‘ਵਾਰਸ ਪੰਜਾਬ ਦੇ’ ਦੇ ਆਗੂ ਹਰਿਮੰਦਰ ਸਾਹਿਬ ਨਤਮਸਤਕ

‘ਵਾਰਸ ਪੰਜਾਬ ਦੇ’ ਦੇ ਆਗੂ ਹਰਿਮੰਦਰ ਸਾਹਿਬ ਨਤਮਸਤਕ

‘ਵਾਰਸ ਪੰਜਾਬ ਦੇ’ ਦੇ ਆਗੂ ਹਰਿਮੰਦਰ ਸਾਹਿਬ ਨਤਮਸਤਕ
ਅੰਮ੍ਰਿਤਸਰ-ਨਵੀਂ ਬਣੀ ਸਿਆਸੀ ਪਾਰਟੀ ‘ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ’ ਦੇ ਆਗੂਆਂ ਨੇ ਅੱਜ ਪਾਰਟੀ ਬਣਨ ਤੋਂ ਬਾਅਦ ਪਹਿਲੀ ਵਾਰ ਹਰਿਮੰਦਰ ਸਾਹਿਬ ਮੱਥਾ ਟੇਕਿਆ। ਪਾਰਟੀ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵੀ ਲੜੀਆਂ ਜਾਣਗੀਆਂ। ਇਸੇ ਦੌਰਾਨ ਜਲਦੀ ਹੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ ਗਿਆ।
ਇਸ ਨਵੀਂ ਸਿਆਸੀ ਪਾਰਟੀ ਦਾ ਗਠਨ ਹਾਲ ਹੀ ਵਿੱਚ ਮਾਘੀ ਮੇਲੇ ਮੌਕੇ ਕੀਤਾ ਗਿਆ ਸੀ। ਅੱਜ ਹਰਿਮੰਦਰ ਸਾਹਿਬ ਨਤਮਸਤਕ ਹੋਣ ਵਾਲਿਆਂ ਵਿੱਚ ਪਾਰਟੀ ਦੀ ਪੰਜ ਮੈਂਬਰੀ ਕਮੇਟੀ ਜਿਨ੍ਹਾਂ ’ਚ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ, ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ, ਅਮਰਜੀਤ ਸਿੰਘ, ਹਰਭਜਨ ਸਿੰਘ ਤੁੜ, ਸੁਰਜੀਤ ਸਿੰਘ ਤੇ ਹੋਰ ਆਗੂ ਸ਼ਾਮਲ ਸਨ। ਇਸ ਮੌਕੇ ਤਰਸੇਮ ਸਿੰਘ ਨੇ ਆਖਿਆ ਕਿ ਪਾਰਟੀ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੜੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪਾਰਟੀ ਦਾ ਮੰਤਵ ਲੋਕਤੰਤਰੀ ਸਿਧਾਂਤਾਂ ਨੂੰ ਮਜ਼ਬੂਤ ਕਰਨਾ ਅਤੇ ਸਿੱਖ ਕੌਮ ਨੂੰ ਆਪਣੇ ਹੱਕਾਂ ਲਈ ਇਕਜੁੱਟ ਕਰਨਾ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸਮਾਜਿਕ ਸਦਭਾਵਨਾ ਮਜ਼ਬੂਤ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਜਲਦੀ ਹੀ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਤਹਿਤ ਜ਼ਿਲ੍ਹਾ ਪੱਧਰ ’ਤੇ 11 ਮੈਂਬਰੀ ਕਮੇਟੀਆਂ ਬਣਾਈਆਂ ਜਾਣਗੀਆਂ। ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਹੋਏ ਨੁਕਸਾਨ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ। ਸੰਸਦ ਮੈਂਬਰ ਸਰਬਜੀਤ ਸਿੰਘ ਨੇ ਆਖਿਆ ਕਿ ਨਵੀਂ ਪਾਰਟੀ ਵਿੱਚ ਹਰ ਧਰਮ ਅਤੇ ਵਰਗ ਦੇ ਲੋਕਾਂ ਲਈ ਬਰਾਬਰ ਸਥਾਨ ਹੋਵੇਗਾ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਨਰੈਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਖਾਰਜ ਕਰਨ ਦੇ ਪਾਸ ਕੀਤੇ ਮਤੇ ਨੂੰ ਗ਼ਲਤ ਕਰਾਰ ਦਿੱਤਾ। ਇੱਕ ਸਵਾਲ ਦਾ ਜਵਾਬ ਵਿੱਚ ਉਨ੍ਹਾਂ ਭਾਜਪਾ ਨਾਲ ਸਮਝੌਤੇ ਦੀ ਸੰਭਾਵਨਾ ਨੂੰ ਰੱਦ ਕੀਤਾ।

Radio Mirchi