ਸ਼ਹੀਦੀ ਦਿਹਾੜਾ: ਮਾਤਮੀ ਬਿਗਲ ਵਜਾਉਣ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ

ਸ਼ਹੀਦੀ ਦਿਹਾੜਾ: ਮਾਤਮੀ ਬਿਗਲ ਵਜਾਉਣ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ

ਸ਼ਹੀਦੀ ਦਿਹਾੜਾ: ਮਾਤਮੀ ਬਿਗਲ ਵਜਾਉਣ ਦੇ ਫੈਸਲੇ ਦਾ ਸ਼੍ਰੋਮਣੀ ਕਮੇਟੀ ਵੱਲੋਂ ਵਿਰੋਧ
ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਦੌਰਾਨ 27 ਦਸੰਬਰ ਨੂੰ ‘ਮਾਤਮੀ ਬਿਗਲ’ ਵਜਾਉਣ ਦੇ ਫੈਸਲੇ ਨੂੰ ਗੁਰਮਤਿ ਮਰਿਆਦਾ ਦੇ ਵਿਰੁੱਧ ਕਰਾਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ। ਸਾਹਿਬਜ਼ਾਦਿਆਂ ਨੇ ਹੱਕ, ਸੱਚ ਅਤੇ ਧਰਮ ਖ਼ਾਤਰ ਆਪਣੇ ਆਪ ਨੂੰ ਕੁਰਬਾਨ ਕਰਨ ਦਾ ਫੈਸਲਾ ਲੈ ਕੇ ਦੁਨੀਆਂ ਦੇ ਇਤਿਹਾਸ ’ਚ ਲਾਸਾਨੀ ਅਤੇ ਵਿਲੱਖਣ ਪੈੜ ਪਾਈ। ਸਾਹਿਬਜ਼ਾਦਿਆਂ ਦੀ ਉਮਰ ਭਾਵੇਂ ਛੋਟੀ ਸੀ ਪਰ ਉਨ੍ਹਾਂ ਦੀ ਸਿੱਖੀ ਪ੍ਰਤੀ ਦ੍ਰਿੜ੍ਹਤਾ ਪ੍ਰੋੜ੍ਹ ਉਮਰ ਤੋਂ ਘੱਟ ਨਹੀਂ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿੱਖ ਇਤਿਹਾਸ ਅਤੇ ਸਿਧਾਤਾਂ ਦੀ ਭਾਵਨਾ ਨੂੰ ਦਰਕਿਨਾਰ ਨਾ ਕਰਨ। ਇਤਿਹਾਸ ਗਵਾਹ ਹੈ ਕਿ ਗੁਰੂ ਅਰਜਨ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਸਾਹਿਬ ਦੀਆਂ ਪੈੜਾਂ ’ਤੇ ਚੱਲਦਿਆਂ ਸਾਹਿਬਜ਼ਾਦਿਆਂ ਨੇ ਸ਼ਹਾਦਤਾਂ ਦਿੱਤੀਆਂ ਸਨ। ਵੱਡੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ ਗੁਰੂ ਸਾਹਿਬ ਨੇ ਖ਼ੁਦ ਜੈਕਾਰੇ ਗਜਾ ਕੇ ਕੌਮ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਸ਼ਹੀਦ ਕੌਮ ਲਈ ਪ੍ਰੇਰਨਾ ਸਰੋਤ ਹਨ ਜਿਨ੍ਹਾਂ ਨੂੰ ਕੌਮ ਰੋਜ਼ਾਨਾ ਅਰਦਾਸ ਵਿੱਚ ਯਾਦ ਕਰ ਕੇ ਸ਼ਕਤੀ ਅਤੇ ਅਗਵਾਈ ਪ੍ਰਾਪਤ ਕਰਦੀ ਹੈ ਪਰ ਮੁੱਖ ਮੰਤਰੀ ਵੱਲੋਂ ਇਨ੍ਹਾਂ ਸ਼ਹਾਦਤਾਂ ਨੂੰ ਮਾਤਮ ਅਤੇ ਸੋਗ ਦੀ ਘਟਨਾ ਵਜੋਂ ਉਭਾਰਿਆ ਜਾਣਾ ਸਿੱਖ ਇਤਿਹਾਸ ਅਤੇ ਗੁਰਮਤਿ ਪ੍ਰੰਪਰਾ ਦੇ ਅਨੁਕੂਲ ਨਹੀਂ ਹੈ। ਇਸ ਵਾਸਤੇ ਉਨ੍ਹਾਂ ਮੁੱਖ ਮੰਤਰੀ ਤੋਂ ਮਾਤਮੀ ਬਿਗੁਲ ਵਜਾਉਣ ਦਾ ਇਹ ਫੈਸਲਾ ਵਾਪਸ ਲੈਣ ਦੀ ਮੰਗ ਕੀਤੀ।
ਖਾਲਸਾ ਪੰਥ ਵਿੱਚ ਮਾਤਮ ਦੀ ਕੋਈ ਥਾਂ ਨਹੀਂ: ਸਰਨਾ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਨੂੰ ਮਾਤਮੀ ਦਿਵਸ ਵਜੋਂ ਮਨਾਏ ਜਾਣ ਸਬੰਧੀ ਬਿਆਨ ਦਾ ਸਖਤ ਵਿਰੋਧ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਪਤਾ ਹੋਣਾ ਚਾਹੀਦਾ ਹੈ ਕਿ ਖ਼ਾਲਸਾ ਪੰਥ ਵਿੱਚ ਮਾਤਮ ਦੀ ਕੋਈ ਥਾਂ ਨਹੀਂ ਹੈ। ਛੋਟੇ ਸਾਹਿਬਜ਼ਾਦੇ ਸਿੱਖ ਕੌਮ ਦੇ ਬਾਬੇ ਹਨ। ਉਨ੍ਹਾਂ ਦਾ ਸ਼ਹੀਦੀ ਦਿਹਾੜਾ ਸਿੱਖ ਸਦਾ ਹੀ ਨਗਾਰਿਆਂ ਤੇ ਚੜ੍ਹਦੀ ਕਲਾ ਦੇ ਜੈਕਾਰਿਆਂ ਨਾਲ ਮਨਾਉਂਦੇ ਆਏ ਹਨ ਅਤੇ ਮਨਾਉਂਦੇ ਰਹਿਣਗੇ। ਮੁੱਖ ਮੰਤਰੀ ਨੂੰ ਸਿੱਖ ਕੌਮ ਦੀਆਂ ਭਾਵਨਾਵਾਂ ਤੇ ਰਵਾਇਤਾਂ ਦਾ ਖਿਆਲ ਕਰਦਿਆਂ ਇਸ ਮੌਕੇ ਮਾਤਮੀ ਧੁਨਾਂ ਵਜਾਉਣ ਦਾ ਫੈਸਲਾ ਵਾਪਸ ਲੈਣਾ ਚਾਹੀਦਾ ਹੈ।

Radio Mirchi