ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ
ਅੰਮ੍ਰਿਤਸਰ-ਅਕਾਲ ਤਖ਼ਤ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਭਰਤੀ ਕਮੇਟੀ ਦੇ ਪੰਜ ਮੈਂਬਰਾਂ ਨੇ ਅੱਜ ਇਥੇ ਅਕਾਲ ਤਖ਼ਤ ਵਿਖੇ ਅਰਦਾਸ ਕਰਨ ਮਗਰੋਂ ਭਰਤੀ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਤਹਿਤ ਇਸ ਦੇ ਪਹਿਲੇ ਮੈਂਬਰ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਬਣੇ। ਬਾਅਦ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਰਤੀ ਕਮੇਟੀ ਦੇ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਸਬੰਧੀ ਜਥੇਦਾਰ ਗੜਗੱਜ ਨੇ ਕਿਹਾ ਕਿ ਮੁਲਾਕਾਤ ਦੌਰਾਨ ਦੋ ਦਸੰਬਰ ਨੂੰ ਹੋਏ ਫ਼ੈਸਲਿਆਂ ਦੀ ਰੌਸ਼ਨੀ ਵਿੱਚ ਪੰਥਕ ਏਕਤਾ ਸਬੰਧੀ ਵਿਚਾਰ-ਚਰਚਾ ਕੀਤੀ ਗਈ। ਇਸ ਵੇਲੇ ਪੰਥ ਨੂੰ ਆਪਣੀਆਂ ਸੰਸਥਾਵਾਂ ਦੀ ਰਾਖੀ ਅਤੇ ਚੁਣੌਤੀਆਂ ਦੇ ਟਾਕਰੇ ਲਈ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਪੰਥਕ ਏਕਤਾ ਸਬੰਧੀ ਹਾਂ-ਪੱਖੀ ਹੁੰਗਾਰਾ ਭਰਿਆ ਸੀ।
ਇਸ ਤੋਂ ਪਹਿਲਾਂ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲ ਤਖ਼ਤ ਵਿਖੇ ਅਰਦਾਸ ਕੀਤੀ। ਭਰਤੀ ਮੁਹਿੰਮ ਦੀ ਸੰਕੇਤਕ ਸ਼ੁਰੂਆਤ ਹਰਿਮੰਦਰ ਸਾਹਿਬ ਸਮੂਹ ਤੋਂ, ਜਦਕਿ ਰਸਮੀ ਸ਼ੁਰੂਆਤ ਹੈਰੀਟੇਜ ਸਟਰੀਟ ’ਚ ਲੱਗੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਕੋਲੋਂ ਕੀਤੀ ਗਈ। ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਮੇਤ ਸੰਤ ਬਾਬਾ ਸੇਵਾ ਸਿੰਘ, ਬਾਬਾ ਸਰਬਜੋਤ ਸਿੰਘ ਬੇਦੀ ਅਤੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਮਨਪ੍ਰੀਤ ਸਿੰਘ ਇਆਲੀ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੈਦਪੁਰੀ, ਬੀਬੀ ਸਤਵੰਤ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਭਾਈ ਮਨਜੀਤ ਸਿੰਘ ਤੇ ਹੋਰ ਇਸ ਦੇ ਮੁਢਲੇ ਮੈਂਬਰ ਬਣੇ।
ਭਰਤੀ ਮੁਹਿੰਮ ਦੀ ਆਰੰਭਤਾ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਵਡਾਲਾ ਨੇ ਦੱਸਿਆ ਕਿ ਇਹ ਭਰਤੀ ਸ਼੍ਰੋਮਣੀ ਅਕਾਲੀ ਦਲ ਦੇ ਨਾਂ ਹੇਠ ਹੋਵੇਗੀ। ਮੈਂਬਰ ਬਣਨ ਵਾਲੇ ਕਿਸੇ ਵੀ ਵਿਅਕਤੀ ਕੋਲੋਂ ਫੀਸ ਨਹੀਂ ਲਈ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਮੁੱਖ ਦਫ਼ਤਰ ਪੁਰਾਤਨ ਸਮੇਂ ਵਾਂਗ ਅੰਮ੍ਰਿਤਸਰ ਵਿੱਚ ਹੋਵੇਗਾ। ਅੱਜ ਭਰਤੀ ਮੁਹਿੰਮ ਦੀ ਸ਼ੁਰੂਆਤ ਨਾਲ ਦੋ ਦਸੰਬਰ ਨੂੰ ਅਕਾਲ ਤਖ਼ਤ ਦੀ ਫਸੀਲ ਤੋਂ ਜਾਰੀ ਕੀਤਾ ਗਿਆ ਹੁਕਮਨਾਮਾ ਵੀ ਪੂਰਾ ਹੋ ਗਿਆ ਹੈ। ਉਨ੍ਹਾਂ ਅੰਤ੍ਰਿਗ ਕਮੇਟੀ ਵੱਲੋਂ ਬਰਖਾਸਤ ਕੀਤੇ ਗਏ ਤਖ਼ਤਾਂ ਦੇ ਜਥੇਦਾਰ ਬਹਾਲ ਕਰਨ ਦੀ ਮੰਗ ਵੀ ਦੁਹਰਾਈ। ਕਮੇਟੀ ਮੈਂਬਰ ਇਕਬਾਲ ਸਿੰਘ ਝੂੰਦਾ ਨੇ ਵੀ ਸਮੂਹ ਸਿੱਖ ਸੰਸਥਾਵਾਂ ਨੂੰ ਇਸ ਭਰਤੀ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਸਮੇਤ ਹੋਰ ਅਕਾਲੀ ਆਗੂ ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ। ਜ਼ਿਕਰਯੋਗ ਹੈ ਕਿ ਕੁੱਝ ਆਗੂਆਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਸ਼ੁਰੂ ਕੀਤੀ ਭਰਤੀ ਮੁਹਿੰਮ ਦਾ ਵਿਰੋਧ ਕੀਤਾ ਜਾ ਰਿਹਾ ਅਤੇ ਇਸ ਨੂੰ ਗੈਰ-ਕਾਨੂੰਨੀ ਆਖਿਆ ਜਾ ਰਿਹਾ ਹੈ।

Radio Mirchi