ਪਾਰਟੀ ਤੇ ਪੰਥ ਖ਼ਾਤਰ ਸੁਖਬੀਰ ਤਿਆਗ ਦੀ ਭਾਵਨਾ ਦਿਖਾਉਣ: ਵਡਾਲਾ
ਪਾਰਟੀ ਤੇ ਪੰਥ ਖ਼ਾਤਰ ਸੁਖਬੀਰ ਤਿਆਗ ਦੀ ਭਾਵਨਾ ਦਿਖਾਉਣ: ਵਡਾਲਾ
ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰੀਜ਼ੀਡੀਅਮ ਦੇ ਮੈਂਬਰਾਂ ਨੇ ਅੱਜ ਦਰਬਾਰ ਸਾਹਿਬ ਮੱਥਾ ਟੇਕਿਆ ਅਤੇ ਜਥੇਬੰਦੀ ਦੀ ਮਜ਼ਬੂਤੀ ਦੀ ਅਰਦਾਸ ਕੀਤੀ। ਮਗਰੋਂ ਉਨ੍ਹਾਂ ਆਪਣੀ ਪਲੇਠੀ ਮੀਟਿੰਗ ਦੌਰਾਨ ਫ਼ੈਸਲਾ ਲਿਆ ਕਿ ਲੋਕ ਸੰਪਰਕ ਮੁਹਿੰਮ ਵਿੱਢਣ ਲਈ ਜ਼ਿਲ੍ਹਾਵਾਰ ਮੀਟਿੰਗਾਂ ਹੋਣਗੀਆਂ ਅਤੇ ਨਵੀਂ ਪੀੜ੍ਹੀ ਨੂੰ ਅੱਗੇ ਲਾਉਣ ਲਈ ਆਨਲਾਈਨ ਫਾਰਮ ਜਾਰੀ ਕਰ ਕੇ ਪਿੰਡਾਂ ਅਤੇ ਵਾਰਡਾਂ ਵਿੱਚ ਕਮੇਟੀਆਂ ਦਾ ਗਠਨ ਕੀਤਾ ਜਾਵੇਗਾ।
ਇਸ ਮੌਕੇ ਪ੍ਰੀਜ਼ੀਡੀਅਮ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਇੱਕ ਵਾਰ ਮੁੜ ਸੁਖਬੀਰ ਸਿੰਘ ਬਾਦਲ ਨੂੰ ਆਖਿਆ ਕਿ ਉਹ ਪਾਰਟੀ ਅਤੇ ਪੰਥ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਗ ਦੀ ਭਾਵਨਾ ਦਿਖਾਉਣ। ਉਨ੍ਹਾਂ ਕਿਹਾ ਕਿ ਸਿੱਖ ਪੰਥ ਕੁਰਬਾਨੀ ਕਰਨ ਵਾਲਿਆਂ ਨੂੰ ਹਮੇਸ਼ਾ ਸਿਰ ’ਤੇ ਚੁੱਕਦਾ ਆਇਆ ਹੈ। ਉਨ੍ਹਾਂ ਦੇਸ਼ ਵਿਦੇਸ਼ ਵਿੱਚ ਰਹਿੰਦੇ ਸਿੱਖ ਭਾਈਚਾਰੇ ਨੂੰ ਅਪੀਲ ਕੀਤੀ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਵਿਖੇ ਪਾਰਟੀ ਸਬੰਧੀ ਵਿਚਾਰੇ ਜਾ ਰਹੇ ਮਾਮਲੇ ਬਾਰੇ ਜਥੇਦਾਰ ਨੂੰ ਆਪੋ ਆਪਣੇ ਵਿਚਾਰ ਭੇਜਣ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਜੋ ਫ਼ੈਸਲਾ ਕੀਤਾ ਜਾਵੇਗਾ, ਉਹ ਸਭ ਨੂੰ ਪ੍ਰਵਾਨ ਹੋਵੇਗਾ।
ਸੁਖਬੀਰ ਬਾਦਲ ਵੱਲੋਂ ਕੀਤੇ ਗਏ ਫ਼ੈਸਲਿਆਂ ਵਿੱਚ ਕਈ ਅਕਾਲੀ ਆਗੂ ਉਸ ਵੇਲੇ ਸ਼ਾਮਲ ਸਨ ਜੋ ਹੁਣ ਸੁਧਾਰ ਲਹਿਰ ਵਿੱਚ ਹਨ, ਬਾਰੇ ਸ੍ਰੀ ਵਡਾਲਾ ਨੇ ਕਿਹਾ ਕਿ ਕਈ ਵੱਡੇ ਫ਼ੈਸਲੇ ਸੁਖਬੀਰ ਵੱਲੋਂ ਇਕੱਲੇ ਹੀ ਲਏ ਗਏ ਸਨ। ਡੇਰਾ ਸਿਰਸਾ ਦੇ ਮੁਖੀ ਨੂੰ ਮੁਆਫ਼ ਕਰਨ ਵਾਲੇ ਮਾਮਲੇ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਜੇ ਉਸ ਵੇਲੇ ਸੀਨੀਅਰ ਅਕਾਲੀ ਆਗੂ ਵਿੱਚ ਹੁੰਦੇ ਤਾਂ ਸ਼ਾਇਦ ਇਹ ਫ਼ੈਸਲਾ ਨਾ ਹੁੰਦਾ। ਉਨ੍ਹਾਂ ਕਿਹਾ ਕਿ ਅਕਾਲੀ ਸਰਕਾਰ ਵੇਲੇ ਵਾਪਰੀਆਂ ਬੇਅਦਬੀਆਂ ਦੇ ਮਾਮਲੇ ਵਿੱਚ ਸਰਕਾਰ ਨੂੰ ਦੋਸ਼ੀਆਂ ਦੇ ਖ਼ਿਲਾਫ਼ ਸਖਤ ਕਾਰਵਾਈ ਕਰਨੀ ਚਾਹੀਦੀ ਸੀ। ਉਨ੍ਹਾਂ ਕਿਹਾ ਕਿ ਹੁਣ ਤੱਕ ਕਿਸੇ ਵੀ ਸਰਕਾਰ ਨੇ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਸ਼੍ਰੋਮਣੀ ਕਮੇਟੀ ਦੀਆਂ ਜ਼ਿਆਦਾ ਤੋਂ ਜ਼ਿਆਦਾ ਵੋਟਾਂ ਬਣਾਉਣ ਦੀ ਅਪੀਲ ਕੀਤੀ। ਮੀਟਿੰਗ ਵਿੱਚ ਸੁਰਜੀਤ ਸਿੰਘ ਰੱਖੜਾ, ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਪਰਮਿੰਦਰ ਸਿੰਘ ਢੀਂਡਸਾ, ਚਰਨਜੀਤ ਸਿੰਘ ਬਰਾੜ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਭਾਈ ਮਨਜੀਤ ਸਿੰਘ, ਗਗਨਜੀਤ ਸਿੰਘ ਬਰਨਾਲਾ, ਬੀਬੀ ਪਰਮਜੀਤ ਕੌਰ ਗੁਲਸ਼ਨ, ਬੀਬੀ ਕਿਰਨਜੀਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਹਰਿੰਦਰ ਪਾਲ ਸਿੰਘ ਟੌਹੜਾ ਹਾਜ਼ਰ ਸਨ।