ਅਕਾਲੀ ਵਿਧਾਇਕਾਂ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਖ਼ਿਲਾਫ਼ ਫੌਰੀ ਕਾਰਵਾਈ ਮੰਗੀ
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕਾਂ ਨੇ ਅੱਜ ਪੰਜਾਬ ਪੁਲੀਸ ਦੇ ਮੁਖੀ ਦਿਨਕਰ ਗੁਪਤਾ ਨੂੰ ਕਿਹਾ ਕਿ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ’ਚੋਂ ਧਮਕੀਆਂ ਦੇਣ ਵਾਲੇ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇ।
ਵਿਧਾਇਕਾਂ ਨੇ ਕਿਹਾ ਕਿ ਕਤਲ ਕੀਤੇ ਸਾਬਕਾ ਅਕਾਲੀ ਸਰਪੰਚ ਦਲਬੀਰ ਢਿੱਲਵਾਂ ਦੇ ਪਰਿਵਾਰ ਵੱਲੋਂ ਲਾਏ ਦੋਸ਼ਾਂ ਅਨੁਸਾਰ ਜੇਲ੍ਹ ਮੰਤਰੀ ਖ਼ਿਲਾਫ ਐਫਆਈਆਰ ਦਰਜ ਕੀਤੀ ਜਾਵੇ। ਉਨ੍ਹਾਂ ਨੇ ਆਖਿਆ ਕਿ ਉਹ ਬਟਾਲਾ ਪੁਲੀਸ ਨੂੰ ਤੁਰੰਤ ਪੀੜਤ ਪਰਿਵਾਰ ਦਾ ਬਿਆਨ ਕਲਮਬੰਦ ਕਰਨ ਦਾ ਨਿਰਦੇਸ਼ ਦੇਣ। ਸ੍ਰੀ ਮਜੀਠੀਆ ਦੀ ਅਗਵਾਈ ਵਿਚ ਅਕਾਲੀ ਵਿਧਾਇਕਾਂ ਨੇ ਡੀਜੀਪੀ ਨੂੰ ਦਸਤਾਵੇਜ਼ੀ ਸਬੂਤ ਵੀ ਦਿਖਾਏ ਕਿ ਗੈਂਗਸਟਰ ਦੇ ਜੇਲ੍ਹ ਮੰਤਰੀ ਨਾਲ ਸਬੰਧਾਂ ਦਾ ਪਰਦਾਫਾਸ਼ ਕੀਤੇ ਜਾਣ ਮਗਰੋਂ ਭਗਵਾਨਪੁਰੀਆ ਜੇਲ੍ਹ ਵਿਚੋਂ ਅਕਾਲੀ ਆਗੂ ਨੂੰ ਧਮਕੀਆਂ ਦੇ ਰਿਹਾ ਹੈ। ਸ੍ਰੀ ਮਜੀਠੀਆ ਨੇ ਕਿਹਾ ਕਿ ਜੇਲ੍ਹ ਮੰਤਰੀ ਅਤੇ ਉਨ੍ਹਾਂ ਦੇ ਨਿੱਜੀ ਸਹਾਇਕ ਦੀਆਂ ਫੋਨ ਕਾਲਾਂ ਦੇ ਰਿਕਾਰਡ ਦੀ ਜਾਂਚ ਹੋਣੀ ਚਾਹੀਦੀ ਹੈ।