ਬੰਦੀ ਸਿੰਘਾਂ ਦੀ ਰਿਹਾਈ: ਸ਼੍ਰੋਮਣੀ ਕਮੇਟੀ ਨੇ ਦਿੱਲੀ ਵਿੱਚ ਪ੍ਰਦਰਸ਼ਨ ਦੀਆਂ ਤਿਆਰੀਆਂ ਵਿੱਢੀਆਂ

ਬੰਦੀ ਸਿੰਘਾਂ ਦੀ ਰਿਹਾਈ: ਸ਼੍ਰੋਮਣੀ ਕਮੇਟੀ ਨੇ ਦਿੱਲੀ ਵਿੱਚ ਪ੍ਰਦਰਸ਼ਨ ਦੀਆਂ ਤਿਆਰੀਆਂ ਵਿੱਢੀਆਂ

ਬੰਦੀ ਸਿੰਘਾਂ ਦੀ ਰਿਹਾਈ: ਸ਼੍ਰੋਮਣੀ ਕਮੇਟੀ ਨੇ ਦਿੱਲੀ ਵਿੱਚ ਪ੍ਰਦਰਸ਼ਨ ਦੀਆਂ ਤਿਆਰੀਆਂ ਵਿੱਢੀਆਂ
ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ 20 ਦਸੰਬਰ ਨੂੰ ਦਿੱਲੀ ਵਿੱਚ ਗੁਰਦੁਆਰਾ ਸ੍ਰੀ ਰਕਾਬਗੰਜ ਤੋਂ ਰਾਸ਼ਟਰਪਤੀ ਭਵਨ ਤੱਕ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਵਿੱਚ ਸਮੁੱਚੀਆਂ ਜਥੇਬੰਦੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਅੱਜ ਇਥੇ ਸੰਤ ਸਮਾਜ ਅਤੇ ਕਾਰ ਸੇਵਾ ਸੰਪਰਦਾਵਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧ ਵਿੱਚ ਪਹਿਲਾਂ ਸਿੱਖ ਸਟੂਡੈਂਟਸ ਫੈਡਰੇਸ਼ਨਾਂ ਦੇ ਵੱਖ-ਵੱਖ ਗਰੁੱਪਾਂ ਅਤੇ ਬਾਅਦ ਵਿੱਚ ਲੋਕਲ ਗੁਰਦੁਆਰਾ ਕਮੇਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਕਾਰ ਸੇਵਾ ਵਾਲੇ ਬਾਬਿਆਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਹਾਜ਼ਰ ਸ਼ਖ਼ਸੀਅਤਾਂ ਨੇ ਦਿੱਲੀ ਵਿੱਚ ਪੰਥਕ ਪ੍ਰਦਰਸ਼ਨ ਮੌਕੇ ਭਰਵੀਂ ਸ਼ਮੂਲੀਅਤ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਇਸ ਸਬੰਧੀ ਲਾਏ ਜਾਣ ਵਾਲੇ ਲੰਗਰਾਂ ਦੀਆਂ ਸੇਵਾਵਾਂ ਵੀ ਲਈਆਂ। ਵੱਖ-ਵੱਖ ਸ਼ਖ਼ਸੀਅਤਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ 20 ਦਸੰਬਰ ਦਾ ਇਹ ਪ੍ਰਦਰਸ਼ਨ ਸਮੁੱਚੀ ਕੌਮ ਦਾ ਸਾਂਝਾ ਪ੍ਰੋਗਰਾਮ ਹੈ, ਜਿਸ ਨੂੰ ਸਫ਼ਲ ਬਣਾਇਆ ਜਾਵੇਗਾ। ਇਸ ਮੌਕੇ ਸ੍ਰੀ ਧਾਮੀ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ’ਤੇ 20 ਦਸੰਬਰ ਵਾਲੇ ਸਾਂਝੇ ਦਿੱਲੀ ਪ੍ਰਦਰਸ਼ਨ ਸਬੰਧੀ ਹਰ ਧਿਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਅਤੇ ਸਭਨਾਂ ਵੱਲੋਂ ਹੀ ਹਾਂਪੱਖੀ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਸਿੱਖ ਜਥੇਬੰਦੀਆਂ ਦੇ ਨਾਲ-ਨਾਲ ਕਿਸਾਨ ਜਥੇਬੰਦੀਆਂ ਵੀ ਸ਼ਿਰਕਤ ਕਰਨਗੀਆਂ। ਇਹ ਪ੍ਰਦਰਸ਼ਨ ਬਿਲਕੁਲ ਸ਼ਾਂਤਮਈ ਹੋਵੇਗਾ ਅਤੇ ਸਿਰਫ ਸ਼੍ਰੋਮਣੀ ਕਮੇਟੀ ਦੇ ਬੈਨਰ ਹੇਠ ਹੀ ਕੀਤਾ ਜਾਵੇਗਾ। ਇਸ ਪ੍ਰਦਰਸ਼ਨ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਦਸਤਖ਼ਤੀ ਮੁਹਿੰਮ ਦੌਰਾਨ ਭਰੇ ਗਏ 26 ਲੱਖ ਪ੍ਰੋਫਾਰਮੇ ਵੀ ਰਾਸ਼ਟਰਪਤੀ ਭਵਨ ਤੱਕ ਲਿਜਾਏ ਜਾਣਗੇ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਰਾਜਿੰਦਰ ਸਿੰਘ ਮਹਿਤਾ, ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਦਰਸ਼ਨ ਸਿੰਘ ਬਰਾੜ, ਚਰਨਜੀਤ ਸਿੰਘ ਕਾਲੇਵਾਲ, ਸਕੱਤਰ ਪ੍ਰਤਾਪ ਸਿੰਘ, ਬਾਬਾ ਸੁਖਦੇਵ ਸਿੰਘ, ਬਾਬਾ ਸਾਹਿਬ ਸਿੰਘ ਦਮਦਮੀ ਟਕਸਾਲ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਭਿੰਦਾ ਸਿੰਘ, ਬਾਬਾ ਟੇਕ ਸਿੰਘ ਧਨੌਲਾ ਹਾਜ਼ਰ ਸਨ।

Radio Mirchi