ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਸਹਾਇਤਾ ਕੇਂਦਰ ਮੁੜ ਸਥਾਪਤ

ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਸਹਾਇਤਾ ਕੇਂਦਰ ਮੁੜ ਸਥਾਪਤ
ਅੰਮ੍ਰਿਤਸਰ-ਹਿਮਾਚਲ ਪ੍ਰਦੇਸ਼ ਵਿੱਚ ਲਗਾਤਾਰ ਪੈ ਰਹੇ ਭਾਰੀ ਮੀਂਹ ਮਗਰੋਂ ਡੈਮਾਂ ਵਿੱਚ ਪਾਣੀ ਛੱਡੇ ਜਾਣ ਕਾਰਨ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਮੁੜ ਹੜ੍ਹ ਆ ਗਏ ਹਨ, ਜਿਸ ਮਗਰੋਂ ਸ਼੍ਰੋਮਣੀ ਕਮੇਟੀ ਨੇ ਪੀੜਤਾਂ ਦੀ ਸਹਾਇਤਾ ਲਈ ਮੁੜ ਆਪਣੇ ਸਹਾਇਤਾ ਕੇਂਦਰ ਸਥਾਪਤ ਕੀਤੇ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਕੁਝ ਜ਼ਿਲ੍ਹਿਆਂ ਵਿੱਚ ਦੁਬਾਰਾ ਹੜ੍ਹ ਆਉਣ ਕਾਰਨ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਸਹਾਇਤਾ ਕੇਂਦਰ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਮੁਸ਼ਕਲ ਵੇਲੇ ਵਿੱਚ ਮਨੁੱਖਤਾ ਦੀ ਸੇਵਾ ਕਰਨਾ ਸ਼੍ਰੋਮਣੀ ਕਮੇਟੀ ਦਾ ਫ਼ਰਜ਼ ਹੈ ਅਤੇ ਗੁਰੂਆਂ ਦੇ ਦਰਸਾਏ ਮਾਰਗ ’ਤੇ ਚਲਦਿਆ ਸਿੱਖ ਸੰਸਥਾ ਲੋੜਵੰਦਾਂ ਲਈ ਨਿਰੰਤਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨਾਂ ਦੌਰਾਨ ਹੜ੍ਹ ਦੀ ਮਾਰ ਹੇਠ ਆਏ ਇਲਾਕਿਆਂ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਪੀੜਤਾਂ ਲਈ ਰਿਹਾਇਸ਼, ਲੰਗਰ ਤੇ ਹੋਰ ਲੋੜੀਂਦੀਆਂ ਵਸਤਾਂ ਦੇ ਪ੍ਰਬੰਧ ਕੀਤੇ ਸਨ। ਇਸ ਦੇ ਨਾਲ-ਨਾਲ ਪਸ਼ੂਆਂ ਲਈ ਚਾਰੇ ਦਾ ਵੀ ਪ੍ਰਬੰਧ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਦੀ ਸਹੂਲਤ ਲਈ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ, ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ, ਗੁਰਦੁਆਰਾ ਗਰਨਾ ਸਾਹਿਬ ਬੋਦਲ ਹੁਸ਼ਿਆਰਪੁਰ ਤੇ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿੱਚ ਕੇਂਦਰ ਸਥਾਪਤ ਕੀਤੇ ਗਏ ਹਨ, ਜਿਨ੍ਹਾਂ ਰਾਹੀਂ ਪੀੜਤਾਂ ਲਈ ਲੰਗਰ ਤੇ ਹੋਰ ਲੋੜੀਂਦੀਆਂ ਵਸਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਪੀਲ ਕੀਤੀ ਹੈ ਕਿ ਹੜ੍ਹ ਪ੍ਰਭਾਵਿਤ ਲੋਕ ਮਦਦ ਲਈ ਸਬੰਧਤ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨਾਲ ਸੰਪਰਕ ਕਰਨ।