ਕੋਲਕਾਤਾ ਜਬਰ-ਜਨਾਹ ਕੇਸ: ਡਾਕਟਰ ਦੇ ਮਾਪਿਆਂ ਨੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ

ਕੋਲਕਾਤਾ ਜਬਰ-ਜਨਾਹ ਕੇਸ: ਡਾਕਟਰ ਦੇ ਮਾਪਿਆਂ ਨੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਾਇਆ
ਕੋਲਕਾਤਾ-ਪਿਛਲੇ ਮਹੀਨੇ ਕੋਲਕਾਤਾ ਦੇ ਆਰਜੀ ਕਰ ਹਸਪਤਾਲ ਵਿਚ ਜਬਰ-ਜਨਾਹ ਅਤੇ ਕਤਲ ਦੇ ਮਾਮਲੇ ਵਿਚ ਪੀੜਤ ਡਾਕਟਰ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਹੋਰ ਡਾਕਟਰਾਂ ਦੇ ਨਾਲ ਰੋਸ ਪ੍ਰਦਰਸ਼ਨ ਕੀਤਾ ਅਤੇ ਕੋਲਕਾਤਾ ਪੁਲੀਸ ‘ਤੇ ਕਾਹਲੀ ਵਿੱਚ ਲਾਸ਼ ਦਾ ਸਸਕਾਰ ਕਰਕੇ ਮਾਮਲੇ ਨੂੰ ਦਬਾਉਣ ਦਾ ਦੋਸ਼ ਲਾਇਆ ਹੈ।ਮਾਪਿਆਂ ਨੇ ਇਹ ਵੀ ਦੋਸ਼ ਲਾਇਆ ਕਿ ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਇੱਕ ਸੀਨੀਅਰ ਪੁਲੀਸ ਅਧਿਕਾਰੀ ਨੇ ਉਨ੍ਹਾਂ ਨੂੰ ਪੈਸੇ ਦੇਣ ਦੀ ਕੋਸ਼ਿਸ਼ ਕੀਤੀ ਸੀ।
ਪੀੜਤ ਡਾਕਟਰ ਦੇ ਪਿਤਾ ਨੇ ਕਿਹਾ ਕਿ ਪੁਲੀਸ ਸ਼ੁਰੂ ਤੋਂ ਹੀ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕਰਦੀ ਆ ਰਹੀ ਹੈ, ਸਾਨੂੰ ਲਾਸ਼ ਨੂੰ ਦੇਖਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਲਿਜਾਣ ਤੱਕ ਪੁਲੀਸ ਸਟੇਸ਼ਨ ਵਿੱਚ ਇੰਤਜ਼ਾਰ ਕਰਨਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਬਾਅਦ ਵਿਚ ਜਦੋਂ ਲਾਸ਼ ਸਾਨੂੰ ਸੌਂਪੀ ਗਈ ਤਾਂ ਇਕ ਸੀਨੀਅਰ ਪੁਲਸ ਅਧਿਕਾਰੀ ਨੇ ਸਾਨੂੰ ਪੈਸੇ ਦੇਣ ਦੀ ਪੇਸ਼ਕਸ਼ ਕੀਤੀ ਪਰ ਅਸੀਂ ਤੁਰੰਤ ਲੈਣ ਤੋਂ ਇਨਕਾਰ ਕਰ ਦਿੱਤਾ। ਘਟਨਾ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਭਰ ’ਚ ਪ੍ਰਦਰਸ਼ਨ ਹੋਏ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਲੋਕਾਂ ਵੱਲੋਂ ਪੀੜਤਾ ਲਈ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ।