ਅਮਰੀਕੀ ਕਮਿਸ਼ਨ ਅਤੇ ਹੋਰਾਂ ਦੀਆਂ ਟਿੱਪਣੀਆਂ ਗਲਤ: ਵਿਦੇਸ਼ ਮੰਤਰਾਲਾ
ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਅਤੇ ਕੁਝ ਆਗੂਆਂ ਵੱਲੋਂ ਕੌਮੀ ਰਾਜਧਾਨੀ ’ਚ ਹੋਈ ਹਿੰਸਾ ਬਾਰੇ ਕੀਤੀਆਂ ਗਈਆਂ ਟਿੱਪਣੀਆਂ ਨੂੰ ਭਾਰਤ ਨੇ ‘ਤੱਥਾਂ ਤੋਂ ਗਲਤ, ਗੁਮਰਾਹਕੁਨ’ ਅਤੇ ਮੁੱਦੇ ਦਾ ਸਿਆਸੀਕਰਨ ਕਰਨ ਦੀ ਕੋਸ਼ਿਸ਼ ਕਰਾਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਦਾ ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਕੌਮਾਂਤਰੀ ਧਾਰਮਿਕ ਆਜ਼ਾਦੀ ਬਾਰੇ ਅਮਰੀਕੀ ਕਮਿਸ਼ਨ ਨੇ ਦਿੱਲੀ ’ਚ ਹੋਈ ਹਿੰਸਾ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਭਾਰਤ ਸਰਕਾਰ ਨੂੰ ਕਿਹਾ ਸੀ ਕਿ ਉਹ ਹਰ ਧਰਮ ਦੇ ਲੋਕਾਂ ਨੂੰ ਸੁਰੱਖਿਆ ਮੁਹੱਈਆ ਕਰਵਾਏ। ਅਮਰੀਕੀ ਰਾਸ਼ਟਰਪਤੀ ਦੇ ਅਹੁਦੇ ਦੀ ਦੌੜ ’ਚ ਚੱਲ ਰਹੇ ਬਰਨੀ ਸੈਂਡਰਜ਼ ਅਤੇ ਕੁਝ ਹੋਰ ਅਮਰੀਕੀ ਕਾਨੂੰਨਸਾਜ਼ਾਂ ਨੇ ਵੀ ਦਿੱਲੀ ਦੇ ਕਈ ਇਲਾਕਿਆਂ ’ਚ ਝੜਪਾਂ ’ਤੇ ਚਿੰਤਾ ਜਤਾਈ ਹੈ। ਰਵੀਸ਼ ਕੁਮਾਰ ਨੇ ਕਿਹਾ ਕਿ ਸੁਰੱਖਿਆ ਏਜੰਸੀਆਂ ਹਿੰਸਾ ਰੋਕਣ ਅਤੇ ਹਾਲਾਤ ਸੁਖਾਵੇਂ ਬਣਾਉਣ ਦੀਆਂ ਕੋਸ਼ਿਸ਼ਾਂ ’ਚ ਜੁਟੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਵੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਕਾਇਮ ਰੱਖਣ ਦੀ ਲੋਕਾਂ ਨੂੰ ਅਪੀਲ ਕੀਤੀ ਹੈ।
ਸੰਯੁਕਤ ਰਾਸ਼ਟਰ: ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਉੱਤਰ-ਪੂਰਬੀ ਦਿੱਲੀ ’ਚ ਫਿਰਕੂ ਝੜਪਾਂ ਦੌਰਾਨ ਹੋਈਆਂ ਮੌਤਾਂ ’ਤੇ ਦੁੱਖ ਜਤਾਇਆ ਹੈ। ਉਨ੍ਹਾਂ ਦੇ ਤਰਜਮਾਨ ਸਟੀਫਨ ਡੁਜਾਰਿਕ ਨੇ ਕਿਹਾ ਕਿ ਗੁਟੇਰੇਜ਼ ਨੇ ਸੱਦਾ ਦਿੱਤਾ ਕਿ ਹਿੰਸਾ ਤੋਂ ਬਚਣ ਲਈ ਵੱਧ ਤੋਂ ਵੱਧ ਸੰਜਮ ਵਰਤਿਆ ਜਾਵੇ। ਡੁਜਾਰਿਕ ਤੋਂ ਸਵਾਲ ਪੁੱਛਿਆ ਗਿਆ ਸੀ ਕਿ ਕੀ ਸਕੱਤਰ ਜਨਰਲ ਨੇ ਦਿੱਲੀ ਦੇ ਕੁਝ ਹਿੱਸਿਆਂ ’ਚ ਦੰਗਿਆਂ ਬਾਰੇ ਕੋਈ ਪ੍ਰਤੀਕਰਮ ਦਿੱਤਾ ਹੈ ਅਤੇ ਕੀ ਉਨ੍ਹਾਂ ਇਸ ਬਾਰੇ ਭਾਰਤ ਸਰਕਾਰ ਨਾਲ ਗੱਲਬਾਤ ਕੀਤੀ ਹੈ ਜਾਂ ਨਹੀਂ। ਇਸ ਤੋਂ ਪਹਿਲਾਂ ਡੁਜਾਰਿਕ ਨੇ ਕਿਹਾ ਸੀ ਕਿ ਗੁਟੇਰੇਜ਼ ਦਿੱਲੀ ’ਚ ਹਾਲਾਤ ’ਤੇ ਨਜ਼ਰ ਰੱਖ ਰਹੇ ਹਨ ਅਤੇ ਉਨ੍ਹਾਂ ਕਿਹਾ ਸੀ ਕਿ ਸੋਧੇ ਹੋਏ ਨਾਗਰਿਕਤਾ ਕਾਨੂੰਨ ਖ਼ਿਲਾਫ਼ ਲੋਕਾਂ ਨੂੰ ਸ਼ਾਂਤੀ ਨਾਲ ਮੁਜ਼ਾਹਰੇ ਕਰਨ ਦੀ ਇਜਾਜ਼ਤ ਦਿੱਤੀ ਜਾਣੀ ਚਾਹੀਦੀ ਹੈ ਅਤੇ ਸੁਰੱਖਿਆ ਬਲ ਵੀ ਸੰਜਮ ਵਰਤਣ।