ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਗੁਰਪ੍ਰੀਤ ਕੌਰ ਨਾਲ ਆਨੰਦ ਕਾਰਜ ਹੋਏ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਗੁਰਪ੍ਰੀਤ ਕੌਰ ਨਾਲ ਆਨੰਦ ਕਾਰਜ ਹੋਏ
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਡਾ. ਗੁਰਪ੍ਰੀਤ ਕੌਰ ਦੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ’ਤੇ ਆਨੰਦ ਕਾਰਜ ਹੋ ਗਏ।। ਇਸ ਦੇ ਨਾਲ ਹੀ ਡਾਕਟਰ ਗੁਰਪ੍ਰੀਤ ਕੌਰ ਭਗਵੰਤ ਮਾਨ ਦੇ ਪਤਨੀ ਬਣ ਗਏ। ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦਕਿ ਮੁੱਖ ਮੰਤਰੀ ਦਾ ਭਾਣਜਾ ਉਨ੍ਹਾਂ ਦਾ ਸਰਬਾਲਾ ਬਣਿਆ। ਇਸ ਦੌਰਾਨ ਰਾਘਵ ਚੱਢਾ ਨੇ ਵਿਆਹ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਤਸਵੀਰ ਸਾਂਝੀ ਕੀਤੀ ਹੈ।
ਮੁਹਾਲੀ(ਦਰਸ਼ਨ ਸਿੰਘ ਸੋਢੀ): ਮੁੱਖ ਮੰਤਰੀ ਭਗਵੰਤ ਮਾਨ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਆਪ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਆਪਣੇ ਪਰਿਵਾਰ ਨਾਲ ਮੁਹਾਲੀ ਏਅਰਪੋਰਟ 'ਤੇ ਪਹੁੰਚੇ। ਇੱਥੇ ਉਨ੍ਹਾਂ ਦਾ ਵਿੱਤ ਮੰਤਰੀ ਹਰਪਾਲ ਚੀਮਾ, ਪੰਜਾਬ ਦੇ ਨਵੇਂ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ, ਡੀਜੀਪੀ ਗੌਰਵ ਯਾਦਵ ਨੇ ਗਰਮਜੋਸ਼ੀ ਨਾਲ ਸਵਾਗਤ ਕੀਤਾ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ, ਕੈਬਨਿਟ ਮੰਤਰੀ ਅਮਨ ਅਰੋੜਾ, ਚੇਤਨ ਸਿੰਘ ਜੋੜਾ ਮਾਜਰਾ, ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ, ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ, ਐੱਸਐੱਸਪੀ ਵਿਵੇਕਸ਼ੀਲ ਸੋਨੀ ਅਤੇ ਉੱਘੀਆਂ ਸ਼ਖਸੀਅਤਾਂ ਮੌਜੂਦ ਸਨ। ਮੀਡੀਆ ਨਾਲ ਗੱਲਬਾਤ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਅੱਜ ਖੁਸ਼ੀ ਦਾ ਦਿਨ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਕਰਵਾਉਣ ਲਈ ਵਧਾਈ ਦਿੱਤੀ।