਕਲਪ ਗੁਰੂ ਸਾਹਿਬਾਨ ਦੇ ਸਮੇਂ ਤੋਂ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਅੱਜ ਕੌਮ ਨੂੰ ਧਾਰਮਿਕ, ਸਮਾਜਿਕ, ਆਰਥਿਕ ਤੇ ਰਾਜਨੀਤਕ ਤੌਰ 'ਤੇ ਮਜ਼ਬੂਤ ਹੋਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਵਿਰਸੇ 'ਚ ਮਿਲੀ ਸਿੱਖ ਸ਼ਸਤਰ ਕਲਾ 'ਚ ਵੀ ਨਿਪੁੰਨ ਹੋਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਸਿੱਖ ਜਥੇਬੰਦੀਆਂ ਤੇ ਸੰਗਤ ਨੂੰ ਹਦਾਇਤ ਕੀਤੀ ਕਿ ਸਿੱਖ ਨੌਜਵਾਨਾਂ ਲਈ ਗਤਕਾ ਅਖਾੜਿਆਂ ਤੇ ਅਕੈਡਮੀਆਂ ਅਤੇ ਆਧੁਨਿਕ ਹਥਿਆਰਾਂ ਦੇ ਅਭਿਆਸ ਲਈ ਸ਼ੂਟਿੰਗ ਰੇਂਜਾਂ ਸਥਾਪਤ ਕੀਤੀਆਂ ਜਾਣ। ਉਨ੍ਹਾਂ ਕਿਹਾ ਕੁਝ ਦੂਜੇ ਲੋਕ ਲੁਕ-ਛਿਪ ਕੇ ਆਪਣੇ ਲੋਕਾਂ ਨੂੰ ਹਥਿਆਰਾਂ ਦੀ ਸਿਖਲਾਈ ਦੇ ਰਹੇ ਹਨ, ਪਰ ਅਸੀਂ ਆਪਣੇ ਨੌਜਵਾਨਾਂ ਨੂੰ ਸ਼ਰੇਆਮ ਸ਼ਸਤਰ ਸਿਖਲਾਈ ਦੇਵਾਂਗੇ। ਪੰਜਾਬ ਦੇ ਸਰਹੱਦੀ ਇਲਾਕਿਆਂ 'ਚ ਸਿੱਖੀ ਪ੍ਰਚਾਰ ਦੀ ਲੋੜ 'ਤੇ ਜ਼ੋਰ ਦਿੱਤਾ। ਘੱਲੂਘਾਰਾ ਹਫ਼ਤੇ ਦੌਰਾਨ ਸਰਕਾਰ ਵਲੋਂ ਸੁਰੱਖਿਆ ਫੋਰਸਾਂ ਦੀ ਭਾਰੀ ਤਾਇਨਾਤੀ 'ਤੇ ਸਵਾਲ ਉਠਾਉਂਦਿਆਂ ਉਨ੍ਹਾਂ ਆਖਿਆ ਕਿ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਸਿੱਖ ਕੌਮ ਕਿਸੇ ਨੂੰ ਡਰਾਉਣ ਵਾਲੀ ਕੌਮ ਨਹੀਂ, ਸਗੋਂ ਇਹ ਤਾਂ ਮਜ਼ਲੂਮਾਂ ਦੀ ਰੱਖਿਆ ਕਰਦੀ ਆਈ ਹੈ। ਸ਼ਹੀਦੀ ਸਮਾਗਮ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜੂਨ '84 ਦੇ ਘੱਲੂਘਾਰੇ ਦੇ ਦੁਖਾਂਤ ਨੂੰ ਸਿੱਖ ਕੌਮ ਕਦੇ ਵੀ ਨਹੀਂ ਭੁੱਲ ਸਕਦੀ, ਸਗੋਂ ਹਰ ਸਾਲ ਇਸ ਦੇ ਜ਼ਖ਼ਮ ਹੋਰ ਤਾਜ਼ਾ ਹੁੰਦੇ ਹਨ।
ਸ਼ਹੀਦ ਪਰਿਵਾਰਾਂ ਦਾ ਸਨਮਾਨ
ਸਮਾਗਮ ਮੌਕੇ ਘੱਲੂਘਾਰਾ ਦੌਰਾਨ ਸ਼ਹੀਦ ਹੋਏ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਸਪੁੱਤਰ ਭਾਈ ਈਸ਼ਰ ਸਿੰਘ, ਸ਼ਹੀਦ ਭਾਈ ਅਮਰੀਕ ਸਿੰਘ ਦੀ ਧਰਮ ਪਤਨੀ ਬੀਬੀ ਹਰਮੀਤ ਕੌਰ, ਸਪੁੱਤਰੀ ਬੀਬੀ ਸਤਵੰਤ ਕੌਰ ਤੇ ਭਰਾਤਾ ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ਼ਹੀਦ ਜਨਰਲ ਸੁਬੇਗ ਸਿੰਘ ਦੇ ਭਰਾਤਾ ਬੇਅੰਤ ਸਿੰਘ, ਸ਼ਹੀਦ ਭਾਈ ਨਛੱਤਰ ਸਿੰਘ ਭਲਵਾਨ ਦੇ ਸਪੁੱਤਰ ਭੁਪਿੰਦਰ ਸਿੰਘ ਭਲਵਾਨ ਸਮੇਤ ਹੋਰ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਤੇ ਹੋਰ ਪ੍ਰਮੁੱਖ ਧਾਰਮਿਕ ਸ਼ਖ਼ਸੀਅਤਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਸਿੱਖ ਸ਼ਹਾਦਤਾਂ ਦੀ ਲੜੀ ਨੂੰ ਅੱਗੇ ਤੋਰਿਆ : ਧਾਮੀ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਫ਼ੌਜੀ ਹਮਲੇ ਮੌਕੇ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਬੱਚਿਆਂ ਨੂੰ ਯਾਦ ਕਰਦਿਆਂ ਕਿਹਾ ਕਿ ਇਸ ਘੱਲੂਘਾਰੇ ਦੌਰਾਨ ਸਿੱਖ ਕੌਮ ਦੇ ਯੋਧਿਆਂ ਨੇ ਪੁਰਾਤਨ ਸਿੱਖ ਰਵਾਇਤਾਂ ਦੀ ਪਹਿਰੇਦਾਰੀ ਕੀਤੀ ਤੇ ਸ਼ਹਾਦਤਾਂ ਦੀ ਲੜੀ ਨੂੰ ਅੱਗੇ ਤੋਰਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਆਪਣੇ ਗੁਰਧਾਮਾਂ ਦੀ ਬੇਅਦਬੀ ਬਰਦਾਸ਼ਤ ਨਹੀਂ ਕਰ ਸਕਦੀ।
ਮਾਨ ਵਲੋਂ ਸੰਬੋਧਨ
ਗੁ: ਸ੍ਰੀ ਥੜਾ ਸਾਹਿਬ ਨੇੜੇ ਸੰਗਤ ਨੂੰ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ, ਸ਼੍ਰੋਮਣੀ ਕਮੇਟੀ ਅਤੇ ਅਕਾਲੀ ਦਲ ਬਾਦਲ ਵਲੋਂ ਮਿਲ ਕੇ ਸ਼੍ਰੋਮਣੀ ਕਮੇਟੀ ਦੀ ਚੋਣ ਨਾ ਕਰਵਾ ਕੇ ਸਾਨੂੰ ਜਮਹੂਰੀ ਹੱਕਾਂ ਤੋਂ ਵਾਂਝਿਆਂ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਉਨ੍ਹਾਂ ਦੀ ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ ਤੇ ਪ੍ਰੋ: ਚੰਦੂਮਾਜਰਾ ਨਾਲ ਬੈਠਕ ਹੋਈ ਸੀ, ਜਿਸ ਵਿਚ ਉਨ੍ਹਾਂ ਨੇ ਸੁਖਬੀਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਅਹੁਦਾ ਛੱਡ ਕੇ ਕਿਸੇ ਬੰਦੀ ਸਿੰਘ ਨੂੰੂ ਦੇਣ ਲਈ ਕਿਹਾ ਸੀ। ਮਾਨ ਨੇ ਕਿਹਾ ਕਿ ਪ੍ਰੋ: ਦਵਿੰਦਰ ਸਿੰਘ ਭੁੱਲਰ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ, ਭਾਈ ਜਗਤਾਰ ਸਿੰਘ ਹਵਾਰਾ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਅਤੇ ਭਾਈ ਦਯਾ ਸਿੰਘ ਲਾਹੌਰੀਆ ਨੂੰ ਦਮਦਮੀ ਟਕਸਾਲ ਦਾ ਮੁਖੀ ਬਣਾ ਦਿੱਤਾ ਜਾਵੇ। ਸ: ਮਾਨ ਨੇ ਸਿੱਧੂ ਮੂਸੇਵਾਲਾ ਨੂੰ ਯਾਦ ਕਰਦੇ ਹੋਏ ਉਸ ਦੀ ਹੱਤਿਆ ਦੀ ਪੜਤਾਲ ਕੌਮਾਂਤਰੀ ਤੌਰ 'ਤੇ ਕਰਵਾਉਣ ਦੀ ਮੰਗ ਕੀਤੀ।
ਭਾਈ ਧਿਆਨ ਸਿੰਘ ਮੰਡ ਨੇ ਪੜ੍ਹਿਆ ਸੰਦੇਸ਼
ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ਼ਹੀਦੀ ਯਾਦਗਾਰ ਦੀਆਂ ਪੌੜੀਆਂ 'ਚ ਖੜ੍ਹੇ ਹੋ ਕੇ ਕੌਮ ਦੇ ਨਾਂਅ ਸੰਦੇਸ਼ ਪੜ੍ਹਦਿਆਂ ਕਿਹਾ ਕਿ ਅੱਜ ਦਾ ਦਿਨ ਭਾਰਤ ਦੇ ਲੋਕਤੰਤਰ ਦੇ ਇਤਿਹਾਸ 'ਚ ਇਕ ਕਾਲੇ ਦਿਨ ਵਜੋਂ ਦਰਜ ਹੈ, ਜਦੋਂ ਆਪਣੇ ਹੀ ਮੁਲਕ ਦੀ ਫ਼ੌਜ ਨੇ ਸਰਬ ਸਾਂਝੀਵਾਲਤਾ ਦੇ ਸੋਮੇ ਸ੍ਰੀ ਦਰਬਾਰ ਸਾਹਿਬ ਉੱਤੇ ਤੋਪਾਂ ਟੈਂਕਾਂ ਨਾਲ ਹਮਲਾ ਕਰਕੇ ਹਜ਼ਾਰਾਂ ਬੇਗੁਨਾਹ ਬੀਬੀਆਂ, ਬੱਚਿਆਂ ਅਤੇ ਸਿੰਘਾਂ ਨੂੰ ਸ਼ਹੀਦ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅੱਜ ਸਿੱਖ ਪੰਥ ਅਤੇ ਪੰਜਾਬ 'ਤੇ ਚਹੁੰ ਪਾਸੜ ਹਮਲਾ ਹੋ ਰਿਹਾ ਹੈ, ਸਿੱਖ ਹਿਜਰਤ ਕਰਕੇ ਵਿਦੇਸ਼ੀ ਧਰਤੀਆਂ 'ਤੇ ਵਸਦੇ ਜਾ ਰਹੇ ਹਨ, ਪੰਜਾਬ ਖ਼ਾਲੀ ਹੋ ਰਿਹਾ ਹੈ। ਸਿੱਖ ਬੱਚੇ ਨਸ਼ਿਆਂ ਦੀ ਅਲਾਮਤ ਨੇ ਘੇਰ ਲਏ ਹਨ। ਜਿਨ੍ਹਾਂ ਨੌਜਵਾਨਾਂ 'ਚ ਜਜ਼ਬਾ ਤੇ ਜਮੀਰ ਜਿਊਂਦੀ ਹੈ, ਉਨ੍ਹਾਂ ਨੂੰ ਸਾਡੇ ਸਿਸਟਮ ਨੇ ਗੈਂਗਸਟਰ ਬਣਾ ਦਿੱਤਾ, ਸਿੱਧੂਮੂਸੇ ਵਾਲਾ ਵਰਗੇ ਨੌਜਵਾਨ ਖ਼ਾਨਾ-ਜੰਗੀ ਦੀ ਭੇਟ ਚੜ੍ਹਦੇ ਨਜ਼ਰ ਆ ਰਹੇ ਹਨ। ਕੁਝ ਨੌਜਵਾਨ ਗੈਂਗਸਟਰਾਂ ਦੇ ਲੇਬਲ ਕਰ ਕੇ ਸਰਕਾਰਾਂ ਵਲੋਂ ਖ਼ਤਮ ਕਰ ਦਿੱਤੇ ਜਾਣਗੇ, ਕੁੱਲ ਮਿਲਾ ਕੇ ਨੁਕਸਾਨ ਸਿੱਖ ਪੰਥ ਦਾ ਹੀ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਆਗੂ ਕੌਮ ਦੇ ਮਸਲਿਆਂ ਤੋਂ ਮੂੰਹ ਮੋੜ ਚੁੱਕੇ ਹਨ ਅਤੇ ਕੁਰਸੀਆਂ ਦੀ ਦੌੜ ਵਿਚ ਰੁੱਝੇ ਹੋਏ ਹਨ। ਅਜਿਹੀ ਔਖੀ ਘੜੀ 'ਚ ਹਰ ਸਿੱਖ ਨੂੰ ਆਪਣੀ ਜ਼ਿੰਮੇਵਾਰੀ ਦਾ ਅਹਿਸਾਸ ਕਰਨਾ ਚਾਹੀਦਾ ਹੈ।
ਦਮਦਮੀ ਟਕਸਾਲ ਤੇ ਨਿਹੰਗ ਸਿੰਘ ਸੰਪਰਦਾ ਬੁੱਢਾ ਦਲ ਦੇ ਮੁਖੀ ਰਹੇ ਗ਼ੈਰ-ਹਾਜ਼ਰ
ਅੱਜ ਦੇ ਸਮਾਗਮ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਅਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇ: ਬਾਬਾ ਬਲਬੀਰ ਸਿੰਘ 95 ਕਰੋੜੀ ਨਜ਼ਰ ਨਹੀਂ ਆਏ। ਹਾਲਾਂਕਿ ਟਕਸਾਲ ਵਲੋਂ ਅੱਜ ਚੌਕ ਮਹਿਤਾ ਵਿਖੇ ਆਪਣੇ ਹੈੱਡਕੁਆਟਰ ਵਿਖੇ ਵੱਖਰੇ ਤੌਰ 'ਤੇ ਸ਼ਹੀਦੀ ਸਮਾਗਮ ਕਰਵਾਇਆ ਗਿਆ ਸੀ।
ਸਿੱਖ ਸ਼ਖ਼ਸੀਅਤਾਂ
ਸਮਾਗਮ 'ਚ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਦਲ ਬਾਬਾ ਬਿਧੀ ਚੰਦ ਸੰਪ੍ਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਅਕਾਲੀ ਆਗੂ ਸਿਮਰਨਜੀਤ ਸਿੰਘ ਮਾਨ, ਦਲ ਖ਼ਾਲਸਾ ਦੇ ਆਗੂ ਕੰਵਰਪਾਲ ਸਿੰਘ, ਅਕਾਲੀ ਦਲ ਸੰਯੁਕਤ ਦੇ ਆਗੂ ਐਡਵੋਕੇਟ ਜਸਬੀਰ ਸਿੰਘ ਘੁੰਮਣ ਤੇ ਮਨਜੀਤ ਸਿੰਘ ਭੋਮਾ, ਫੈਡਰੇਸ਼ਨ ਆਗੂ ਅਮਰਬੀਰ ਸਿੰਘ ਢੋਟ ਤੇ ਭਾਈ ਪਰਮਜੀਤ ਸਿੰਘ ਖ਼ਾਲਸਾ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਹਵਾਰਾ ਕਮੇਟੀ ਤੋਂ ਪ੍ਰੋ. ਬਲਜਿੰਦਰ ਸਿੰਘ, ਨਰਾਇਣ ਸਿੰਘ ਚੌੜਾ, ਭਾਈ ਮੋਹਕਮ ਸਿੰਘ, ਸਰਬਜੀਤ ਸਿੰਘ ਸੋਹਲ, ਭਾਈ ਹਰਸਿਮਰਨ ਸਿੰਘ, ਜਰਨੈਲ ਸਿੰਘ ਸਖੀਰਾ, ਸ਼ਹੀਦ ਭਾਈ ਸਤਵੰਤ ਸਿੰਘ ਦੇ ਭਰਾ ਭਾਈ ਵਰਿਆਮ ਸਿੰਘ, ਅਕਾਲ ਤਖ਼ਤ ਸਕੱਤਰੇਤ ਦੇ ਆਨ: ਸਕੱਤਰ ਗੁਰਮੀਤ ਸਿੰਘ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਜਨ: ਸਕੱਤਰ ਕਰਨੈਲ ਸਿੰਘ ਪੰਜੋਲੀ, ਹਰਜਾਪ ਸਿੰਘ ਸੁਲਤਾਨਵਿੰਡ, ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਰਾਮ ਸਿੰਘ, ਸੁਰਜੀਤ ਸਿੰਘ ਭਿੱਟੇਵੱਡ, ਭਗਵੰਤ ਸਿੰਘ ਸਿਆਲਕਾ, ਗੁਰਬਚਨ ਸਿੰਘ ਕਰਮੂੰਵਾਲਾ, ਭੁਪਿੰਦਰ ਸਿੰਘ ਭਲਵਾਨ, ਮੰਗਵਿੰਦਰ ਸਿੰਘ ਖਾਪੜਖੇੜੀ, ਅਮਰਜੀਤ ਸਿੰਘ ਭਲਾਈਪੁਰ, ਜਗਸੀਰ ਸਿੰਘ ਮਾਂਗੇਆਣਾ, ਅਜਾਇਬ ਸਿੰਘ ਅਭਿਆਸੀ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ ਤੇ ਪ੍ਰਤਾਪ ਸਿੰਘ, ਕੁਲਵਿੰਦਰ ਸਿੰਘ ਰਮਦਾਸ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਜਸਪਾਲ ਸਿੰਘ ਢੱਡੇ, ਮਲਕੀਤ ਸਿੰਘ ਬਹਿੜਵਾਲ, ਰਣਜੀਤ ਸਿੰਘ ਕੱਲਾ, ਸੁਖਦੇਵ ਸਿੰਘ ਭੂਰਾਕੋਹਨਾ, ਰਘਬੀਰ ਸਿੰਘ ਰਾਜਾਸਾਂਸੀ, ਪਰਮਜੀਤ ਸਿੰਘ ਮੰਡ, ਰਣਜੀਤ ਸਿੰਘ ਦਮਦਮੀ ਟਕਸਾਲ ਤੇ ਬਲਵੰਤ ਸਿੰਘ ਗੋਪਾਲਾ ਸਮੇਤ ਹੋਰ ਸਿੱਖ ਆਗੂ, ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸੰਗਤਾਂ ਮੌਜੂਦ ਸਨ। ਬਾਬਾ ਬਲਜੀਤ ਸਿੰਘ ਦਾਦੁੂਵਾਲ ਤੇ ਹਰਮੀਤ ਸਿੰਘ ਕਾਲਕਾ ਪ੍ਰਧਾਨ ਦਿੱਲੀ ਕਮੇਟੀ ਵੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨ ਪੁੱਜੇ ਪਰ ਉਸ ਸਮੇਂ ਤੱਕ ਸ਼ਹੀਦੀ ਸਮਾਗਮ ਸਮਾਪਤ ਹੋ ਚੁੱਕਾ ਸੀ।
ਕਿਸੇ ਨੂੰ ਦਰਬਾਰ ਸਾਹਿਬ ਆਉਣ ਤੋਂ ਨਹੀਂ ਰੋਕਿਆ ਗਿਆ : ਡੀ. ਸੀ. ਪੀ. ਭੰਡਾਲ
ਅੱਜ ਸ਼ਹੀਦੀ ਸਮਾਗਮ ਦੌਰਾਨ ਸ੍ਰੀ ਦਰਬਾਰ ਸਾਹਿਬ ਸਮੂਹ 'ਚ ਹੋਏ ਸ਼ਰਧਾਂਜਲੀ ਸਮਾਗਮ ਅਮਨ ਅਮਾਨ ਨਾਲ ਸੰਪੂਰਨ ਹੋ ਗਏ ਹਨ ਤੇ ਇਸ ਲਈ ਸੰਗਤ ਵੀ ਆਮ ਵਾਂਗ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜਦੀ ਰਹੀ। ਪੁਲਿਸ ਵਲੋਂ ਕਿਸੇ ਵੀ ਧਿਰ ਨੂੰ ਸਮਾਗਮ 'ਚ ਸ਼ਮੂਲੀਅਤ ਕਰਨ ਤੋਂ ਨਹੀਂ ਰੋਕਿਆ ਗਿਆ। ਇਹ ਪ੍ਰਗਟਾਵਾ ਡੀ. ਸੀ. ਪੀ. (ਅਮਨ ਕਾਨੂੰਨ) ਪਰਮਿੰਦਰ ਸਿੰਘ ਭੰਡਾਲ ਵਲੋਂ ਕੀਤਾ ਗਿਆ।