ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਮੁਅੱਤਲ

ਅਕਾਲੀ ਦਲ ਵੱਲੋਂ ਬੀਬੀ ਜਗੀਰ ਕੌਰ ਮੁਅੱਤਲ
ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੀਨੀਅਰ ਆਗੂ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਪਾਰਟੀ ਵਿੱਚੋਂ ਮੁਅੱਤਲ ਕਰ ਦਿੱਤਾ। ਉਨ੍ਹਾਂ ’ਤੇ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਦਾ ਦੋਸ਼ ਲਾਉਂਦਿਆਂ ਦੋ ਦਿਨ ਵਿੱਚ ਜਵਾਬ ਮੰਗਿਆ ਗਿਆ ਹੈ। ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿੱਚ ਲਿਆ ਗਿਆ। ਮੀਟਿੰਗ ਦੌਰਾਨ ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਜੇਕਰ ਬੀਬੀ ਜਗੀਰ ਕੌਰ ਖ਼ਿਲਾਫ਼ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ ਪਾਰਟੀ ਅੰਦਰ ਬਾਗ਼ੀਆਂ ਦਾ ਕਾਫ਼ਲਾ ਲੰਮਾ ਹੋ ਸਕਦਾ ਹੈ। ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਦੀ ਪਾਰਟੀ ਵਿੱਚੋਂ ਮੁਅੱਤਲੀ ਦਾ ਐਲਾਨ ਕਰਦਿਆਂ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਬੀਬੀ ਜਗੀਰ ਕੌਰ ਲਈ ਇਹ ਲਾਜ਼ਮੀ ਹੋਵੇਗਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਅਹੁਦੇਦਾਰਾਂ ਦੀ 9 ਨਵੰਬਰ ਨੂੰ ਹੋਣ ਵਾਲੀ ਚੋਣ ਦੌਰਾਨ ਮੈਦਾਨ ਵਿੱਚੋਂ ਹਟ ਜਾਣ, ਨਹੀਂ ਤਾਂ ਪਾਰਟੀ ਸਖ਼ਤ ਕਾਰਵਾਈ ਕਰੇਗੀ। ਦੋ ਦਿਨ ਦੇ ਅਲਟੀਮੇਟਮ ਮਗਰੋਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢਿਆ ਵੀ ਜਾ ਸਕਦਾ ਹੈ। ਸ੍ਰੀ ਮਲੂਕਾ ਨੇ ਦੋਸ਼ ਲਾਇਆ ਕਿ ਬੀਬੀ ਜਗੀਰ ਕੌਰ ਪਿਛਲੇ ਚਾਰ ਮਹੀਨਿਆਂ ਤੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰ ਰਹੇ ਹਨ ਅਤੇ ਅਕਾਲੀ ਦਲ ਵਿਰੋਧੀ ਤਾਕਤਾਂ ਨਾਲ ਰਲੇ ਹੋਏ ਹਨ। ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਮਨਾਉਣ ਦਾ ਕਾਫ਼ੀ ਯਤਨ ਕੀਤਾ ਗਿਆ ਤੇ ਸੀਨੀਅਰ ਆਗੂਆਂ ਡਾ. ਦਲਜੀਤ ਸਿੰਘ ਚੀਮਾ ਤੇ ਸੁਰਜੀਤ ਸਿੰਘ ਰੱਖੜਾ ਨੇ ਵੀ ਉਨ੍ਹਾਂ ਨਾਲ ਤਿੰਨ ਘੰਟੇ ਮੀਟਿੰਗ ਕੀਤੀ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਉਨ੍ਹਾਂ ਨਾਲ ਮੁਲਾਕਾਤ ਕਰ ਚੁੱਕੇ ਹਨ, ਪਰ ਉਹ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜਨ ਦੇ ਫ਼ੈਸਲੇ ’ਤੇ ਅੜੇ ਹੋਏ ਹਨ। ਸ੍ਰੀ ਮਲੂਕਾ ਨੇ ਦਾਅਵਾ ਕੀਤਾ ਕਿ ਉਨ੍ਹਾਂ ਨੂੰ ਸ਼ਿਕਾਇਤਾਂ ਮਿਲੀਆਂ ਹਨ ਕਿ ਬੀਬੀ ਜਗੀਰ ਕੌਰ ਸ਼੍ਰੋਮਣੀ ਕਮੇਟੀ ਮੈਂਬਰਾਂ ’ਤੇ ਪ੍ਰਧਾਨਗੀ ਦੀ ਚੋਣ ਮੌਕੇ ਹਮਾਇਤ ਲਈ ਦਬਾਅ ਬਣਾ ਰਹੇ ਹਨ। ਸ੍ਰੀ ਮਲੂਕਾ ਨੇ ਦੋਸ਼ ਲਾਇਆ ਕਿ ਪਹਿਲਾਂ ਕਾਂਗਰਸ ਤੇ ਹੁਣ ਭਾਜਪਾ ਸਿੱਖਾਂ ਦੇ ਅੰਦਰੂਨੀ ਮਾਮਲਿਆਂ ਵਿੱਚ ਦਖ਼ਲ ਦੇ ਰਹੇ ਹਨ। ਸ੍ਰੀ ਮਲੂਕਾ ਨੇ ਦੱਸਿਆ ਕਿ ਅਨੁਸ਼ਾਸਨੀ ਕਮੇਟੀ ਦੀ ਮੀਟਿੰਗ ਵਿੱਚ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਵੱਲੋਂ ਜਾਰੀ ਨੋਟਿਸ ਦੇ ਜਵਾਬ ਬਾਰੇ ਵੀ ਚਰਚਾ ਕੀਤੀ ਗਈ, ਪਰ ਇਸ ਨੂੰ ਤਸੱਲੀਬਖ਼ਸ਼ ਨਹੀਂ ਮੰਨਿਆ ਗਿਆ। ਇਸ ਮੀਟਿੰਗ ਵਿੱਚ ਸ਼ਰਨਜੀਤ ਸਿੰਘ ਢਿੱਲੋਂ, ਵਿਰਸਾ ਸਿੰਘ ਵਲਟੋਹਾ, ਡਾ. ਸੁਖਵਿੰਦਰ ਕੁਮਾਰ ਤੇ ਮਨਤਾਰ ਸਿੰਘ ਬਰਾੜ ਵੀ ਸ਼ਾਮਲ ਸਨ।