ਪੰਜਾਬ ਮੰਤਰੀ ਮੰਡਲ ਵੱਲੋਂ ਮਾਈਨਿੰਗ ਪਾਲਿਸੀ ਵਿੱਚ ਸੋਧ ਨੂੰ ਹਰੀ ਝੰਡੀ

ਪੰਜਾਬ ਮੰਤਰੀ ਮੰਡਲ ਵੱਲੋਂ ਮਾਈਨਿੰਗ ਪਾਲਿਸੀ ਵਿੱਚ ਸੋਧ ਨੂੰ ਹਰੀ ਝੰਡੀ
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੰਤਰੀ ਮੰਡਲ ਦੀ ਬੈਠਕ ਵਿਚ ਪੰਜਾਬ ਦੀ ਮਾਈਨਿੰਗ ਪਾਲਿਸੀ-2023 ਵਿੱਚ ਸੋਧ ਲਈ ਪ੍ਰਵਾਨਗੀ ਦੇ ਦਿੱਤੀ ਗਈ ਹੈ। ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਾਈਨਿੰਗ ਪਾਲਿਸੀ ਵਿੱਚ ਸੋਧ ਕਰਕੇ ਡਿਮਾਂਡ ਐਂਡ ਸਪਲਾਈ ਨੂੰ ਸੁਚਾਰੂ ਬਣਾਉਣ ’ਤੇ ਜ਼ੋਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਮੰਤਰੀ ਮੰਡਲ ਨੇ 50 ਸਾਲ ਤੋਂ ਵੱਧ ਉਮਰ ਵਾਲਿਆਂ ਲਈ ਤੀਰਥ ਯਾਤਰਾ ਸਕੀਮ ਨੂੰ ਹਰੀ ਝੰਡੀ ਦੇ ਦਿੱਤੀ ਹੈ। ਇਸ ਲਈ ਸੂਬਾ ਸਰਕਾਰ ਵੱਲੋਂ ਬਜਟ ਵਿਚ 100 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ।
ਸ੍ਰੀ ਚੀਮਾ ਨੇ ਕਿਹਾ ਕਿ ਤੀਰਥ ਯਾਤਰਾ ਸਕੀਮ ਲਈ ਅਪਰੈਲ ਮਹੀਨੇ ਦੇ ਅਖੀਰ ਵਿੱਚ ਰਜਿਸਟਰੇਸ਼ਨ ਕੀਤੀ ਜਾਵੇਗੀ ਅਤੇ ਮਈ ਮਹੀਨੇ ਵਿੱਚ ਤੀਰਥ ਯਾਤਰਾ ਕਰਵਾਈ ਜਾਵੇਗੀ। ਮੰਤਰੀ ਮੰਡਲ ਵੱਲੋਂ ਲਏ ਫੈਸਲੇ ਮੁਤਾਬਕ ਸਕੂਲ ਆਫ਼ ਐਮੀਨੈਂਸ ਵਿੱਚ ਸੁਧਾਰ ਲਈ ਸੂਬੇ ਦੇ ਕੁੱਲ 118 ਸਕੂਲਾਂ ਵਿੱਚੋਂ 80 ਸਕੂਲਾਂ ਨੂੰ ਆਈਏਐੱਸ ਤੇ ਪੀਸੀਐਸ ਅਧਿਕਾਰੀ (ਇਕ-ਇਕ ਸਕੂਲ ਨੂੰ) ਗੋਦ ਲੈਣਗੇ, ਜਿਨ੍ਹਾਂ ਵੱਲੋਂ ਸਕੂਲ ਦੀ ਦੇਖਭਾਲ ਦੇ ਨਾਲ ਬੱਚਿਆਂ ਨੂੰ ਪ੍ਰੋਤਸਾਹਿਤ ਕੀਤਾ ਜਾਵੇਗਾ।