ਸੁਖਬੀਰ ਵਲੋਂ ਅਕਾਲੀ ਦਲ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ

ਸੁਖਬੀਰ ਵਲੋਂ ਅਕਾਲੀ ਦਲ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ
ਚੰਡੀਗੜ੍ਹ -ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਦਾ ਐਲਾਨ ਕਰਦਿਆਂ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਮੁੱਖ ਸਰਪ੍ਰਸਤ ਤੇ ਸ. ਰਣਜੀਤ ਸਿੰਘ ਬ੍ਰਹਮਪੁਰਾ ਨੂੰ ਸਰਪ੍ਰਸਤ ਬਣਾਇਆ ਗਿਆ ਹੈ ਤੇ ਇਸ ਦੇ ਨਾਲ ਹੀ 9 ਮੈਂਬਰੀ ਸਲਾਹਕਾਰ ਬੋਰਡ ਤੇ 24 ਮੈਂਬਰੀ ਕੋਰ ਕਮੇਟੀ ਦਾ ਵੀ ਐਲਾਨ ਕੀਤਾ ਗਿਆ | ਸਲਾਹਕਾਰ ਬੋਰਡ ਵਿਚ ਚਰਨਜੀਤ ਸਿੰਘ ਅਟਵਾਲ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਉਪਿੰਦਰਜੀਤ ਕੌਰ, ਮਦਨ ਮੋਹਨ ਮਿੱਤਲ, ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਵੀਰ ਸਿੰਘ ਲੋਪੋਕੇ, ਵਰਿੰਦਰ ਸਿੰਘ ਬਾਜਵਾ ਤੇ ਜਰਨੈਲ ਸਿੰਘ ਵਾਹਦ ਨੂੰ ਸ਼ਾਮਿਲ ਕੀਤਾ ਗਿਆ ਹੈ | ਇਸੇ ਤਰ੍ਹਾਂ ਕੋਰ ਕਮੇਟੀ ਵਿਚ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਜਨਮੇਜਾ ਸਿੰਘ ਸੇਖੋਂ, ਡਾ. ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਹੀਰਾ ਸਿੰਘ ਗਾਬੜੀਆ, ਐਨ. ਕੇ. ਸ਼ਰਮਾ, ਇਕਬਾਲ ਸਿੰਘ ਝੂੰਦਾਂ, ਡਾ. ਸੁਖਵਿੰਦਰ ਸੁੱਖੀ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਕੁਮਾਰ ਟੀਨੂੰ, ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਲਖਬੀਰ ਸਿੰਘ ਲੋਧੀਨੰਗਲ ਤੇ ਸ੍ਰੀਮਤੀ ਸੁਨੀਤਾ ਚੌਧਰੀ ਨੂੰ ਲਿਆ ਗਿਆ ਹੈ | ਇਸ ਤੋਂ ਇਲਾਵਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ, ਇਸਤਰੀ ਅਕਾਲੀ ਦਲ ਦੇ ਪ੍ਰਧਾਨ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ ਦੇ ਪ੍ਰਧਾਨ ਨੂੰ ਵੀ ਅਹੁਦੇ ਕਾਰਨ ਕੋਰ ਕਮੇਟੀ ਦੇ ਮੈਂਬਰ ਵਜੋਂ ਲਿਆ ਗਿਆ ਹੈ ਤੇ ਪਰਮਜੀਤ ਸਿੰਘ ਸਰਨਾ ਤੇ ਨਰੇਸ਼ ਗੁਜਰਾਲ ਨੂੰ ਵਿਸ਼ੇਸ਼ ਇਨਵਾਇਟੀ ਵਜੋਂ ਕੋਰ ਕਮੇਟੀ ਦਾ ਮੈਂਬਰ ਲਿਆ ਗਿਆ ਹੈ | ਜ਼ਿਕਰਯੋਗ ਹੈ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਹੋਈ ਭਾਰੀ ਨਮੋਸ਼ੀਜਨਕ ਹਾਰ ਤੋਂ ਬਾਅਦ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿਚ ਬਣਾਈ ਸਮੀਖਿਆ ਕਮੇਟੀ ਦੀ ਰਿਪੋਰਟ ਉਪਰੰਤ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੇ ਸਮੁੱਚੇ ਜਥੇਬੰਦਕ ਢਾਂਚੇ ਨੂੰ ਭੰਗ ਕਰਕੇ 30 ਨਵੰਬਰ ਤੱਕ ਪਾਰਟੀ ਦੇ ਨਵੇਂ ਜਥੇਬੰਦਕ ਢਾਂਚੇ ਨੂੰ ਬਣਾਉਣ ਦਾ ਐਲਾਨ ਕੀਤਾ ਸੀ | ਜਿਸ ਤਹਿਤ ਅੱਜ ਐਲਾਨੀ ਗਈ ਇਸ ਨਵੀਂ ਕੋਰ ਕਮੇਟੀ ਵਿਚ ਲਗਭਗ ਪਿਛਲੇ ਸਾਰੇ ਹੀ ਕੋਰ ਕਮੇਟੀ ਮੈਂਬਰ ਸ਼ਾਮਿਲ ਕਰਨ ਦੇ ਨਾਲ-ਨਾਲ 12 ਜਿਹੜੇ ਨਵੇਂ ਚਿਹਰੇ ਸ਼ਾਮਿਲ ਕੀਤੇ ਗਏ ਹਨ ਉਨ੍ਹਾਂ 'ਚੋਂ ਇਕਬਾਲ ਸਿੰਘ ਝੂੰਦਾਂ ਸਮੇਤ 6 ਮੈਂਬਰ 13 ਮੈਂਬਰੀ ਸਮੀਖਿਆ ਕਮੇਟੀ 'ਚੋਂ ਲਏ ਗਏ ਹਨ | ਪਾਰਟੀ ਦੇ ਸੀਨੀਅਰ ਆਗੂ ਜਗਮੀਤ ਸਿੰਘ ਬਰਾੜ ਜੋ ਕਿ ਪਿਛਲੀ ਕੋਰ ਕਮੇਟੀ ਦੇ ਮੈਂਬਰ ਵੀ ਸਨ ਤੇ ਮਨਪ੍ਰੀਤ ਸਿੰਘ ਇਯਾਲੀ ਜੋ ਕਿ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਵਿਧਾਇਕ ਦਲ ਦੇ ਨੇਤਾ ਵੀ ਹਨ ਅਤੇ ਰਵੀਕਰਨ ਸਿੰਘ ਕਾਹਲੋਂ ਜੋ ਕਿ ਪਾਰਟੀ ਦੇ ਢਾਂਚੇ ਵਿਚ ਮੁੱਢਲੇ ਪੱਧਰ ਤੋਂ ਤਬਦੀਲੀਆਂ ਦੀ ਮੰਗ ਕਰਦੇ ਆ ਰਹੇ ਹਨ, ਇਨ੍ਹਾਂ ਨੂੰ ਨਵੀਂ ਕੋਰ ਕਮੇਟੀ ਵਿਚ ਸ਼ਾਮਿਲ ਨਹੀਂ ਕੀਤਾ ਗਿਆ | ਸ੍ਰੀ ਮਦਨ ਮੋਹਨ ਮਿੱਤਲ ਦਾ ਨਾਂਅ ਵੀ ਸਲਾਹਕਾਰ ਬੋਰਡ ਵਿਚ ਜਾਰੀ ਕੀਤੀ ਪਹਿਲੀ ਸੂਚੀ ਵਿਚ ਸ਼ਾਮਿਲ ਨਹੀਂ ਸੀ ਪ੍ਰੰਤੂ ਬਾਅਦ ਵਿਚ ਜੋ ਪ੍ਰੈੱਸ ਨੋਟ ਜਾਰੀ ਕੀਤਾ ਗਿਆ ਉਸ ਵਿਚ ਸ਼ਾਮਿਲ ਕੀਤਾ ਗਿਆ ਹੈ |