ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ

ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ

ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਮਾਰਚ
ਅੰਮ੍ਰਿਤਸਰ-ਵਿਦਿਆਰਥੀ ਜਥੇਬੰਦੀ ਸੱਥ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿੱਚ ਸਿੱਖ ਸਿਆਸੀ ਕੈਦੀਆਂ ਦੀ ਰਿਹਾਈ ਦੇ ਹੱਕ ਵਿੱਚ ਇਕ ਮਾਰਚ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਤੋਂ ਕੈਂਪਸ ਦੇ ਮੁੱਖ ਗੇਟ ’ਤਕ ਕਢਿਆ। ਇਸ ਮਾਰਚ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਵਿਦਿਆਰਥੀ ਕੇਸਰੀ ਦਸਤਾਰਾਂ ਅਤੇ ਦੁਪੱਟੇ ਲੈ ਕੇ ‘ਬੰਦੀ ਸਿੰਘਾਂ’ ਦੀ ਰਿਹਾਈ ਲਈ ਮਾਰਚ ਵਿਚ ਸ਼ਾਮਲ ਹੋਏ। ਵਿਦਿਆਰਥੀਆਂ ਨੇ ਸਿੱਖ ਕੈਦੀਆਂ ਦੀਆਂ ਫੋਟੋਆਂ ਅਤੇ ਕੈਦ ਦੇ ਵੇਰਵੇ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਸ੍ਰੋਮਣੀ ਕਮੇਟੀ ਦੀ ਮੁਹਿੰਮ ਦਾ ਸਮਰਥਨ ਕਰਦਿਆਂ ਵਿਦਿਆਰਥੀਆਂ ਨੇ ਭਾਰਤ ਦੇ ਰਾਸ਼ਟਰਪਤੀ ਨੂੰ ਦੋ ਹਜ਼ਾਰ ਤੋਂ ਵੱਧ ਅਪੀਲ ਪੱਤਰ ਭੇਜੇ ਹਨ।
ਵਿਦਿਆਰਥੀ ਜਥੇਬੰਦੀ ਨੇ ਦਹਾਕਿਆਂ ਤੋਂ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਤੋਂ ਇਲਾਵਾ ਸਕਾਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਦੀ ਰਿਹਾਈ ਦੀ ਵੀ ਮੰਗ ਕੀਤੀ ਹੈ। ਮਾਰਚ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਜੁਝਾਰ ਸਿੰਘ ਨੇ ਕਿਹਾ ਕਿ ਦੇਸ਼ ਵਿਚ ਦੋ ਵੱਖ-ਵੱਖ ਸਮਾਨਾਂਤਰ ਨਿਆਂ ਪ੍ਰਣਾਲੀਆਂ ਹਨ, ਜਿਸ ਵਿੱਚ ਬਹੁਗਿਣਤੀ ਭਾਈਚਾਰੇ ਲਈ ਕਾਨੂੰਨ ਵੱਖ ਹਨ ਅਤੇ ਘੱਟ ਗਿਣਤੀਆਂ ਲਈ ਵੱਖ। ਸਿੱਖ ਸਿਆਸੀ ਕੈਦੀ ਅਪਰਾਧੀ ਨਹੀਂ ਹਨ ਅਤੇ ਨਾ ਹੀ ਉਹ ਆਪਣੇ ਨਿੱਜੀ ਮੁਫਾਦਾਂ ਲਈ ਲੜੇ ਹਨ, ਉਨ੍ਹਾਂ ਨੇ ਸਿੱਖ ਕੌਮ ਦੇ ਸਾਂਝੇ ਹਿੱਤਾਂ ਲਈ ਸੰਘਰਸ਼ ਕੀਤਾ ਹੈ। ਸੱਥ ਦੇ ਮੈਂਬਰ ਗੁਰਵਿੰਦਰ ਸਿੰਘ ਨੇ ਕਿਹਾ ਕਿ ਦੇਸ਼ ਦੀ ਨਿਆਂ ਪ੍ਰਣਾਲੀ ਬਲਾਤਕਾਰੀਆਂ, ਕਾਤਲਾਂ, ਕਤਲੇਆਮ ਦੇ ਦੋਸ਼ੀਆਂ ਪ੍ਰਤੀ ਨਰਮ ਹੈ। ਜਦਕਿ ਦੂਜੇ ਪਾਸੇ ਸਿੱਖ ਸਿਆਸੀ ਕੈਦੀਆਂ ਨੂੰ ਪੈਰੋਲ ਵੀ ਨਹੀਂ ਦਿੱਤੀ ਜਾ ਰਹੀ। ਵਿਦਿਆਰਥੀ ਜਥੇਬੰਦੀ ਵੱਲੋਂ ਮੁਹਾਲੀ ਦੇ ਵਾਈਪੀਐਸ ਚੌਕ ਵਿੱਚ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਦਾ ਵੀ ਸਮਰਥਨ ਕੀਤਾ ਗਿਆ।
ਅੰਬੇਡਕਰ ਆਰਮੀ ਵੱਲੋਂ ਮੋਟਰਸਾਈਕਲ ਮਾਰਚ
ਸ਼ਾਹਕੋਟ :ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਅਤੇ ਮਨੁੱਖੀ ਹੱਕਾਂ ਦੇ ਪਹਿਰੇਦਾਰਾਂ ਨੂੰ ਰਿਹਾਅ ਕਰਵਾਉਣ ਦੀ ਮੰਗ ਨੂੰ ਲੈ ਕੇ ਡਾ ਬੀ.ਆਰ .ਅੰਬੇਡਕਰ ਆਰਮੀ ਦੇ ਵਰਕਰਾਂ ਨੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਢੰਡੋਵਾਲ ਦੀ ਅਗਵਾਈ ਵਿਚ ਇਲਾਕੇ ਦੇ ਪਿੰਡਾਂ ਵਿਚ ਮੋਟਰਸਾਈਕਲ ਮਾਰਚ ਕੀਤਾ। ਮਾਰਚ ਉਪਰੰਤ ਉਨ੍ਹਾਂ ਨੇ ਭਾਰਤ ਦੇ ਰਾਸ਼ਟਰਪਤੀ ਦੇ ਨਾਮ ਤਹਿਸੀਲਦਾਰ ਸ਼ਾਹਕੋਟ ਹਰਮਿੰਦਰ ਸਿੰਘ ਨੂੰ ਪੱਤਰ ਵੀ ਸੌਪਿਆ। ਕੌਮੀ ਇੰਨਸਾਫ ਮੋਰਚੇ ਵੱਲੋਂ ਮਾਰਚ ਵਿਚ ਸ਼ਾਮਲ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਅਨੇਕਾਂ ਬੰਦੀ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਅਜਿਹਾ ਕਰਕੇ ਭਾਰਤੀ ਹਾਕਮ ਸਿੱਖਾਂ ਤੇ ਪੰਜਾਬੀਆਂ ਨਾਲ ਧੱਕਾ ਕਰਕੇ ਸੰਵਿਧਾਨ ਦੀ ਉਲੰਘਣਾ ਕਰ ਰਹੇ ਹਨ। ਸ਼੍ਰੋਮਣੀ ਰੰਘਰੇਟਾ ਦਲ ਦੇ ਸੂਬਾ ਪ੍ਰਧਾਨ ਬਲਵੀਰ ਸਿੰਘ ਚੀਮਾ ਨੇ ਕਿਹਾ ਕਿ ਦੇਸ਼ ਦੇ ਮਨੁੱਖੀ ਹੱਕਾਂ ਦੇ ਪਹਿਰੇਦਾਰਾਂ ਨੂੰ ਝੂਠੇ ਮੁਕੱਦਮਿਆਂ ਵਿਚ ਫਸਾ ਕੇ ਉਨ੍ਹਾਂ ਨੂੰ ਜੇਲ੍ਹਾਂ ਅੰਦਰ ਬੰਦ ਕੀਤਾ ਹੋਇਆ ਹੈ। ਇਸ ਮੌਕੇ ਕਪਿਲ ਚੋਪੜਾ,ਸੁਰਜੀਤ ਸਿੰਘ,ਰੋਸ਼ਨ ਬਹਿਲ,ਨਰੇਸ਼ ਸੱਭਰਵਾਲ,ਸੰਦੀਪ ਸਿੰਘ ਉਧੋਵਾਲ,ਪਰਮਜੀਤ ਜੱਬੋਵਾਲ,ਚਰਨਜੀਤ ਸਿੰਘ ਸਲੈਚ,ਦਲਬੀਰ ਸਿੰਘ ਸੱਭਰਵਾਲ,ਮੰਗਾ ਮੱਟੂ,ਦੀਪਾ ਈਦਾ, ਸੰਨੀ, ਮੋਨੂੰ,ਡਾ ਬੂਟਾ,ਰਾਜਾ ਚੋਪੜਾ,ਸੁਰਜੀਤ ਮਲਸੀਆਂ ਅਤੇ ਧੀਰਾ ਤੋਂ ਇਲਾਵਾ ਅਨੇਕਾਂ ਨੌਜ਼ਵਾਨ ਹਾਜ਼ਰ ਸਨ।

Radio Mirchi