ਕਰਤਾਰਪੁਰ ਲਾਂਘਾ: ਉਦਘਾਟਨ ਦੀ ਤਰੀਕ ਤੈਅ ਨਹੀਂ
ਇਸਲਾਮਾਬਾਦ-ਪਾਕਿਸਤਾਨ ਨੇ ਵੀਰਵਾਰ ਨੂੰ ਕਿਹਾ ਕਿ ਸਿੱਖ ਸੰਗਤ ਵੱਲੋਂ ਬੇਸਬਰੀ ਨਾਲ ਉਡੀਕੇ ਜਾ ਰਹੇ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ਦੀ ਅਜੇ ਤੱਕ ਕੋਈ ਤਰੀਕ ਤੈਅ ਨਹੀਂ ਕੀਤੀ ਗਈ ਹੈ। ਉਂਜ ਉਨ੍ਹਾਂ ਭਰੋਸਾ ਦਿੱਤਾ ਹੈ ਕਿ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਇਹ ਸਮੇਂ ’ਤੇ ਖੋਲ੍ਹ ਦਿੱਤਾ ਜਾਵੇਗਾ। ਇਹ ਬਿਆਨ ਉਸ ਸਮੇਂ ਆਇਆ ਹੈ ਜਦੋਂ ਲਾਂਘੇ ਦੇ ਪ੍ਰਾਜੈਕਟ ਦੀ ਦੇਖ-ਰੇਖ ਕਰ ਰਹੇ ਸੀਨੀਅਰ ਅਧਿਕਾਰੀ ਨੇ ਮਹੀਨਾ ਕੁ ਪਹਿਲਾਂ ਐਲਾਨ ਕੀਤਾ ਸੀ ਕਿ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ 9 ਨਵੰਬਰ ਤੋਂ ਆਉਣ ਦੀ ਇਜਾਜ਼ਤ ਦਿੱਤੀ ਜਾਵੇਗੀ।
ਵਿਦੇਸ਼ ਦਫ਼ਤਰ ਦੇ ਤਰਜਮਾਨ ਮੁਹੰਮਦ ਫ਼ੈਸਲ ਨੇ ਇਥੇ ਹਫ਼ਤਾਵਾਰੀ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ,‘‘ਕਰਤਾਰਪੁਰ ਲਾਂਘੇ ਦਾ ਕੰਮ ਸਮੇਂ ’ਤੇ ਮੁਕੰਮਲ ਹੋ ਜਾਵੇਗਾ। ਇਸ ਦਾ ਉਦਘਾਟਨ ਸਮੇਂ ’ਤੇ ਹੋਵੇਗਾ ਪਰ ਇਸ ਦੀ ਕੋਈ ਤਰੀਕ ਨਹੀਂ ਦਿੱਤੀ ਜਾ ਸਕਦੀ ਕਿਉਂਕਿ ਲਾਂਘੇ ਨੂੰ ਖੋਲ੍ਹਣ ਦੀ ਤਰੀਕ ਅਜੇ ਤੱਕ ਤੈਅ ਨਹੀਂ ਕੀਤੀ ਗਈ ਹੈ।’’ ਉਸ ਨੇ ਭਰੋਸਾ ਦਿੱਤਾ ਕਿ ਲਾਂਘਾ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 12 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। ਵਿਦੇਸ਼ ਦਫ਼ਤਰ ਦੇ ਤਰਜਮਾਨ ਨੇ ਕਿਹਾ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਵੀ ਉਦਘਾਟਨੀ ਸਮਾਗਮ ਲਈ ਰਸਮੀ ਤੌਰ ’ਤੇ ਸੱਦਾ ਭੇਜਿਆ ਗਿਆ ਹੈ। ਉਸ ਨੇ ਕਿਹਾ ਕਿ ਪਾਕਿਸਤਾਨ ਕਸ਼ਮੀਰੀਆਂ ਦੀ ਆਵਾਜ਼ ਨੂੰ ਆਲਮੀ ਮੰਚਾਂ ’ਤੇ ਉਭਾਰਨਾ ਜਾਰੀ ਰੱਖੇਗਾ। ਜ਼ਿਕਰਯੋਗ ਹੈ ਕਿ ਲਾਹੌਰ ਤੋਂ 125 ਕਿਲੋਮੀਟਰ ਦੂਰ ਨਾਰੋਵਾਲ ’ਚ ਕਰਤਾਰਪੁਰ ਲਾਂਘੇ ਦੇ ਪ੍ਰਾਜੈਕਟ ਦਾ ਜਾਇਜ਼ਾ ਲੈਣ ਲਈ 16 ਸਤੰਬਰ ਨੂੰ ਪਾਕਿਸਤਾਨੀ ਅਤੇ ਵਿਦੇਸ਼ੀ ਪੱਤਰਕਾਰਾਂ ਦੇ ਆਏ ਵਫ਼ਦ ਨੂੰ ਪ੍ਰਾਜੈਕਟ ਡਾਇਰੈਕਟਰ ਆਤਿਫ਼ ਮਾਜਿਦ ਨੇ ਦੱਸਿਆ ਸੀ ਕਿ ਲਾਂਘੇ ਦਾ ਕੰਮ 86 ਫ਼ੀਸਦੀ ਮੁਕੰਮਲ ਹੋ ਚੁੱਕਾ ਹੈ ਅਤੇ ਇਹ ਸੰਗਤ ਲਈ 9 ਨਵੰਬਰ ਨੂੰ ਖੋਲ੍ਹ ਦਿੱਤਾ ਜਾਵੇਗਾ। ਪ੍ਰਸਤਾਵਿਤ ਲਾਂਘਾ ਕਰਤਾਰਪੁਰ ’ਚ ਗੁਰਦੁਆਰਾ ਦਰਬਾਰ ਸਾਹਿਬ ਨੂੰ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ’ਚ ਪੈਂਦੇ ਡੇਰਾ ਬਾਬਾ ਨਾਨਕ ਨਾਲ ਜੋੜੇਗਾ ਅਤੇ ਭਾਰਤੀ ਸ਼ਰਧਾਲੂਆਂ ਨੂੰ ਵੀਜ਼ਾ ਮੁਕਤ ਦਰਸ਼ਨਾਂ ਦੀ ਸਹੂਲਤ ਦਿੱਤੀ ਜਾਵੇਗੀ।
ਪਾਕਿਸਤਾਨ ਵੱਲੋਂ ਭਾਰਤੀ ਸਰਹੱਦ ਤੋਂ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਤੱਕ ਲਾਂਘੇ ਦੀ ਉਸਾਰੀ ਕੀਤੀ ਜਾ ਰਹੀ ਹੈ ਜਦਕਿ ਡੇਰਾ ਬਾਬਾ ਨਾਨਕ ਤੋਂ ਸਰਹੱਦ ਤੱਕ ਭਾਰਤ ਨਿਰਮਾਣ ਕਾਰਜ ਕਰਵਾ ਰਿਹਾ ਹੈ।