ਲਾਹੌਰ ਵਿੱਚ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਲਾਹੌਰ ਵਿੱਚ ਗੁਰੂ ਰਾਮਦਾਸ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ
ਅੰਮ੍ਰਿਤਸਰ - ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਅੱਜ ਪਾਕਿਸਤਾਨ ਦੇ ਲਾਹੌਰ ਵਿੱਚ ਗੁਰਦੁਆਰਾ ਜਨਮ ਅਸਥਾਨ ਚੂਨਾ ਮੰਡੀ ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰੇ ਨੂੰ ਫੁੱਲਾਂ ਨਾਲ ਸਜਾਇਆ ਗਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ ਅਤੇ ਮਗਰੋਂ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ। ਸ੍ਰੀ ਨਨਕਾਣਾ ਸਾਹਿਬ ਅਤੇ ਹੋਰ ਦੂਰ ਦੁਰਾਡੇ ਤੋਂ ਆਈ ਸੰਗਤ ਨੇ ਸਮਾਗਮ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਨੇ ਸੰਗਤ ਨੂੰ ਸੰਬੋਧਨ ਕੀਤਾ। ਇਸ ਮੌਕੇ ਕਮੇਟੀ ਮੈਂਬਰ ਮਹੇਸ਼ ਸਿੰਘ, ਡਾਕਟਰ ਮਹੀਪਾਲ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ ਅਤੇ ਸਤਵੰਤ ਸਿੰਘ ਸਣੇ ਸਤਵੰਤ ਕੌਰ ਹਾਜ਼ਰ ਸਨ ,ਜਿਨ੍ਹਾਂ ਨੂੰ ਗੁਰਦੁਆਰਾ ਕਮੇਟੀ ਵੱਲੋਂ ਸਨਮਾਨਿਤ ਵੀ ਕੀਤਾ ਗਿਆ। ਇਸ ਦੌਰਾਨ ਪਾਕਿਸਤਾਨ ਔਕਾਫ ਬੋਰਡ ਅਤੇ ਸਰਕਾਰ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮਹੇਸ਼ ਸਿੰਘ ਨੂੰ ਗੁਰਦੁਆਰਾ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ। ਉਹ ਸੂਬਾ ਸਿੰਧ ਦੇ ਕਸਮੋਰ ਸ਼ਹਿਰ ਨਾਲ ਸਬੰਧਤ ਹਨ। ਉਨ੍ਹਾਂ ਨੂੰ ਘੱਟ ਗਿਣਤੀਆਂ ਬਾਰੇ ਮੰਤਰੀ ਹਰਮੀਤ ਸਿੰਘ ਅਰੋੜਾ ਨੇ ਨਿਯੁਕਤੀ ਪੱਤਰ ਦਿੱਤਾ। ਪਾਕਿਸਤਾਨ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਮਨਾਇਆ ਗਿਆ ਹੈ, ਜਦੋਂਕਿ ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ ਇਹ ਪ੍ਰਕਾਸ਼ ਪੁਰਬ ਭਾਰਤ ਵਿੱਚ 19 ਅਕਤੂਬਰ ਨੂੰ ਮਨਾਇਆ ਜਾਵੇਗਾ।