ਅੰਮ੍ਰਿਤਸਰ: ਸੁਖਬੀਰ ਬਾਦਲ ਨੇ ਬੇਅਦਬੀ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ’ਚ ਅਸਫ਼ਲਤਾ ਲਈ ਪੰਥ ਕੋਲੋਂ ਮੁਆਫ਼ੀ ਮੰਗੀ

ਅੰਮ੍ਰਿਤਸਰ: ਸੁਖਬੀਰ ਬਾਦਲ ਨੇ ਬੇਅਦਬੀ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ’ਚ ਅਸਫ਼ਲਤਾ ਲਈ ਪੰਥ ਕੋਲੋਂ ਮੁਆਫ਼ੀ ਮੰਗੀ
ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਜਥੇਬੰਦੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਵੇਲੇ 2015 ਵਿੱਚ ਹੋਈ ਬੇਅਦਬੀ ਦੀ ਘਟਨਾ ਅਤੇ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਲਈ ਸਿੱਖ ਪੰਥ ਕੋਲੋਂ ਮੁਆਫੀ ਮੰਗੀ ਹੈ। ਉਹ ਅੱਜ ਇੱਥੇ ਸ਼੍ਰੋਮਣੀ ਅਕਾਲੀ ਦਲ ਦੇ ਸਥਾਪਨਾ ਦਿਵਸ ਦੇ ਸਬੰਧ ਵਿੱਚ ਰੱਖੇ ਅਖੰਡ ਪਾਠ ਦੇ ਭੋਗ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ। ਹਰਿਮੰਦਰ ਸਾਹਿਬ ਕੰਪਲੈਕਸ ਵਿਖੇ ਸ਼ਹੀਦ ਬਾਬਾ ਗੁਰਬਖਸ਼ ਸਿੰਘ ਦੇ ਅਸਥਾਨ ’ਤੇ ਰੱਖੇ ਅਖੰਡ ਪਾਠ ਦੇ ਭੋਗ ਮਗਰੋਂ ਸੰਗਤ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਸਾਬਕਾ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਰਹੇ ਪ੍ਰਕਾਸ਼ ਸਿੰਘ ਬਾਦਲ ਨੂੰ ਆਖਰੀ ਸਮੇਂ ਤੱਕ ਇਸ ਗੱਲ ਦਾ ਦੁੱਖ ਰਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਵੇਲੇ ਹੋਈ ਬੇਅਦਬੀ ਦੇ ਦੋਸ਼ੀਆਂ ਨੂੰ ਉਹ ਗ੍ਰਿਫਤਾਰ ਨਹੀਂ ਕਰ ਸਕੇ। ਪੰਥਕ ਸਰਕਾਰ ਦੇ ਵੇਲੇ ਵਾਪਰੀ ਇਹ ਘਟਨਾ ਅਤੀ ਦੁਖਦਾਈ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਉਸ ਵੇਲੇ ਪਏ ਦਬਾਅ ਕਾਰਨ ਅਕਾਲੀ ਸਰਕਾਰ ਵੱਲੋਂ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਦੇ ਦਿੱਤੀ ਗਈ ਸੀ। ਉਸ ਤੋਂ ਬਾਅਦ ਆਈਆਂ ਹੁਣ ਤੱਕ ਦੀਆਂ ਸਰਕਾਰਾਂ ਵੀ ਬੇਅਦਬੀ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰ ਸਕੀਆਂ ਹਨ ਪਰ ਉਨ੍ਹਾਂ ਨੇ ਸਿਆਸਤ ਕੀਤੀ। ਇਸ ਲਈ ਸਮੁੱਚੇ ਪੰਥ ਕੋਲੋਂ ਮੁਆਫੀ ਮੰਗਦਿਆਂ ਉਨ੍ਹਾਂ ਵਾਅਦਾ ਕੀਤਾ ਕਿ ਜੇ ਮੁੜ ਮੌਕਾ ਮਿਲਿਆ ਤਾਂ ਅਕਾਲੀ ਦਲ ਇਸ ਘਟਨਾ ਦੇ ਦੋਸ਼ੀਆਂ ਨੂੰ ਨਾ ਸਿਰਫ ਗ੍ਰਿਫਤਾਰ ਕਰੇਗਾ ਸਗੋਂ ਇਸ ਮੁੱਦੇ ’ਤੇ ਸਿਆਸਤ ਕਰਨ ਵਾਲਿਆਂ ਨੂੰ ਵੀ ਬੇਨਕਾਬ ਕਰੇਗਾ। ਉਨ੍ਹਾਂ ਬਿਨਾਂ ਕਿਸੇ ਦਾ ਨਾਂ ਲਏ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਅਤੇ ਰੁੱਸੇ ਅਕਾਲੀ ਆਗੂਆਂ ਕੋਲੋਂ ਵੀ ਮੁਆਫੀ ਮੰਗੀ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਮਜਬੂਤ ਕਰਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਪੰਥ ਨੂੰ ਦਰਪੇਸ਼ ਚੁਣੌਤੀਆਂ ਦਾ ਇਕੱਠੇ ਹੋ ਕੇ ਸਾਹਮਣਾ ਕੀਤਾ ਜਾਵੇ। 20 ਦਸੰਬਰ ਨੂੰ ਦਿੱਲੀ ਵਿਖੇ ਬੰਦੀ ਸਿੱਖਾਂ ਦੀ ਰਿਹਾਈ ਲਈ ਕੀਤੇ ਜਾਣ ਵਾਲੇ ਪੰਥਕ ਪ੍ਰਦਰਸ਼ਨ ਵਿੱਚ ਵੀ ਸ਼ਾਮਲ ਹੋਣ ਦੀ ਸਾਰਿਆਂ ਨੂੰ ਅਪੀਲ ਕੀਤੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਹੋਰ ਹਾਜ਼ਰ ਸਨ।