ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਲਾਸ਼ ਬਰਾਮਦ
ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਲਾਸ਼ ਬਰਾਮਦ
ਰੂਪਨਗਰ-ਇੱਥੇ ਸਰਹਿੰਦ ਨਹਿਰ ਵਿੱਚ ਬੀਤੇ ਦਿਨੀਂ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਵਾਲੀ ਮਹਿਲਾ ਸਹਾਇਕ ਪ੍ਰੋਫੈਸਰ ਬਲਵਿੰਦਰ ਕੌਰ ਦੀ ਲਾਸ਼ ਅੱਜ ਬਾਅਦ ਦੁਪਹਿਰ ਰੂਪਨਗਰ ਬਾਈਪਾਸ ਨੇੜਿਓਂ ਸਰਹਿੰਦ ਨਹਿਰ ਵਿੱਚੋਂ ਬਰਾਮਦ ਹੋ ਗਈ। ਡੀਐੱਸਪੀ ਤਰਲੋਚਨ ਸਿੰਘ ਦੀ ਅਗਵਾਈ ਹੇਠ ਪੁਲੀਸ ਅਤੇ ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਵਿੱਚ ਪਹੁੰਚਾਇਆ। ਇਸੇ ਦੌਰਾਨ ਮ੍ਰਿਤਕਾ ਦੀ ਜਥੇਬੰਦੀ 1158 ਸਹਾਇਕ ਪ੍ਰੋਫੈਸਰ ਅਤੇ ਲਾਇਬ੍ਰ੍ਰੇਰੀਅਨ ਸਰਕਾਰੀ ਕਾਲਜ ਫਰੰਟ ਦੇ ਧਰਨਾਕਾਰੀ ਸਾਥੀਆਂ ਤੋਂ ਇਲਾਵਾ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਸਰਬਜੀਤ ਸਿੰਘ ਝਿੰਜਰ, ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਅਤੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਜੇਵੀਰ ਸਿੰਘ ਲਾਲਪੁਰਾ ਵੀ ਮੌਕੇ ’ਤੇ ਪਹੁੰਚ ਗਏ। ਪਰਿਵਾਰਕ ਮੈਂਬਰਾਂ ਨੇ ਧਰਨਾਕਾਰੀਆਂ ਨੂੰ ਭਰੋਸਾ ਦਿੱਤਾ ਕਿ ਜਦੋਂ ਤੱਕ ਖ਼ੁਦਕੁਸ਼ੀ ਪੱਤਰ ਵਿੱਚ ਲਿਖੇ ਗਏ ਨਾਂ ਅਨੁਸਾਰ ਸਿੱਖਿਆ ਮੰਤਰੀ ’ਤੇ ਕੋਈ ਕਾਰਵਾਈ ਨਹੀਂ ਹੁੰਦੀ, ਉਦੋਂ ਤੱਕ ਉਹ ਲਾਸ਼ ਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਇਸ ਉਪਰੰਤ ਪਰਿਵਾਰਕ ਮੈਂਬਰਾਂ, ਜਥੇਬੰਦੀ ਦੇ ਆਗੂਆਂ ਤੇ ਬਿਕਰਮ ਸਿੰਘ ਮਜੀਠੀਆ ਨੇ ਪੁਲੀਸ ਤੋਂ ਮੰਗ ਕੀਤੀ ਕਿ ਖ਼ੁਦਕੁਸ਼ੀ ਪੱਤਰ ਅਨੁਸਾਰ ਮੰਤਰੀ ਹਰਜੋਤ ਸਿੰਘ ਬੈਂਸ ’ਤੇ ਕੇਸ ਦਰਜ ਕੀਤਾ ਜਾਵੇ। ਉਨ੍ਹਾਂ ਪੁਲੀਸ ਵੱਲੋਂ ਮ੍ਰਿਤਕਾ ਦੇ ਸਹੁਰਾ ਪਰਿਵਾਰ ’ਤੇ ਕੀਤੀ ਕਾਰਵਾਈ ਨੂੰ ਗ਼ਲਤ ਦੱਸਿਆ। ਸ੍ਰੀ ਮਜੀਠੀਆ ਨੇ ਮੌਕੇ ’ਤੇ ਪਹੁੰਚੇ ਐੱਸਪੀ (ਡੀ) ਰਾਜਪਾਲ ਸਿੰਘ ਹੁੰਦਲ ਅਤੇ ਡੀਐੱਸਪੀ ਤਰਲੋਚਨ ਸਿੰਘ ਨੂੰ ਐੱਸਐੱਸਪੀ ਰੂਪਨਗਰ ਵਿਵੇਕਸ਼ੀਲ ਸੋਨੀ ਨੂੰ ਮੌਕੇ ’ਤੇ ਸੱਦਣ ਲਈ ਕਿਹਾ। ਜਦੋਂ ਐੱਸਐੱਸਪੀ ਮੌਕੇ ’ਤੇ ਨਾ ਪੁੱਜੇ ਤਾਂ ਮਜੀਠੀਆ ਤੇ ਉਨ੍ਹਾਂ ਦੇ ਸਾਰੇ ਸਾਥੀਆਂ ਨੇ ਸਿਟੀ ਥਾਣੇ ਪੁੱਜ ਕੇ ਥਾਣੇ ਦਾ ਘਿਰਾਓ ਸ਼ੁਰੂ ਕਰ ਦਿੱਤਾ। ਇਸ ਦੌਰਾਨ ਦੇਰ ਰਾਤ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਸਿਟੀ ਥਾਣੇ ਪੁੱਜ ਕੇ ਪ੍ਰਦਰਸ਼ਨਕਾਰੀਆਂ ਨੂੰ ਖੁਦਕੁਸ਼ੀ ਨੋਟ ਦੀ ਜਾਂਚ ਕਰ ਕੇ ਕਰਵਾਈ ਦਾ ਭਰੋਸਾ ਦਿੱਤਾ ਪਰ ਪ੍ਰਦਰਸ਼ਨਕਾਰੀ ਮੰਤਰੀ ਖ਼ਿਲਾਫ਼ ਕੇਸ ਦਰਜ ਕਰਨ ਦੀ ਮੰਗ ’ਤੇ ਅੜੇ ਹੋਏ ਹਨ। ਐੱਸਐੱਸਪੀ ਦੇ ਰਵਾਨਾ ਹੋਣ ਤੋਂ ਬਾਅਦ ਵੀ ਲੋਕਾਂ ਵੱਲੋਂ ਸਿਟੀ ਥਾਣੇ ਦਾ ਘਿਰਾਓ ਜਾਰੀ ਹੈ।