ਰਾਜੋਆਣਾ ਦੀ ਸਜ਼ਾ ਮੁਆਫੀ ਦੀ ਅਪੀਲ ਵਾਪਸ ਲੈਣ ਬਾਰੇ ਫੈਸਲਾ ਅੱਜ

ਰਾਜੋਆਣਾ ਦੀ ਸਜ਼ਾ ਮੁਆਫੀ ਦੀ ਅਪੀਲ ਵਾਪਸ ਲੈਣ ਬਾਰੇ ਫੈਸਲਾ ਅੱਜ

ਰਾਜੋਆਣਾ ਦੀ ਸਜ਼ਾ ਮੁਆਫੀ ਦੀ ਅਪੀਲ ਵਾਪਸ ਲੈਣ ਬਾਰੇ ਫੈਸਲਾ ਅੱਜ
ਅੰਮ੍ਰਿਤਸਰ-ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਰਾਸ਼ਟਰਪਤੀ ਕੋਲ ਕੀਤੀ ਗਈ ਅਪੀਲ ਵਾਪਸ ਲੈਣ ਬਾਰੇ ਅਗਲਾ ਫ਼ੈਸਲਾ ਅੱਜ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਲਿਆ ਜਾਵੇਗਾ। ਇਸ ਗੰਭੀਰ ਮਸਲੇ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਨੇ 72 ਘੰਟੇ ਦੇ ਨੋਟਿਸ ’ਤੇ 30 ਨਵੰਬਰ ਨੂੰ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ ਸੱਦੀ ਹੈ।
ਦੋ ਦਿਨ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰਨਾਂ ਨੇ ਬਲਵੰਤ ਸਿੰਘ ਰਾਜੋਆਣਾ ਨਾਲ ਜੇਲ੍ਹ ਵਿੱਚ ਮੁਲਾਕਾਤ ਕੀਤੀ ਸੀ, ਜਿਥੇ ਰਾਜੋਆਣਾ ਨੇ ਸ਼੍ਰੋਮਣੀ ਕਮੇਟੀ ਨੂੰ ਇਸ ਮਾਮਲੇ ਸਬੰਧੀ ਰਹਿਮ ਦੀ ਅਪੀਲ ਵਾਪਸ ਲੈਣ ਲਈ ਕਿਹਾ ਸੀ। ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਇਹ ਹੰਗਾਮੀ ਮੀਟਿੰਗ ਇੱਕ ਨੁਕਾਤੀ ਏਜੰਡੇ ’ਤੇ ਸੱਦੀ ਗਈ ਹੈ, ਜਿਸ ਵਿੱਚ ਭਾਈ ਰਾਜੋਆਣਾ ਦਾ ਮਾਮਲਾ ਵਿਚਾਰਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਮੁਲਾਕਾਤ ਤੋਂ ਬਾਅਦ ਭਾਈ ਰਾਜੋਆਣਾ ਵੱਲੋਂ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਸੀ। ਉਨ੍ਹਾਂ ਕਿਹਾ ਸੀ ਕਿ 12 ਸਾਲ ਪਹਿਲਾਂ ਅਕਾਲ ਤਖਤ ਵੱਲੋਂ 23 ਮਾਰਚ 2012 ਨੂੰ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਉਨ੍ਹਾਂ ਦੀ ਫਾਂਸੀ ਨਾਲ ਸਬੰਧਤ ਮਾਮਲੇ ਦੇ ਹੱਲ ਲਈ ਕੇਂਦਰ ਸਰਕਾਰ ਅਤੇ ਰਾਸ਼ਟਰਪਤੀ ਤੱਕ ਪਹੁੰਚ ਕਰਨ ਦਾ ਹੁਕਮ ਦਿੱਤਾ ਗਿਆ ਸੀ। ਇਸ ਤਹਿਤ ਸ਼੍ਰੋਮਣੀ ਕਮੇਟੀ ਨੇ 25 ਮਾਰਚ 2012 ਨੂੰ ਫਾਂਸੀ ਦੀ ਸਜ਼ਾ ਮੁਆਫੀ ਵਾਸਤੇ ਰਾਸ਼ਟਰਪਤੀ ਕੋਲ ਰਹਿਮ ਦੀ ਅਪੀਲ ਕੀਤੀ ਸੀ। ਇਸ ਅਪੀਲ ਤੋਂ ਬਾਅਦ ਉਨ੍ਹਾਂ ਦੀ ਫਾਂਸੀ ਦੀ ਸਜ਼ਾ ’ਤੇ ਰੋਕ ਤਾਂ ਲੱਗ ਗਈ ਪਰ 11 ਸਾਲ ਅੱਠ ਮਹੀਨੇ ਬੀਤਣ ਤੋਂ ਬਾਅਦ ਵੀ ਇਸ ਅਪੀਲ ’ਤੇ ਕੋਈ ਫੈਸਲਾ ਨਹੀਂ ਹੋਇਆ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕੇਂਦਰ ਸਰਕਾਰ ਵਿੱਚ ਭਾਈਵਾਲ ਹੋਣ ਦੇ ਬਾਵਜੂਦ ਵੀ ਇਸ ਅਪੀਲ ’ਤੇ ਕੋਈ ਫੈਸਲਾ ਨਹੀਂ ਕਰਵਾ ਸਕੇ। ਇਸ ਲਈ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਇਸ ਮਾਮਲੇ ਵਿੱਚ ਆਪਣੇ ਬਣਦੇ ਫਰਜ਼ ਨਾ ਅਦਾ ਕਰ ਸਕਣ ਦੇ ਬਦਲੇ ਅਕਾਲ ਤਖਤ ਤੇ ਸਾਹਮਣੇ ਖੜ੍ਹੇ ਹੋ ਕੇ ਸਮੁੱਚੇ ਖਾਲਸਾ ਪੰਥ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਉਨ੍ਹਾਂ ਕਿਹਾ ਸੀ ਕਿ ਫਾਂਸੀ ਦੀ ਮੁਆਫੀ ਸਬੰਧੀ ਅਪੀਲ ਤੁਰੰਤ ਵਾਪਸ ਲਈ ਜਾਵੇ ਨਹੀਂ ਤਾਂ ਉਹ 5 ਦਸੰਬਰ ਤੋਂ ਭੁੱਖ ਹੜਤਾਲ ਰੱਖਣ ਲਈ ਮਜਬੂਰ ਹੋਣਗੇ।
ਜ਼ਿਕਰਯੋਗ ਹੈ ਕਿ ਇਸੇ ਮਾਮਲੇ ਨੂੰ ਵਿਚਾਰਨ ਲਈ ਬੀਤੇ ਦਿਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚੰਡੀਗੜ੍ਹ ਵਿੱਚ ਸਿੱਖ ਵਿਦਵਾਨਾਂ ਅਤੇ ਸਿੱਖ ਕਾਨੂੰਨ ਮਾਹਿਰਾਂ ਨਾਲ ਵੀ ਮੀਟਿੰਗ ਕੀਤੀ ਸੀ, ਜਿਸ ਵਿਚ ਇਸ ਮਾਮਲੇ ਬਾਰੇ ਅਗਲੀ ਕਾਨੂੰਨੀ ਚਾਰਾਜੋਈ ਬਾਰੇ ਵਿਚਾਰ-ਚਰਚਾ ਕੀਤੀ ਗਈ ਸੀ।

Radio Mirchi