ਐੱਨਆਰਸੀ ਹਰ ਹਾਲ ਵਿੱਚ ਲਾਗੂ ਹੋਵੇਗੀ: ਖੱਟਰ

ਐੱਨਆਰਸੀ ਹਰ ਹਾਲ ਵਿੱਚ ਲਾਗੂ ਹੋਵੇਗੀ: ਖੱਟਰ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸਪੱਸ਼ਟ ਤੌਰ ’ਤੇ ਕਿਹਾ ਕਿ ਨਾਗਰਿਕਾਂ ਬਾਰੇ ਕੌਮੀ ਰਜਿਸਟਰ (ਐੱਨਆਰਸੀ) ਹਰ ਹਾਲ ਵਿੱਚ ਲਾਗੂ ਕੀਤਾ ਜਾਵੇਗਾ। ਉਹ ਅੱਜ ਇੱਥੇ ਨਾਗਰਿਕਤਾ ਸੋਧ ਕਾਨੂੰਨ ਅਤੇ ਅਤੇ ਐੱਨਆਰਸੀ ਬਾਰੇ ਭਾਜਪਾ ਵੱਲੋਂ ਪੂਰੇ ਦੇਸ਼ ’ਚ ਚਲਾਈ ਗਈ ਮੁਹਿੰਮ ਦੀ ਸ਼ੁਰੂਆਤ ਕਰਨ ਲਈ ਆਏ ਹੋਏ ਸਨ। ਮੁਹਿੰਮ ਦੀ ਰਸਮੀ ਸ਼ੁਰੂਆਤ ਕਰਨ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਖੱਟਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਖ਼ਾਸ ਕਰ ਕੇ ਕਾਂਗਰਸ, ਜਾਣ-ਬੁੱਝ ਕੇ ਇਨ੍ਹਾਂ ਕਾਨੂੰਨਾਂ ਬਾਰੇ ਮੁਸਲਮਾਨਾਂ ਵਿੱਚ ਭਰਮ ਪੈਦਾ ਕਰ ਰਹੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਕਾਨੂੰਨ ਨਾਗਰਿਕਤਾ ਦੇਣ ਲਈ ਬਣਾਏ ਗਏ ਹਨ ਨਾ ਕਿ ਕਿਸੇ ਦੀ ਨਾਗਰਿਕਤਾ ਖੋਹਣ ਲਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਇਨ੍ਹਾਂ ਕਾਨੂੰਨਾਂ ਬਾਰੇ ਆਪਾ ਵਿਰੋਧੀ ਬਿਆਨਾਂ ਬਾਰੇ ਪੁੱਛੇ ਜਾਣ ’ਤੇ ਸ੍ਰੀ ਖੱਟਰ ਨੇ ਕਿਹਾ ਕਿ ਐੱਨਆਰਸੀ ਬਾਰੇ ਅਜੇ ਕੋਈ ਅਮਲ ਸ਼ੁਰੂ ਨਹੀਂ ਹੋਇਆ ਹੈ। ਇਸੇ ਕਰ ਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਬਾਬਤ ਕੋਈ ਗੱਲਬਾਤ ਨਹੀਂ ਹੋਈ ਹੈ ਪਰ ਪ੍ਰਧਾਨ ਮੰਤਰੀ ਨੇ ਇਹ ਕਦੇ ਨਹੀਂ ਕਿਹਾ ਕਿ ਇਹ ਲਾਗੂ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਭਾਜਪਾ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਐੱਨਆਰਸੀ ਲਾਗੂ ਕਰਨ ਦਾ ਵਾਅਦਾ ਕੀਤਾ ਹੋਇਆ ਹੈ। ਲੋਕਾਂ ਨੂੰ ਐੱਨਆਰਸੀ ਤੋਂ ਨਾ ਘਬਰਾਉਣ ਲਈ ਆਖਦਿਆਂ ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਦਾ ਹੁਕਮ ਹੋਵੇਗਾ ਤਾਂ ਹਰਿਆਣਾ ਸਰਕਾਰ ਵੀ ਐੱਨਆਰਸੀ ਲਾਗੂ ਕਰੇਗੀ।
ਦੇਸ਼ ਦੇ 11 ਸੂਬਿਆਂ ਵੱਲੋਂ ਸੀਏਏ ਨੂੰ ਲਾਗੂ ਨਾ ਕਰਨ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆ ਸ੍ਰੀ ਖੱਟਰ ਨੇ ਕਿਹਾ ਕਿ ਸੰਸਦ ਨੇ ਬਹੁਮੱਤ ਨਾਲ ਇਸ ਕਾਨੂੰਨ ਨੂੰ ਪਾਸ ਕੀਤਾ ਹੈ। ਇਸ ਲਈ ਸਾਰਿਆਂ ਨੂੰ ਇਹ ਮੰਨਣਾ ਹੀ ਪਵੇਗਾ। ਉਨ੍ਹਾਂ ਦਾਅਵਾ ਕੀਤਾ ਕਿ ਜੰਮੂ ਕਸ਼ਮੀਰ ’ਚੋਂ ਧਾਰਾ 370 ਹਟਾਉਣ ਮਗਰੋਂ ਇਹ ਕਾਨੂੰਨ ਉਥੇ ਵੀ ਲਾਗੂ ਹੋਵੇਗਾ।

Radio Mirchi