ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਦੇਹਾਂਤ
ਜਲੰਧਰ-ਕਾਂਗਰਸ ਦੇ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਅੱਜ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਹ 76 ਵਰ੍ਹਿਆਂ ਦੇ ਸਨ। ਉਨ੍ਹਾਂ ਨੂੰ ਦਿਲ ਦਾ ਦੌਰਾ ਪੈਣ ਮਗਰੋਂ ਤੁਰੰਤ ਐਂਬੂਲੈਂਸ ਦੀ ਮਦਦ ਨਾਲ ਫਗਵਾੜਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਸ੍ਰੀ ਚੌਧਰੀ ਦੇ ਦੇਹਾਂਤ ਦੀ ਖ਼ਬਰ ਮਿਲਣ ਮਗਰੋਂ ਕਾਂਗਰਸ ਨੇ ਭਾਰਤ ਜੋੜੋ ਯਾਤਰਾ 24 ਘੰਟੇ ਲਈ ਮੁਲਤਵੀ ਕਰ ਦਿੱਤੀ ਹੈ। ਰਾਹੁਲ ਗਾਂਧੀ ਨੇ ਵੀ 15 ਜਨਵਰੀ ਨੂੰ ਜਲੰਧਰ ’ਚ ਹੋਣ ਵਾਲੀ ਪ੍ਰੈੱਸ ਕਾਨਫਰੰਸ ਮੁਲਤਵੀ ਕਰ ਦਿੱਤੀ ਹੈ ਤੇ ਇਹ ਹੁਣ 17 ਜਨਵਰੀ ਨੂੰ ਹੁਸ਼ਿਆਰਪੁਰ ’ਚ ਹੋਵੇਗੀ।
ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਜੋੜੋ ਯਾਤਰਾ ਅੱਜ ਸਵੇਰੇ ਲਾਡੋਵਾਲ ਟੌਲ ਪਲਾਜ਼ੇ ਤੋਂ ਜਲੰਧਰ ਜ਼ਿਲ੍ਹੇ ’ਚ ਦਾਖਲ ਹੋਈ ਸੀ, ਜਿਸ ਹਲਕੇ ਤੋਂ ਸੰਤੋਖ ਸਿੰਘ ਚੌਧਰੀ ਸੰਸਦ ਮੈਂਬਰ ਸਨ। ਦਿਲ ਦਾ ਦੌਰਾ ਪੈਣ ਤੋਂ ਪਹਿਲਾਂ ਉਹ ਸਥਾਨਕ ਮੁੱਖ ਚੌਕ ’ਚ ਲੱਗੀ ਸਟੇਜ ਤੋਂ ਆਪਣੇ ਸਮਰਥਕਾਂ ਦਾ ਉਤਸ਼ਾਹ ਵਧਾ ਰਹੇ ਸਨ। ਉਹ ਆਪ ਨਾਅਰੇ ਮਾਰ ਕੇ ਲੋਕਾਂ ਨੂੰ ਜਾਗਰੂਕ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਆਰੰਭੀ ਯਾਤਰਾ ਦੇ ਇਸ ਮਿਸ਼ਨ ਨੂੰ ਵੱਡੀ ਕਾਮਯਾਬੀ ਮਿਲ ਰਹੀ ਹੈ। ਮੌਜੂਦਾ ਸਿਸਟਮ ਦੇਸ਼ ਨੂੰ ਤੋੜ ਰਿਹਾ ਹੈ ਤੇ ਨਫ਼ਰਤ ਪੈਦਾ ਕਰ ਰਿਹਾ ਹੈ ਜਦਕਿ ਇਹ ਯਾਤਰਾ ਦੇਸ਼ ਨੂੰ ਜੋੜ ਰਹੀ ਹੈ। ਰਾਹੁਲ ਗਾਂਧੀ ਦਾ ਕਾਫ਼ਲਾ ਜਿਵੇਂ ਹੀ ਸਟੇਜ ਕੋਲ ਪੁੱਜਾ ਤਾਂ ਸੰਤੋਖ ਸਿੰਘ ਚੌਧਰੀ ਦੀ ਅਗਵਾਈ ਹੇਠ ਵੱਖ-ਵੱਖ ਧਰਮਾਂ ਦੇ ਨੁਮਾਇੰਦਿਆਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਫਿਲੌਰ ਹਲਕੇ ਤੋਂ ਵਿਧਾਇਕ ਉਨ੍ਹਾਂ ਦੇ ਪੁੱਤਰ ਵਿਕਰਮਜੀਤ ਸਿੰਘ ਚੌਧਰੀ, ਪਤਨੀ ਕਰਮਜੀਤ ਕੌਰ ਤੋਂ ਇਲਾਵਾ ਰਾਜਾ ਵੜਿੰਗ ਸਮੇਤ ਹੋਰ ਕਈ ਆਗੂ ਹਾਜ਼ਰ ਸਨ। ਇੱਥੇ ਕੁਝ ਮਿੰਟ ਰੁਕਣ ਮਗਰੋਂ ਇਹ ਕਾਫਲਾ ਅੱਗੇ ਡੇਢ ਦੋ ਕਿਲੋਮੀਟਰ ਕੁਸ਼ਟ ਆਸ਼ਰਮ ਅੱਗਿਓਂ ਲੰਘਿਆ ਤਾਂ ਸੰਤੋਖ ਸਿੰਘ ਚੌਧਰੀ ਅਚਾਨਕ ਡਿੱਗ ਪਏ। ਯਾਤਰਾ ਦੇ ਨਾਲ ਚੱਲ ਰਹੀ ਐਂਬੂਲੈਂਸ ਰਾਹੀਂ ਉਨ੍ਹਾਂ ਨੂੰ ਤੁਰੰਤ ਫਗਵਾੜਾ ਦੇ ਵਿਰਕ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੇ ਦੇਹਾਂਤ ਮਗਰੋਂ ਕਾਫਲੇ ’ਚ ਵੱਜਦਾ ਸੰਗੀਤ ਬੰਦ ਕਰ ਦਿੱਤਾ ਗਿਆ ਤੇ ਦੋ ਮਿੰਟ ਦਾ ਮੌਨ ਧਾਰ ਕੇ ਸੰਤੋਖ ਸਿੰਘ ਚੌਧਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮਗਰੋਂ ਰਾਹੁਲ ਗਾਂਧੀ ਯਾਤਰਾ ਛੱਡ ਕੇ ਜਲੰਧਰ ਲਈ ਰਵਾਨਾ ਹੋ ਗਏ। ਇਹ ਯਾਤਰਾ ਆਪਣੇ ਅਗਲੇ ਪੜਾਅ ਗੁਰਾਇਆ ਲਈ ਬਿਨਾਂ ਉਤਸ਼ਾਹੀ ਮਾਹੌਲ ਤੋਂ ਅੱਗੇ ਵਧ ਗਈ। ਉਨ੍ਹਾਂ ਦੇ ਪੁੱਤਰ ਚੌਧਰੀ ਵਿਕਰਮਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਨੇ ਸਾਰੇ ਧਰਮਾਂ ਦੇ ਆਗੂਆਂ ਨੂੰ ਬੁਲਾਇਆ ਹੋਇਆ ਸੀ ਤਾਂ ਜੋ ਸਾਰੇ ਧਰਮਾਂ ਦੇ ਆਗੂਆਂ ਵੱਲੋਂ ਰਾਹੁਲ ਗਾਂਧੀ ਦਾ ਸਵਾਗਤ ਕੀਤਾ ਜਾਵੇ।
ਇਸੇ ਦੌਰਾਨ ਕਾਂਗਰਸ ਦੇ ਰਾਜ ਸਭਾ ਮੈਂਬਰ ਅਤੇ ਪਾਰਟੀ ਦੇ ਜਨਰਲ ਸਕੱਤਰ ਇੱਥੇ ਜੈਰਾਮ ਰਮੇਸ਼ ਨੇ 24 ਘੰਟੇ ਲਈ ਯਾਤਰਾ ਮੁਲਤਵੀ ਕਰਨ ਦਾ ਐਲਾਨ ਕੀਤਾ। ਸ੍ਰੀ ਰਮੇਸ਼ ਨੇ ਟਵੀਟ ਕੀਤਾ, ‘ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਜਿਸ ਕਾਰਨ ਭਾਰਤ ਜੋੜੋ ਯਾਤਰਾ 24 ਘੰਟੇ ਲਈ ਮੁਲਤਵੀ ਰਹੇਗੀ। ਜਲੰਧਰ ਦੇ ਖਾਲਸਾ ਕਾਲਜ ਗਰਾਊਂਡ ਤੋਂ ਇਹ ਯਾਤਰਾ ਭਲਕੇ ਦੁਪਹਿਰ ਨੂੰ ਮੁੜ ਸ਼ੁਰੂ ਹੋਵੇਗੀ।’ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੱਸਿਆ, ‘ਤਾਮਿਲਨਾਡੂ ਤੋਂ ਸੰਸਦ ਮੈਂਬਰ ਤੇ ਕਾਂਗਰਸ ਆਗੂ ਜੋਤੀਮਨੀ ਨੇ ਮੈਨੂੰ ਦੱਸਿਆ ਕਿ ਯਾਤਰਾ ਦੌਰਾਨ ਚੌਧਰੀ ਨੇ ਉਨ੍ਹਾਂ ਦਾ ਹਾਲਚਾਲ ਪੁੱਛਿਆ ਤੇ ਫਿਰ ਅਚਾਨਕ ਡਿੱਗ ਪਏ।’ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਉਹ ਨਾਅਰੇ ਮਾਰਦੇ ਹੋਏ ਰਾਹੁਲ ਗਾਂਧੀ ਦਾ ਸਵਾਗਤ ਕਰ ਰਹੇ ਸਨ। ਉਨ੍ਹਾਂ ਦੱਸਿਆ ਕਿ ਸ੍ਰੀ ਚੌਧਰੀ ਦੇ ਪਰਿਵਾਰ ਨੇ 15 ਜਨਵਰੀ ਨੂੰ ਸਵੇਰੇ 11 ਵਜੇ ਸਸਕਾਰ ਕਰਨ ਦਾ ਫ਼ੈਸਲਾ ਕੀਤਾ ਹੈ।
ਸੰਤੋਖ ਸਿੰਘ ਚੌਧਰੀ ਦੇ ਦੇਹਾਂਤ ਦੀ ਸੂਚਨਾ ਮਿਲਣ ਮਗਰੋਂ ਰਾਹੁਲ ਗਾਂਧੀ ਜਲੰਧਰ ਰਵਾਨਾ ਹੋ ਗਏ ਤੇ ਉਨ੍ਹਾਂ ਸ੍ਰੀ ਚੌਧਰੀ ਦੇ ਘਰ ਜਾ ਕੇ ਉਨ੍ਹਾਂ ਦੇ ਪਰਿਵਾਰ ਨਾਲ ਹਮਦਰਦੀ ਜ਼ਾਹਿਰ ਕੀਤੀ। ਇਸੇ ਦੌਰਾਨ ਕਾਂਗਰਸ ਆਗੂ ਸੋਨੀਆ ਗਾਂਧੀ, ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਪ੍ਰਤਾਪ ਸਿੰਘ ਬਾਜਵਾ ਸਮੇਤ ਸਾਰੀ ਲੀਡਰਸ਼ਿਪ ਨੇ ਸ੍ਰੀ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।