ਅਕਾਲੀ ਦਲ (ਅ) ਤੇ ਦਲ ਖ਼ਾਲਸਾ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਮੱਠਾ ਹੁੰਗਾਰਾ

ਅਕਾਲੀ ਦਲ (ਅ) ਤੇ ਦਲ ਖ਼ਾਲਸਾ ਵੱਲੋਂ ਦਿੱਤੇ ਬੰਦ ਦੇ ਸੱਦੇ ਨੂੰ ਮੱਠਾ ਹੁੰਗਾਰਾ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖ਼ਾਲਸਾ ਵੱਲੋਂ ਨਾਗਰਿਕਤਾ ਸੋਧ ਕਾਨੂੰਨ (ਸੀਏਏ), ਐੱਨਆਰਸੀ ਅਤੇ ਭਾਜਪਾ ਵੱਲੋਂ ਥੋਪੇ ਜਾ ਰਹੇ ਹਿੰਦੂ ਰਾਸ਼ਟਰਵਾਦ ਖ਼ਿਲਾਫ਼ ਪੰਜਾਬ ਬੰਦ ਦੇ ਸੱਦੇ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਮੱਠਾ ਹੁੰਗਾਰਾ ਮਿਲਿਆ। ਦਲ ਖ਼ਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਬਿੱਟੂ ਨੇ ਦਾਅਵਾ ਕੀਤਾ ਹੈ ਕਿ ਹੁਸ਼ਿਆਰਪੁਰ, ਅੰਮ੍ਰਿਤਸਰ, ਬਠਿੰਡਾ, ਮੋਗਾ, ਮਲੇਰਕੋਟਲਾ ਅਤੇ ਸੰਗਰੂਰ ਵਿੱਚ ਤਾਂ ਬੰਦ ਸਫ਼ਲ ਰਿਹਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸ਼ਹਿਰਾਂ ਵਿੱਚ ਲੋਕਾਂ ਨੇ ਭਾਜਪਾ ਦੇ ਏਜੰਡੇ ਵਿਰੁੱਧ ਰੋਸ ਪ੍ਰਗਟ ਕਰਦਿਆਂ ਆਪਣੇ ਕਾਰੋਬਾਰ ਬੰਦ ਰੱਖੇ। ਦਲ ਖ਼ਾਲਸਾ ਦੇ ਬੁਲਾਰੇ ਨੇ ਕਿਹਾ ਕਿ ਦੋਵਾਂ ਪਾਰਟੀਆਂ ਵੱਲੋਂ ਸੜਕੀ ਅਤੇ ਰੇਲ ਆਵਾਜਾਈ ਵਿੱਚ ਕਿਸੇ ਤਰ੍ਹਾਂ ਦਾ ਵਿਘਨ ਨਾ ਪਾਉਣ ਦਾ ਫ਼ੈਸਲਾ ਪਹਿਲਾਂ ਹੀ ਕੀਤਾ ਗਿਆ ਸੀ। ਲੋਕਾਂ ਨੂੰ ਸਿਰਫ਼ ਆਪਣੇ ਕਾਰੋਬਾਰ ਸੰਕੇਤਕ ਤੌਰ ’ਤੇ ਬੰਦ ਰੱਖ ਕੇ ਕੇਂਦਰ ਸਰਕਾਰ ਦੇ ਫ਼ੈਸਲਿਆਂ ਵਿਰੁੱਧ ਰੋਸ ਦਰਜ ਕਰਵਾਉਣ ਦੀ ਬੇਨਤੀ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਆਪਣਾ ਸੁਨੇਹਾ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੱਕ ਪੁੱਜਦਾ ਕਰਨ ਵਿੱਚ ਕਾਮਯਾਬ ਹੋ ਗਏ ਹਨ। ਬਿੱਟੂ ਨੇ ਦੱਸਿਆ ਕਿ ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਔਸਤ ਹੁੰਗਾਰਾ ਮਿਲਿਆ ਹੈ। ਗੁਰਦਾਸਪੁਰ ਵਿੱਚ 50 ਫੀਸਦ ਦੇ ਕਰੀਬ ਦੁਕਾਨਾਂ ਅਤੇ ਹੋਰ ਕਾਰੋਬਾਰੀ ਅਦਾਰੇ ਬੰਦ ਰਹੇ। ਦਲ ਖ਼ਾਲਸਾ ਦੇ ਆਗੂ ਦਾ ਕਹਿਣਾ ਹੈ ਕਿ ਭਾਜਪਾ ਦੀ ਅਗਵਾਈ ਹੇਠਲੀ ਹਕੂਮਤ ਵੱਲੋਂ ਲਿਆਂਦਾ ਗਿਆ ਨਾਗਰਿਕਤਾ ਸੋਧ ਕਾਨੂੰਨ ਧਰਮ ਨਿਰਪੱਖ ਤੇ ਜਮਹੂਰੀ ਕਦਰਾਂ ਕੀਮਤਾਂ ’ਤੇ ਤਿੱਖਾ ਹਮਲਾ ਹੈ ਕਿਉਂਕਿ ਇਹ ਨਾਗਰਿਕਤਾ ਦੇ ਅਧਿਕਾਰ ਨੂੰ ਧਰਮ ਨਾਲ ਜੋੜਦਾ ਹੈ ਤੇ ਵਿਸ਼ੇਸ਼ ਤੌਰ ’ਤੇ ਮੁਸਲਮਾਨਾਂ ਨੂੰ ਨਿਸ਼ਾਨਾ ਬਣਾਉਂਦਾ ਹੈ।

Radio Mirchi