ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਮੁੜ ਸੰਭਾਲਣ ਲਈ ਰਾਜ਼ੀ

ਧਾਮੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਮੁੜ ਸੰਭਾਲਣ ਲਈ ਰਾਜ਼ੀ
ਹੁਸ਼ਿਆਰਪੁਰ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋ-ਚਾਰ ਦਿਨਾਂ ਤੱਕ ਜ਼ਿੰਮੇਵਾਰੀ ਸੰਭਾਲ ਲੈਣ ਦਾ ਐਲਾਨ ਕੀਤਾ ਹੈ। ਉਨ੍ਹਾਂ ਇਹ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ, ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਅਤੇ ਜਨਮੇਜਾ ਸਿੰਘ ਸੇਖੋਂ ਨਾਲ ਕੀਤੀ ਮੀਟਿੰਗ ਮਗਰੋਂ ਲਿਆ ਹੈ। ਬੀਤੇ ਦਿਨ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਸ੍ਰੀ ਧਾਮੀ ਨੂੰ ਅਸਤੀਫਾ ਵਾਪਸ ਲੈਣ ਦੀ ਕੀਤੀ ਅਪੀਲ ਮਗਰੋਂ ਉਨ੍ਹਾਂ ਇਸ ’ਤੇ ਵਿਚਾਰ ਕਰਨ ਲਈ ਇੱਕ ਦਿਨ ਦਾ ਸਮਾਂ ਮੰਗਿਆ ਸੀ।
ਸ੍ਰੀ ਧਾਮੀ ਨੇ 6 ਮਾਰਚ ਨੂੰ ਗਿਆਨੀ ਰਘੁਵੀਰ ਸਿੰਘ ਨਾਲ ਮੀਟਿੰਗ ਮਗਰੋਂ ਦਾਅਵਾ ਕੀਤਾ ਸੀ ਕਿ ਉਹ ਅਸਤੀਫਾ ਵਾਪਸ ਨਹੀਂ ਲੈਣਗੇ। ਇਸ ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘੁਵੀਰ ਸਿੰਘ ਦੀਆਂ ਸੇਵਾਵਾਂ ਬਤੌਰ ਜਥੇਦਾਰ ਖ਼ਤਮ ਕਰ ਦਿੱਤੀਆਂ ਗਈਆਂ ਸਨ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਸ੍ਰੀ ਧਾਮੀ ਨੂੰ ਲਗਾਤਾਰ ਆਪਣਾ ਅਸਤੀਫਾ ਵਾਪਸ ਲੈਣ ਲਈ ਕਿਹਾ ਜਾ ਰਿਹਾ ਸੀ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ, ਸਿੰਘ ਸਾਹਿਬਾਨ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਨ੍ਹਾਂ ਨੂੰ ਅਸਤੀਫਾ ਵਾਪਸ ਲੈਣ ਲਈ ਆਖਿਆ ਜਾ ਰਿਹਾ ਹੈ। ਇਸ ਬਾਰੇ ਉਹ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਸਨ ਪਰ ਬੀਤੇ ਦਿਨ ਅੰਤ੍ਰਿੰਗ ਕਮੇਟੀ ਵੱਲੋਂ ਮਤਾ ਪਾਸ ਕਰਕੇ ਉਨ੍ਹਾਂ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਗਿਆ। ਇਸ ਮਗਰੋਂ ਅੱਜ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ, ਜਨਮੇਜਾ ਸਿੰਘ ਸੇਖੋਂ ਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਉਨ੍ਹਾਂ ਨੂੰ ਆਪਣਾ ਅਸਤੀਫਾ ਵਾਪਸ ਲੈਣ ਲਈ ਆਖਿਆ ਹੈ। ਉਹ ਇੱਕ-ਦੋ ਦਿਨਾਂ ਮਗਰੋਂ ਆਪਣੀ ਸੇਵਾ ਮੁੜ ਸੰਭਾਲ ਲੈਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਕੁਲਵੰਤ ਸਿੰਘ ਮੰਨਣ, ਹਰਜਿੰਦਰ ਸਿੰਘ ਮਹਿਤਾ, ਅਮਰਜੀਤ ਸਿੰਘ ਚਾਵਲਾ, ਜ਼ਿਲ੍ਹਾ ਪ੍ਰਧਾਨ ਕਿਸਾਨ ਵਿੰਗ ਇਕਬਾਲ ਸਿੰਘ ਜੌਹਲ, ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਆਦਿ ਵੀ ਹਾਜ਼ਰ ਸਨ।