ਕਣਕ ਦੇ ਸਮਰਥਨ ਮੁੱਲ ਦਾ ਵਾਧਾ ਕੈਪਟਨ ਵੱਲੋਂ ਰੱਦ
ਚੰਡੀਗੜ੍ਹ-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਭਾਅ ਵਿੱਚ 85 ਰੁਪਏ ਦੇ ਕੀਤੇ ਵਾਧੇ ਨੂੰ ਰੱਦ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਕਿਸਾਨੀ ਪਹਿਲਾਂ ਹੀ ਸੰਕਟ ਵਿੱਚੋਂ ਲੰਘ ਰਹੀ ਹੈ ਤੇ ਕੇਂਦਰ ਸਰਕਾਰ ਕਿਸਾਨਾਂ ਨੂੰ ਜਿਣਸਾਂ ਦੇ ਢੁਕਵੇਂ ਭਾਅ ਵੀ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਇਸ ਮਾਮੂਲੀ ਵਾਧੇ ਨਾਲ ਖੇਤੀ ਲਾਗਤਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੀ ਭਰਪਾਈ ਵੀ ਨਹੀਂ ਹੋਣੀ।
ਕੇਂਦਰ ਸਰਕਾਰ ਦੇ ਇਸ ਫ਼ੈਸਲੇ ਨੂੰ ਖਾਨਾਪੂਰਤੀ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਧੇ ਨਾਲ ਕਿਸਾਨਾਂ ਦੀਆਂ ਵੱਡੀਆਂ ਸਮੱਸਿਆਵਾਂ ਦਾ ਹੱਲ ਹੋਣਾ ਤਾਂ ਦੂਰ, ਇਸ ਨਾਲ ਸੰਕਟ ’ਚ ਡੁੱਬੀ ਕਿਸਾਨੀ ਨੂੰ ਅੰਤਰਿਮ ਰਾਹਤ ਮਿਲਣ ਦੀ ਵੀ ਕੋਈ ਉਮੀਦ ਨਜ਼ਰ ਨਹੀਂ ਆਉਂਦੀ। ਮੁੱਖ ਮੰਤਰੀ ਨੇ ਕੇਂਦਰ ਸਰਕਾਰ ਵੱਲੋਂ ਸੌ ਰੁਪਏ ਪ੍ਰਤੀ ਕੁਇੰਟਲ ਬੋਨਸ ਦਾ ਐਲਾਨ ਨਾ ਕਰਨ ’ਤੇ ਆਲੋਚਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਫ਼ਸਲ ਵੱਢਣ ਮਗਰੋਂ ਪਰਾਲੀ ਦਾ ਨਿਪਟਾਰਾ ਕਰਨ ਲਈ ਇਹ ਬੋਨਸ ਦੇਣ ਦੀ ਮੰਗ ਵਾਰ-ਵਾਰ ਉਠਾਈ ਸੀ, ਜਿਸ ਨੂੰ ਕੇਂਦਰ ਨੇ ਕੋਈ ਹੁੰਗਾਰਾ ਨਹੀਂ ਦਿੱਤਾ। ਇੱਥੋਂ ਪਤਾ ਲੱਗਦਾ ਹੈ ਕਿ ਮੋਦੀ ਸਰਕਾਰ ਕਿਸਾਨਾਂ ਦਾ ਭਲਾ ਕਰਨ ਲਈ ਸੰਜੀਦਾ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਣਕ ਦੇ ਭਾਅ ਵਿਚ ਕੀਤੇ ਤਾਜ਼ਾ ਵਾਧੇ ਨਾਲ ਸੂਬਾ ਸਰਕਾਰ ਵੱਲੋਂ ਕੀਤੀ ਗਈ ਮੰਗ ਦੀ ਪੂਰਤੀ ਨਹੀਂ ਕੀਤੀ ਗਈ। ਉਨ੍ਹਾਂ ਨੇ ਐੱਮਐੱਸ ਸਵਾਮੀਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਅਮਲ ਵਿਚ ਲਿਆਉਣ ਦੀ ਮੰਗ ਨੂੰ ਦੁਹਰਾਇਆ। ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਬਾਕੀ ਫ਼ਸਲਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ’ਤੇ ਖਰੀਦਣ ਨੂੰ ਯਕੀਨੀ ਬਣਾਉਣ ਵਿਚ ਵੀ ਨਾਕਾਮ ਸਿੱਧ ਹੋਈ ਹੈ। ਜੇ ਕੇਂਦਰ ਸਰਕਾਰ ਇਸ ਪਾਸੇ ਵੱਲ ਧਿਆਨ ਦੇਵੇ ਤਾਂ ਇਸ ਨਾਲ ਜਿੱਥੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫ਼ਸਲੀ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇਗਾ, ਉੱਥੇ ਹੀ ਕਿਸਾਨਾਂ ਦੀ ਆਮਦਨ ਵਿਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਕਰਜ਼ੇ ਦੇ ਬੋਝ ਥੱਲੇ ਦੱਬੇ ਕਿਸਾਨਾਂ ਦਾ ਇਕ ਵੀ ਪੈਸਾ ਮੁਆਫ਼ ਨਹੀਂ ਕੀਤਾ ਜਦਕਿ ਇਸ ਦੇ ਉਲਟ ਪੰਜਾਬ ਅਤੇ ਹੋਰ ਸੂਬਿਆਂ ਵਿਚ ਕਾਂਗਰਸ ਦੀ ਅਗਵਾਈ ਵਾਲੀਆਂ ਸਰਕਾਰਾਂ ਨੇ ਕਿਸਾਨੀ ਦੀ ਸਾਰ ਲਈ ਹੈ।