ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਨਹੀਂ ਲਵਾਂਗਾ: ਐਡਵੋਕੇਟ ਧਾਮੀ

ਐੱਸਜੀਪੀਸੀ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਵਾਪਸ ਨਹੀਂ ਲਵਾਂਗਾ: ਐਡਵੋਕੇਟ ਧਾਮੀ
ਅੰਮ੍ਰਿਤਸਰ-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਹੋਇਆ ਅਸਤੀਫਾ ਵਾਪਸ ਲੈਣ ਤੋਂ ਅੱਜ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਇਥੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਇਕ ਗੈਰ-ਰਸਮੀ ਮੁਲਾਕਾਤ ਕੀਤੀ।
ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ 7 ਮਾਰਚ ਨੂੰ ਮੀਟਿੰਗ ਕੀਤੀ ਜਾਣੀ ਹੈ, ਜਿਸ ਵਿੱਚ ਉਹਨਾਂ ਦੇ ਅਸਤੀਫੇ ਸਬੰਧੀ ਵਿਚਾਰ ਚਰਚਾ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਪਿਛਲੀ ਮੀਟਿੰਗ ਵਿੱਚ ਧਾਮੀ ਦੇ ਅਸਤੀਫੇ ਸਬੰਧੀ ਮਾਮਲੇ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ।
ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਗ੍ਰਹਿ ਵਿਖੇ ਲਗਭਗ ਇੱਕ ਘੰਟਾ ਕੀਤੀ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਸੰਖੇਪ ਗੱਲਬਾਤ ਦੌਰਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਉਹ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਆਏ ਸਨ ਅਤੇ ਇਸ ਦੌਰਾਨ ਉਨ੍ਹਾਂ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਹੈ, ਇਹ ਇਕ ਗੈਰ ਰਸਮੀ ਮੁਲਾਕਾਤ ਹੈ। ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਹੋਇਆ ਅਸਤੀਫਾ ਵਾਪਸ ਨਹੀਂ ਲੈਣਗੇ।
ਇੱਕ ਸਵਾਲ ਦੇ ਜਵਾਬ ਵਿੱਚ ਉਹਨਾਂ ਕਿਹਾ, ‘‘ਜੇ ਅੰਤਰਿੰਗ ਕਮੇਟੀ ਅਸਤੀਫਾ ਪ੍ਰਵਾਨ ਨਹੀਂ ਕਰਦੀ ਤਾਂ ਫਿਰ ਉਸ ਤੋਂ ਬਾਅਦ ਸੋਚਣਗੇ, ਪਰ ਇੱਕ ਗੱਲ ਪੱਕੀ ਹੈ ਕਿ ਉਹ ਅਸਤੀਫਾ ਵਾਪਸ ਨਹੀਂ ਲੈਣਗੇ।’’ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਮਾਮਲੇ ਦੇ ਜਾਰੀ ਵਿਵਾਦ ਬਾਰੇ ਉਹਨਾਂ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਦੇਖਣਾ ਹੈ।