ਅਕਾਲੀਆਂ ਵੱਲੋਂ ਭਵਿੱਖ ਦੀ ਰਣਨੀਤੀ ’ਤੇ ਵਿਚਾਰਾਂ
ਭਾਜਪਾ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਦਿੱਤੇ ਗਏ ਝਟਕੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੂੰ ਸਵਾ ਦੋ ਦਹਾਕੇ ਪੁਰਾਣੇ ਭਾਈਵਾਲ ਨਾਲ ਭਵਿੱਖ ’ਚ ਗੂੜ੍ਹੇ ਸਿਆਸੀ ਰਿਸ਼ਤੇ ਕਾਇਮ ਰਹਿਣ ਦੀ ਆਸ ਖ਼ਤਮ ਹੁੰਦੀ ਦਿਖਾਈ ਦੇ ਰਹੀ ਹੈ। ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਹੇਠ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਦੋਹਾਂ ਪਾਰਟੀਆਂ ਦਰਮਿਆਨ ਵਿਗੜ ਰਹੇ ਸਬੰਧਾਂ ’ਤੇ ਵਿਚਾਰ-ਚਰਚਾ ਕੀਤੀ ਗਈ। ਸੂਤਰਾਂ ਮੁਤਾਬਕ ਅਕਾਲੀ ਦਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਪੁਰਾਣੇ ਸਿਆਸੀ ਗੱਠਜੋੜ ਦੇ ਟੁੱਟਣ ਦਾ ਨਾ ਸਿਰਫ਼ ਅਹਿਸਾਸ ਹੋਇਆ ਹੈ ਸਗੋਂ ਚੋਣਾਂ ਤੋਂ ਪਹਿਲਾਂ ਇਕੱਠਿਆਂ ਕੰਮ ਕਰਨ ਦੇ ਇਰਾਦਿਆਂ ’ਤੇ ਮੁੜ ਤੋਂ ਸਮੀਖਿਆ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪਾਰਟੀ ਦੇ ਸੀਨੀਅਰ ਆਗੂ ਨੇ ਕਿਹਾ ਕਿ ਭਗਵਾਂ ਪਾਰਟੀ ਦੇ ਰੁਖ਼ ਤੋਂ ਬਾਅਦ ਰਾਜ ਸਰਕਾਰ ਖਿਲਾਫ਼ ਵਿੱਢੀ ਜਾਣ ਵਾਲੀ ਮੁਹਿੰਮ ’ਚ ਵੀ ਭਾਜਪਾ ਦਾ ਸਹਿਯੋਗ ਲਏ ਜਾਣ ਦੀ ਉਮੀਦ ਨਹੀਂ ਹੈ। ਇਸ ਆਗੂ ਨੇ ਕਿਹਾ ਕਿ ਭਾਜਪਾ ਨੇ ਪਾਰਟੀ ਨੂੰ ਬਹੁਤ ਵੱਡਾ ਸਦਮਾ ਦਿੱਤਾ ਹੈ। ਸੂਤਰਾਂ ਨੇ ਕਿਹਾ ਕਿ ਦਿੱਲੀ ਵਿੱਚ ਅਕਾਲੀ ਦਲ ਦੇ ਕਾਡਰ ਵੱਲੋਂ ਭਾਜਪਾ ਉਮੀਦਵਾਰਾਂ ਦੇ ਹੱਕ ’ਚ ਭੁਗਤਣ ਦੀ ਕੋਈ ਉਮੀਦ ਨਹੀਂ ਹੈ। ਕੋਰ ਕਮੇਟੀ ਵਿੱਚ ਫ਼ੈਸਲਾ ਲਿਆ ਗਿਆ ਕਿ ਦਿੱਲੀ ਦੇ ਵਰਕਰ ਵਿਧਾਨ ਸਭਾ ਚੋਣਾਂ ’ਚ ਕਿਸ ਪਾਰਟੀ ਨੂੰ ਹਮਾਇਤ ਦੇਣੀ ਹੈ, ਉਸ ਬਾਰੇ ਖੁਦ ਫ਼ੈਸਲਾ ਲੈਣ। ਵਰਕਰਾਂ ਨੂੰ ਸਿੰਘ ਸਭਾਵਾਂ ਦੀਆਂ ਮੀਟਿੰਗਾਂ ਕਰਕੇ ਦਿੱਲੀ ਦੇ ਸਿੱਖਾਂ ਵੱਲੋਂ ਸਹਿਮਤੀ ਨਾਲ ਫ਼ੈਸਲਾ ਲੈਣ ’ਤੇ ਜ਼ੋਰ ਦਿੱਤਾ ਗਿਆ ਹੈ।
ਅਕਾਲੀ ਦਲ ਦੀ ਕੋਰ ਕਮੇਟੀ ਨੇ ਇਹ ਗੱਲ ਦੁਹਰਾਈ ਕਿ ਨਾਗਰਿਕਤਾ ਸੋਧ ਕਾਨੂੰਨ ਵਿੱਚ ਮੁਸਲਮਾਨਾਂ ਨੂੰ ਵੀ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪਾਣੀਆਂ ਦੇ ਮੁੱਦੇ ’ਤੇ ਬੁਲਾਈ ਗਈ ਮੀਟਿੰਗ ਵਿੱਚ ਪਾਰਟੀ ਦੇ ਤਿੰਨ ਨੁਮਾਇੰਦੇ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਮਹੇਸ਼ਇੰਦਰ ਸਿੰਘ ਗਰੇਵਾਲ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਵੰਡ ਰਿਪੇਰੀਅਨ ਕਾਨੂੰਨ ਤਹਿਤ ਹੋਣੀ ਚਾਹੀਦੀ ਹੈ ਅਤੇ ਸੂਬੇ ਦਾ ਪਾਣੀ ਕਿਸੇ ਹੋਰ ਨੂੰ ਨਹੀਂ ਦਿੱਤਾ ਜਾ ਸਕਦਾ ਹੈ। ਅਕਾਲੀ ਦਲ ਦੇ ਬੁਲਾਰੇ ਨੇ ਦੱਸਿਆ ਕਿ ਬਹਿਬਲ ਕਲਾਂ ਕਾਂਡ ਦੇ ਗਵਾਹ ਦੀ ਮੌਤ ਦੇ ਮਾਮਲੇ ਦੀ ਪੜਤਾਲ ਸੀਬੀਆਈ ਤੋਂ ਕਰਾਉਣ ਦੀ ਮੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਵੱਲੋਂ ਇੱਕ ਮੰਤਰੀ ਅਤੇ ਇਲਾਕੇ ਦੇ ਕਾਂਗਰਸ ਵਿਧਾਇਕ ’ਤੇ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਮੁੱਦੇ ’ਤੇ ਪੀੜਤ ਪਰਿਵਾਰ ਨਾਲ ਰਲ ਕੇ ਜਮਹੂਰੀ ਤਰੀਕੇ ਨਾਲ ਲੜਾਈ ਲੜੇਗਾ। ਕੋਰ ਕਮੇਟੀ ਦੀ ਮੀਟਿੰਗ ਦੌਰਾਨ ਸੰਗਰੂਰ ਅਤੇ ਬਰਨਾਲਾ ਜ਼ਿਲ੍ਹਿਆਂ ਨਾਲ ਸਬੰਧਤ ਅਕਾਲੀਆਂ ਨੂੰ ਵਿਸ਼ੇਸ਼ ਤੌਰ ’ਤੇ ਬੁਲਾਇਆ ਗਿਆ ਸੀ ਅਤੇ 2 ਫਰਵਰੀ ਨੂੰ ਸੰਗਰੂਰ ਵਿੱਚ ਕੀਤੀ ਜਾਣ ਵਾਲੀ ਰੈਲੀ ਦੀ ਸਮੀਖਿਆ ਕੀਤੀ ਗਈ। ਪਾਰਟੀ ਵੱਲੋਂ 2 ਫਰਵਰੀ ਦੀ ਰੈਲੀ ਢੀਂਡਸਿਆਂ ਨੂੰ ਜਵਾਬ ਦੇਣ ਲਈ ਰੱਖੀ ਗਈ ਹੈ। ਮੀਟਿੰਗ ਵਿੱਚ ਬਲਵਿੰਦਰ ਸਿੰਘ ਭੂੰਦੜ, ਜਥੇਤਾਰ ਤੋਤਾ ਸਿੰਘ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਬਲਦੇਵ ਸਿੰਘ ਮਾਨ, ਗੁਲਜ਼ਾਰ ਸਿੰਘ ਰਣੀਕੇ ਅਤੇ ਹੋਰ ਆਗੂ ਵੀ ਸ਼ਾਮਲ ਸਨ।