ਤਖ਼ਤ ਦਮਦਮਾ ਸਾਹਿਬ ’ਚ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਮਨਾਇਆ

ਤਖ਼ਤ ਦਮਦਮਾ ਸਾਹਿਬ ’ਚ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਮਨਾਇਆ

ਤਖ਼ਤ ਦਮਦਮਾ ਸਾਹਿਬ ’ਚ ਗੁਰੂ ਗ੍ਰੰਥ ਸਾਹਿਬ ਦਾ ਸੰਪੂਰਨਤਾ ਦਿਵਸ ਮਨਾਇਆ
ਤਲਵੰਡੀ ਸਾਬੋ-ਗੁਰੂ ਗ੍ਰੰਥ ਸਾਹਿਬ ਦਾ 318ਵਾਂ ਸੰਪੂਰਨਤਾ ਦਿਵਸ ਅੱਜ ਤਖ਼ਤ ਦਮਦਮਾ ਸਾਹਿਬ ਵਿੱਚ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਹੋਰ ਸ਼ਖਸੀਅਤਾਂ ਨੇ ਹਾਜ਼ਰੀ ਭਰੀ। ਸੰਪੂਰਨਤਾ ਦਿਵਸ ਦੇ ਸਬੰਧ ਵਿੱਚ ਗੁਰਦੁਆਰਾ ਲਿਖਣਸਰ ਸਾਹਿਬ ਵਿੱਚ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਅਰਦਾਸ ਕੀਤੀ ਗਈ। ਮਗਰੋਂ ਤਖ਼ਤ ਸਾਹਿਬ ਵਿੱਚ ਧਾਰਮਿਕ ਸਮਾਗਮ ਆਰੰਭ ਹੋਏ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਜਗਤ ਨੂੰ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਸਿੱਖ ਸੰਸਥਾਵਾਂ ’ਤੇ ਚੁਫੇਰਿਓਂ ਹੋ ਰਹੇ ਹਮਲਿਆਂ ਬਾਰੇ ਕੌਮ ਨੂੰ ਸੁਚੇਤ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ ਸਿੱਖ ਸ਼ਕਤੀ ਨੂੰ ਕਮਜ਼ੋਰ ਕਰਨ ਲਈ ਸਿੱਖ ਕੌਮ ਦੇ ਤਖ਼ਤ ਪਟਨਾ ਸਾਹਿਬ ਤੇ ਹਜ਼ੂਰ ਸਾਹਿਬ ਦੇ ਬੋਰਡ ਬਣਾਏ ਗਏ ਅਤੇ ਹੁਣ ਇਹੀ ਸਾਜ਼ਿਸ਼ਾਂ ਅਕਾਲ ਤਖ਼ਤ ਲਈ ਰਚੀਆਂ ਜਾ ਰਹੀਆਂ ਹਨ ਪਰ ਪੰਥ ਵਿਰੋਧੀ ਤਾਕਤਾਂ ਨੂੰ ਕਦੇ ਵੀ ਉਨ੍ਹਾਂ ਦੇ ਮਨਸੂਬਿਆਂ ਵਿੱਚ ਕੌਮ ਸਫਲ ਨਹੀਂ ਹੋਣ ਦੇਵੇਗੀ। ਇਸ ਮੌਕੇ ਤਖ਼ਤ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਦਮਦਮਾ ਸਾਹਿਬ ਦੇ ਇਤਿਹਾਸ ਬਾਰੇ ਚਾਨਣਾ ਪਾਇਆ। ਇਸ ਮੌਕੇ ਬਾਬਾ ਟੇਕ ਸਿੰਘ ਧਨੌਲਾ ਮੁਖੀ ਸੰਪਰਦਾਇ ਮਸਤੂਆਣਾ ਸਾਹਿਬ, ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਬੁੱਢਾ ਦਲ ਮੁਖੀ ਬਾਬਾ ਬਲਬੀਰ ਸਿੰਘ ਵੱਲੋਂ ਬਾਬਾ ਮੇਜਰ ਸਿੰਘ ਮੁਖਤਿਆਰਆਮ, ਬਾਬਾ ਕਾਕਾ ਸਿੰਘ ਮਸਤੂਆਣਾ ਸਾਹਿਬ ਹਾਜ਼ਰ ਸਨ।

Radio Mirchi