ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ: ਅਮਨ ਅਰੋੜਾ

ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ: ਅਮਨ ਅਰੋੜਾ
ਚੰਡੀਗੜ੍ਹ-ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਨੇ ਅੱਜ ਸੂਬੇ ਦੀ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਸੱਤ ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸੱਤ ਮਹੀਨਿਆਂ ਵਿੱਚ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਾਧੂ ਕੰਮ ਕੀਤੇ ਹਨ ਅਤੇ 220 ਸਿਆਸਤਦਾਨਾਂ ਅਤੇ ਅਧਿਕਾਰੀਆਂ ਨੂੰ ਭ੍ਰਿਸ਼ਟਾਚਾਰ ਦੇ ਮਾਮਲਿਆਂ ’ਚ ਗ੍ਰਿਫ਼ਤਾਰ ਕਰ ਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਹੈ। ਸ੍ਰੀ ਅਰੋੜਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਪੰਜਾਬ ਦੀ ਗੁਆਚੀ ਸ਼ਾਨ ਨੂੰ ਵਾਪਸ ਲਿਆਉਣ ਲਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਹੋਈ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ 8,736 ਕੱਚੇ ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ ਅਤੇ ਬਾਕੀ ਰਹਿੰਦੇ 28 ਹਜ਼ਾਰ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪ੍ਰਕਿਰਿਆ ਜਾਰੀ ਹੈ। ਇਸ ਦੇ ਨਾਲ ਹੀ ਪੁਲੀਸ ਵਿਭਾਗ ਵਿੱਚ 2500 ਆਸਾਮੀਆਂ ਭਰ ਦਿੱਤੀਆਂ ਹਨ ਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,000 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਆਰੰਭ ਦਿੱਤੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਟਾਸਕ ਫੋਰਸ ਦਾ ਗਠਨ ਕਰ ਕੇ ਹੁਣ ਤੱਕ ਕਈ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਲੋਕਾਂ ਦੀ ਸਹੂਲਤ ਲਈ 100 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ, ਜਦੋਂ ਕਿ ਰਾਜ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਐਲਾਨ ਕੀਤਾ ਗਿਆ ਹੈ। ਸ੍ਰੀ ਅਰੋੜਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ 7,275 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਐੱਮਐੱਸਪੀ ’ਤੇ ਮੂੰਗੀ ਦੀ ਖਰੀਦ ਕਰ ਕੇ ਕਿਸਾਨਾਂ ਨੂੰ ਤੀਜੀ ਫਸਲ ਬੀਜਣ ਲਈ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਟਿਊਬਵੈੱਲਾਂ ’ਤੇ ਲੋਡ ਵਧਾਉਣ ਦਾ ਖਰਚਾ ਵੀ ਘੱਟ ਕੀਤਾ ਅਤੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਿੱਤੀ ਹੈ। ਸਰਕਾਰ ਵੱਲੋਂ ਗੰਨੇ ਦਾ ਭਾਅ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 360 ਰੁਪਏ ਤੋਂ 380 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਸੂਬੇ ਵਿੱਚ ਹਰ ਵਰਗ ਨੂੰ 600 ਯੂਨਿਟ ਪ੍ਰਤੀ ਬਿੱਲ ਬਿਜਲੀ ਮੁਫ਼ਤ ਦੇ ਰਹੀ ਹੈ ਤੇ ਲੋਕਾਂ ਦੇ ਬਕਾਇਆ ਬਿੱਲ ਵੀ ਮੁਆਫ ਕਰ ਦਿੱਤੇ ਹਨ।