ਅਕਾਲ ਤਖ਼ਤ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਟਾਏ

ਅਕਾਲ ਤਖ਼ਤ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਟਾਏ

ਅਕਾਲ ਤਖ਼ਤ ਤੇ ਕੇਸਗੜ੍ਹ ਸਾਹਿਬ ਦੇ ਜਥੇਦਾਰ ਹਟਾਏ
ਅੰਮ੍ਰਿਤਸਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਅੱਜ ਅਚਨਚੇਤੀ ਖ਼ਤਮ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਸਿੱਖ ਪ੍ਰਚਾਰਕ ਕੁਲਦੀਪ ਸਿੰਘ ਗੜਗੱਜ ਨੂੰ ਅਕਾਲ ਤਖ਼ਤ ਦਾ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਹੈ। ਇਸੇ ਤਰ੍ਹਾਂ ਸੰਤ ਟੇਕ ਸਿੰਘ ਧਨੌਲਾ ਨੂੰ ਤਖ਼ਤ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਗਿਆ ਹੈ। ਉੱਧਰ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਸੱਦ ਲਿਆ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ੇ ਦਾ ਮਾਮਲਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਿਨ੍ਹਾਂ ਅੱਜ ਮੀਟਿੰਗ ਦੀ ਪ੍ਰਧਾਨਗੀ ਕੀਤੀ, ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਵਿਚਾਰ ਵਟਾਂਦਰੇ ਉਪਰੰਤ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾਮੁਕਤ ਕਰ ਦਿੱਤਾ ਹੈ ਅਤੇ ਉਹ ਹੁਣ ਸੱਚਖੰਡ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ। ਉਹ ਅਕਾਲ ਤਖ਼ਤ ਦੇ ਜਥੇਦਾਰ ਦੇ ਨਾਲ-ਨਾਲ ਹਰਿਮੰਦਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਵੀ ਸੇਵਾਵਾਂ ਨਿਭਾਅ ਰਹੇ ਸਨ। ਇਸੇ ਤਰ੍ਹਾਂ ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਪਾਸੋਂ ਵੀ ਜਥੇਦਾਰ ਦਾ ਚਾਰਜ ਵਾਪਸ ਲਿਆ ਗਿਆ ਹੈ ਅਤੇ ਉਹ ਪਹਿਲਾਂ ਦੀ ਤਰ੍ਹਾਂ ਸੱਚਖੰਡ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾਵਾਂ ਜਾਰੀ ਰੱਖਣਗੇ। ਉਨ੍ਹਾਂ ਦੱਸਿਆ ਕਿ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਸਿੱਖ ਵਿਦਵਾਨ ਅਤੇ ਕਥਾਵਾਚਕ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਉੱਘੀ ਧਾਰਮਿਕ ਸ਼ਖ਼ਸੀਅਤ ਬਾਬਾ ਟੇਕ ਸਿੰਘ ਮੁਖੀ ਬੁੰਗਾ ਮਸਤੂਆਣਾ, ਦਮਦਮਾ ਸਾਹਿਬ ਨੂੰ ਬਤੌਰ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅਕਾਲ ਤਖ਼ਤ ਦੇ ਨਵੇਂ ਜਥੇਦਾਰ ਦੀ ਨਿਯੁਕਤੀ ਸਾਰੀਆਂ ਸਿੱਖ ਸੰਸਥਾਵਾਂ, ਜਥੇਬੰਦੀਆਂ ਅਤੇ ਸੰਪਰਦਾਵਾਂ ਨਾਲ ਸਲਾਹ-ਮਸ਼ਵਰੇ ਤੋਂ ਬਾਅਦ ਕੀਤੀ ਜਾਵੇਗੀ ਅਤੇ ਉਦੋਂ ਤੱਕ ਤਖ਼ਤ ਕੇਸਗੜ੍ਹ ਸਾਹਿਬ ਦੇ ਨਵ-ਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਵਜੋਂ ਸੇਵਾਵਾਂ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਦੇ ਮੁੱਦੇ ਨੂੰ ਮੁੜ ਬਕਾਇਆ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਦੁਪਹਿਰ 12 ਵਜੇ ਤੇਜਾ ਸਿੰਘ ਸਮੁੰਦਰੀ ਹਾਲ ’ਚ ਹੋਵੇਗਾ। ਮੀਟਿੰਗ ਵਿੱਚ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਅਮਰੀਕ ਸਿੰਘ ਵਿਛੋਆ, ਸੁਰਜੀਤ ਸਿੰਘ ਤੁਗਲਵਾਲ ਆਦਿ ਹਾਜ਼ਰ ਸਨ।

Radio Mirchi