ਸੁਖਬੀਰ ਬਾਦਲ ਸਬੰਧੀ ਫ਼ੈਸਲਾ ਨਿੱਡਰਤਾ ਨਾਲ ਲੈਣ ਦੀ ਅਪੀਲ

ਸੁਖਬੀਰ ਬਾਦਲ ਸਬੰਧੀ ਫ਼ੈਸਲਾ ਨਿੱਡਰਤਾ ਨਾਲ ਲੈਣ ਦੀ ਅਪੀਲ

ਸੁਖਬੀਰ ਬਾਦਲ ਸਬੰਧੀ ਫ਼ੈਸਲਾ ਨਿੱਡਰਤਾ ਨਾਲ ਲੈਣ ਦੀ ਅਪੀਲ
ਅੰਮ੍ਰਿਤਸਰ-ਦੋ ਦਸੰਬਰ ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਤੋਂ ਪਹਿਲਾਂ ਅੱਜ ਇੱਥੇ ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਅਤੇ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅਕਾਲ ਤਖ਼ਤ ਦੇ ਜਥੇਦਾਰ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ, ਜਿਨ੍ਹਾਂ ਨੂੰ 2 ਦਸੰਬਰ ਨੂੰ ਤਲਬ ਕੀਤਾ ਗਿਆ ਹੈ, ਦੇ ਖ਼ਿਲਾਫ਼ ਫ਼ੈਸਲਾ ਸਿੱਖ ਰਹਿਤ ਮਰਿਆਦਾ ਦੇ ਤਹਿਤ ਅਤੇ ਬਿਨਾਂ ਕਿਸੇ ਦਬਾਅ ਤੇ ਡਰ ਤੋਂ ਲੈਣ। ਅਕਾਲ ਤਖ਼ਤ ਦੇ ਸਕੱਤਰੇਤ ’ਚ ਜਥੇਦਾਰ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਸੰਸਦ ਮੈਂਬਰ ਸਰਬਜੀਤ ਸਿੰਘ ਨੇ ਕਿਹਾ ਕਿ ਪਤਾ ਲੱਗਾ ਹੈ ਕਿ ਇਸ ਮਾਮਲੇ ਵਿੱਚ ਸਿੰਘ ਸਾਹਿਬਾਨ ’ਤੇ ਬੇਲੋੜਾ ਦਬਾਅ ਪਾਇਆ ਜਾ ਰਿਹਾ ਹੈ ਤਾਂ ਜੋ ਸੁਖਬੀਰ ਸਿੰਘ ਬਾਦਲ ਅਤੇ ਹੋਰ ਅਕਾਲੀ ਆਗੂਆਂ ਖ਼ਿਲਾਫ਼ ਆਪਣੇ ਫੈਸਲੇ ਨੂੰ ਨਰਮ ਰੱਖ ਸਕਣ। ਉਨ੍ਹਾਂ ਕਿਹਾ ਕਿ ਇਸ ਸਬੰਧੀ ਬਣ ਰਹੇ ਪ੍ਰਭਾਵ ਤੋਂ ਬਾਅਦ ਉਨ੍ਹਾਂ ਅੱਜ ਜਥੇਦਾਰ ਨਾਲ ਮੁਲਾਕਾਤ ਕੀਤੀ ਅਤੇ ਭਰੋਸਾ ਦਿੱਤਾ ਹੈ ਕਿ ਉਹ ਤੇ ਸਮੁੱਚੀ ਕੌਮ ਉਨ੍ਹਾਂ ਨਾਲ ਖੜ੍ਹੀ ਹੈ। ਇਸੇ ਤਰ੍ਹਾਂ ਜੇਲ੍ਹ ਵਿੱਚ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਸੰਸਦ ਮੈਂਬਰ ਸਰਬਜੀਤ ਸਿੰਘ ਵੱਲੋਂ ਆਖੀਆਂ ਗੱਲਾਂ ਦਾ ਸਮਰਥਨ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਅਕਾਲੀ ਲੀਡਰਸ਼ਿਪ ਸਿੱਖਾਂ ਦੀ ਨੁਮਾਇੰਦਗੀ ਕਰਨ ਵਿੱਚ ਅਸਮਰਥ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਨੂੰ ਰੱਦ ਕਰਨ ਲਈ ਅਕਾਲੀ ਆਗੂਆਂ ਵੱਲੋਂ ਆਪੋ-ਆਪਣੇ ਅਸਤੀਫੇ ਦੇਣਾ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜ਼ਿਮਨੀ ਚੋਣਾਂ ਨਾ ਲੜਨ ਦਾ ਫੈਸਲਾ, ਅਜਿਹੇ ਬਿਰਤਾਂਤ ਨੂੰ ਸਿਰਜਣ ਦਾ ਯਤਨ ਹੈ ਤਾਂ ਜੋ ਇਸ ਦਾ ਪ੍ਰਭਾਵ ਜਥੇਦਾਰਾਂ ’ਤੇ ਪਵੇ।

Radio Mirchi