ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਅਕਾਲ ਤਖ਼ਤ ’ਤੇ ਅਰਦਾਸ
ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਅਕਾਲ ਤਖ਼ਤ ’ਤੇ ਅਰਦਾਸ
ਅੰਮ੍ਰਿਤਸਰ-ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ ਹੋਰ ਸਾਥੀਆਂ ਦੀ ਰਿਹਾਈ ਲਈ ਅੱਜ ਸਬੰਧਤ ਪਰਿਵਾਰਾਂ ਵੱਲੋਂ ਅਕਾਲ ਤਖਤ ਵਿਖੇ ਅਰਦਾਸ ਕੀਤੀ ਗਈ। ਅਰਦਾਸ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਆਖਿਆ ਕਿ ਅੰਮ੍ਰਿਤਪਾਲ ਸਿੰਘ ਦੇ ਨਾਲ ਗ੍ਰਿਫਤਾਰ ਕੀਤੇ ਗਏ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਨੇ ਅੱਜ ਸਾਂਝੇ ਤੌਰ ’ਤੇ ਇਨ੍ਹਾਂ ਸਿੱਖਾਂ ਅਤੇ ਹੋਰ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖਤ ਵਿਖੇ ਅਰਦਾਸ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਇਸ ਮਾਮਲੇ ਵਿੱਚ ਰਾਜਨੀਤੀ ਕਰ ਰਹੀਆਂ ਹਨ। ਉਨ੍ਹਾਂ ਨਾਲ ਮਾਨ ਦਲ ਵੱਲੋਂ ਇਮਾਨ ਸਿੰਘ ਮਾਨ ਅਤੇ ਹੋਰ ਆਗੂ ਵੀ ਹਾਜ਼ਰ ਸਨ। ਅਰਦਾਸ ਵਿੱਚ ਸ਼ਾਮਲ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਅਤੇ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਆਪਣੇ ਪਰਿਵਾਰਿਕ ਮੈਂਬਰਾਂ ਦੀ ਰਿਹਾਈ ਦੀ ਮੰਗ ਕੀਤੀ ਹੈ।