ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜਲਾਸ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜਲਾਸ ਅੱਜ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜਲਾਸ ਅੱਜ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਆਮ ਇਜਲਾਸ ਭਲਕੇ ਸੋਮਵਾਰ ਨੂੰ ਇੱਥੇ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਬਾਅਦ ਦੁਪਹਿਰ ਇੱਕ ਵਜੇ ਹੋਵੇਗਾ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਮੈਂਬਰੀ ਅੰਤਰਿੰਗ ਕਮੇਟੀ ਦੀ ਚੋਣ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਦੀ ਇਸ ਚੋਣ ’ਤੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ ਕਿਉਂਕਿ ਇਸ ਸੰਸਥਾ ਦੀ ਪ੍ਰਧਾਨਗੀ ਲਈ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਉਮੀਦਵਾਰ ਬੀਬੀ ਜਗੀਰ ਕੌਰ ਦਰਮਿਆਨ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰ ਇਕਜੁੱਟ ਹਨ ਅਤੇ ਸਾਰੇ ਹੀ ਇਸ ਔਖੇ ਸਮੇਂ ਵਿੱਚ ਆਪੋ-ਆਪਣੇ ਰੁਝੇਵੇ ਛੱਡ ਕੇ ਦੂਰ-ਦੁਰਾਡੇ ਤੋਂ ਇਸ ਚੋਣ ਵਿੱਚ ਹਿੱਸਾ ਲੈਣ ਲਈ ਪੁੱਜ ਗਏ ਹਨ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੇ ਜਿੱਤ ਦਾ ਦਾਅਵਾ ਕੀਤਾ ਹੈ। ਭਲਕੇ ਹੋਣ ਵਾਲੇ ਚੋਣ ਇਜਲਾਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਅੱਜ ਇੱਥੇ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਹੋਈ ਮੀਟਿੰਗ ਵਿੱਚ ਪਾਰਟੀ ਨਾਲ ਸਬੰਧਤ ਲਗਪਗ 99 ਸ਼੍ਰੋਮਣੀ ਕਮੇਟੀ ਮੈਂਬਰ ਮੌਜੂਦ ਸਨ। ਮੀਟਿੰਗ ਵਿੱਚ ਮੌਜੂਦ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਇਸ ਸੰਸਥਾ ਦੇ ਪ੍ਰਧਾਨ ਨੂੰ ਛੱਡ ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਸਮੇਤ 11 ਅੰਤਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਵਾਸਤੇ ਉਮੀਦਵਾਰਾਂ ਦੀ ਚੋਣ ਕਰਨ ਦਾ ਹੱਕ ਸਰਬਸੰਮਤੀ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੂੰ ਸੌਂਪ ਦਿੱਤੇ ਹਨ।
ਇਸ ਦੌਰਾਨ ਮੀਟਿੰਗ ਨੂੰ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਅਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਵੀ ਸੰਬੋਧਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਪਾਰਟੀ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੂੰ ਦੂਜੀ ਧਿਰ ਦੇ ਹੱਕ ਵਿੱਚ ਭੁਗਤਾਉਣ ਲਈ ਵੱਖ-ਵੱਖ ਢੰਗ-ਤਰੀਕਿਆਂ ਨਾਲ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਲਵਿੰਦਰ ਭੂੰਦੜ ਨੇ ਵਿਰੋਧੀ ਧੜੇ ਨਾਲ ਸਬੰਧਤ ਮੈਂਬਰਾਂ ਸਮੇਤ ਸ਼੍ਰੋਮਣੀ ਕਮੇਟੀ ਦੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸਰਬਸੰਮਤੀ ਨਾਲ ਸਿੱਖ ਸੰਸਥਾ ਦਾ ਪ੍ਰਧਾਨ ਚੁਣਨ। ਡਾ. ਦਲਜੀਤ ਸਿੰਘ ਚੀਮਾ ਨੇ ਐਡਵੋਕੇਟ ਧਾਮੀ ਦੀ ਜਿੱਤ ਦਾ ਦਾਅਵਾ ਕੀਤਾ।
ਉਨ੍ਹਾਂ ਕਿਹਾ ਕਿ ਅੱਜ ਲਗਪਗ 99 ਮੈਂਬਰ ਇੱਥੇ ਹਾਜ਼ਰ ਹਨ ਅਤੇ ਦਰਜਨ ਭਰ ਮੈਂਬਰ ਭਲਕੇ ਇਸ ਇਜਲਾਸ ਵਿੱਚ ਸ਼ਾਮਲ ਹੋਣ ਲਈ ਪੁੱਜਣਗੇ। ਉਨ੍ਹਾਂ ਦਾਅਵਾ ਕੀਤਾ ਕਿ ਦੂਜੀ ਧਿਰ ਵਿੱਚੋਂ ਵੀ ਕੁਝ ਮੈਂਬਰ ਐਡਵੋਕੇਟ ਧਾਮੀ ਦੇ ਹੱਕ ਵਿੱਚ ਵੋਟ ਪਾਉਣਗੇ।

Radio Mirchi