ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਸਾਲ ਲਈ ਵਧਾਈ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਸਾਲ ਲਈ ਵਧਾਈ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਸਾਲ ਲਈ ਵਧਾਈ
ਚੰਡੀਗੜ੍ਹ-ਖਡੂਰ ਸਾਹਿਬ ਤੋਂ ਨਵੇਂ ਚੁਣੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ 9 ਹੋਰਨਾਂ ਸਾਥੀਆਂ ਦੀ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਤਹਿਤ ਨਜ਼ਰਬੰਦੀ ਇੱਕ ਸਾਲ ਲਈ ਵਧਾ ਦਿੱਤੀ ਗਈ ਹੈ। ਅਸਾਮ ਦੀ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਅੰਮ੍ਰਿਤਪਾਲ ਸਿੰਘ ਆਪਣੇ ਸਾਥੀਆਂ ਸਮੇਤ ਪਿਛਲੇ ਸਾਲ ਮਾਰਚ ਤੋਂ ਬੰਦ ਹੈ। ਅੰਮ੍ਰਿਤਪਾਲ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ ਹਲਕਾ ਖਡੂਰ ਸਾਹਿਬ ਤੋਂ 1.97 ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਲੋਕ ਸਭਾ ਚੋਣ ਜਿੱਤੀ ਹੈ। ਉਸ ਨੇ ਐੱਮਪੀ ਵਜੋਂ ਸਹੁੰ ਚੁੱਕਣ ਲਈ ਅਦਾਲਤ ਦਾ ਰੁਖ਼ ਕੀਤਾ ਹੋਇਆ ਹੈ।
ਲੋਕ ਸਭਾ ਚੋਣਾਂ ਦੇ ਪ੍ਰਚਾਰ ਦੌਰਾਨ ਇਹ ਗੱਲ ਸਿਖਰ ’ਤੇ ਰਹੀ ਹੈ ਕਿ ਜੇ ਅੰਮ੍ਰਿਤਪਾਲ ਸਿੰਘ ਚੋਣ ਜਿੱਤਦੇ ਹਨ ਤਾਂ ਉਹ ਜੇਲ੍ਹ ’ਚੋਂ ਰਿਹਾਅ ਹੋ ਜਾਣਗੇ। ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਸਲਾਹਕਾਰੀ ਬੋਰਡ ਦੀ ਸਿਫ਼ਾਰਸ਼ ਦੇ ਅਧਾਰ ’ਤੇ ਇਸ ਕੇਸ ਨੂੰ ਕੇਂਦਰ ਕੋਲ ਭੇਜਿਆ ਹੈ। ਸਲਾਹਕਾਰੀ ਬੋਰਡ ਨੇ 3 ਜੂਨ ਨੂੰ ਆਪਣੀ ਸਿਫ਼ਾਰਸ਼ ਵਿਚ ਕਿਹਾ ਹੈ ਕਿ ਮੌਜੂਦਾ ਤੱਥਾਂ ਤੇ ਹਾਲਾਤ ਮੁਤਾਬਕ ਅੰਮ੍ਰਿਤਪਾਲ ਸਿੰਘ ਨੂੰ ਕੌਮੀ ਸੁਰੱਖਿਆ ਐਕਟ ਤਹਿਤ ਨਜ਼ਰਬੰਦ ਰੱਖੇ ਜਾਣ ਵਾਸਤੇ ਪੇਸ਼ ਦਲੀਲ ਕਾਫ਼ੀ ਹੈ। ਗ੍ਰਹਿ ਵਿਭਾਗ ਪੰਜਾਬ ਨੇ 3 ਜੂਨ ਨੂੰ ਹੀ ਇਹ ਕੇਸ ਅੱਗੇ ਭੇਜ ਦਿੱਤਾ ਸੀ। ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਇੱਕ ਸਾਲ ਲਈ ਵਧਾਈ ਗਈ ਹੈ। ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੇ 13 ਮਾਰਚ 2024 ਨੂੰ ਹੁਕਮ ਜਾਰੀ ਕੀਤੇ ਸਨ ਅਤੇ ਸੂਬਾ ਸਰਕਾਰ ਨੇ 24 ਮਾਰਚ 2024 ਨੂੰ ਹਰੀ ਝੰਡੀ ਦੇ ਦਿੱਤੀ ਸੀ। ਉਸ ਮਗਰੋਂ ਪੰਜਾਬ ਸਰਕਾਰ ਨੇ ਇਹ ਮਾਮਲਾ ਸਲਾਹਕਾਰੀ ਬੋਰਡ ਕੋਲ ਭੇਜਿਆ ਸੀ ਜਿਸ ਦੀ ਸਿਫ਼ਾਰਸ਼ ਦੇ ਅਧਾਰ ’ਤੇ ਅੰਮ੍ਰਿਤਪਾਲ ਸਿੰਘ ਦੀ ਨਜ਼ਰਬੰਦੀ ਦਾ ਸਮਾਂ ਵਧਾ ਦਿੱਤਾ ਗਿਆ ਹੈ। ਵੇਰਵਿਆਂ ਅਨੁਸਾਰ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਤਿੰਨ ਸਾਥੀਆਂ ਦੀ ਨਜ਼ਰਬੰਦੀ ਦੀ ਮਿਆਦ 24 ਜੁਲਾਈ ਨੂੰ ਖ਼ਤਮ ਹੋ ਰਹੀ ਸੀ, ਜਦੋਂ ਕਿ ਉਨ੍ਹਾਂ ਦੇ ਛੇ ਹੋਰ ਸਾਥੀਆਂ ਦੀ ਨਜ਼ਰਬੰਦੀ 18 ਜੂਨ ਨੂੰ ਖ਼ਤਮ ਹੋਣੀ ਸੀ।

Radio Mirchi