ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਜਨਰਲ ਦੀ ਨਿਯੁਕਤੀ ’ਤੇ ਇਤਰਾਜ਼

ਸ਼੍ਰੋਮਣੀ ਕਮੇਟੀ ਵੱਲੋਂ ਐਡਵੋਕੇਟ ਜਨਰਲ ਦੀ ਨਿਯੁਕਤੀ ’ਤੇ ਇਤਰਾਜ਼
ਅੰਮ੍ਰਿਤਸਰ:ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਦੀ ਨਿਯੁਕਤੀ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਆਖਿਆ ਕਿ ਐਡਵੋਕੇਟ ਘਈ ਡੇਰਾ ਸਿਰਸਾ ਮੁਖੀ ਦੇ ਕੇਸ ਸਣੇ ਹੋਰ ਬਹੁਤ ਸਾਰੇ ਵਿਵਾਦਤ ਮਾਮਲਿਆਂ ਦੇ ਕੇਸ ਲੜ ਰਹੇ ਹਨ, ਇਸ ਲਈ ਉਨ੍ਹਾਂ ਦੀ ਨਿਯੁਕਤੀ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦਾ ਐਡਵੋਕੇਟ ਜਨਰਲ ਨਿਰਪੱਖ, ਪੰਜਾਬ ਦੀਆਂ ਤਰਜੀਹਾਂ ਨੂੰ ਸਮਝਣ ਵਾਲਾ ਤੇ ਖਿੱਤੇ ਦੇ ਹਿੱਤਾਂ ਦੀ ਰਖਵਾਲੀ ਕਰਨ ਵਾਲਾ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਐਡਵੋਕੇਟ ਜਨਰਲ ਸਿੱਖ ਹੋਣਾ ਚਾਹੀਦਾ ਹੈ। ਉਨ੍ਹਾਂ ਪੰਜਾਬ ਦੇ ਰਾਜਪਾਲ ਤੋਂ ਮੰਗ ਕੀਤੀ ਕਿ ਐਡਵੋਕੇਟ ਜਨਰਲ ਦੀ ਨਿਯੁਕਤੀ ਨੂੰ ਰੱਦ ਕੀਤਾ ਜਾਵੇ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਉੱਚ ਅਦਲਤਾਂ ਵਿੱਚ ਸਿੱਖ ਜੱਜਾਂ ਦੀ ਘਟ ਰਹੀ ਗਿਣਤੀ ’ਤੇ ਵੀ ਚਿੰਤਾ ਪ੍ਰਗਟ ਕੀਤੀ ਹੈ।